ਮੋਗਾ 7 ਜੁਲਾਈ (ਲਛਮਣ ਜੀਤ ਸਿੰਘ ਪੁਰਬਾ )ਮੋਗਾ ਪੁਲਿਸ ਨੇ ਨਸ਼ਾ ਤਸਕਰੀ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਇੱਕ ਕਿਲੋ ਹੈਰੋਇਨ ਬਰਾਮਦ ਕਰਕੇ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਡੀਐੱਸਪੀ (ਡੀ) ਗੁਰਪ੍ਰੀਤ ਸਿੰਘ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ।

ਡੀਐੱਸਪੀ (ਡੀ) ਗੁਰਪ੍ਰੀਤ ਸਿੰਘ ਨੇ ਦੱਸਿਆ ਕਿ CIA ਸਟਾਫ਼ ਮੋਗਾ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਧਰਮਕੋਟ ਦੇ ਪਿੰਡ ਠੂਠਗੜ੍ਹ ਦਾ ਰਹਿਣ ਵਾਲਾ ਗੁਰਜੀਤ ਸਿੰਘ ਉਰਫ਼ ਪੀਲੀ ਹੈਰੋਇਨ ਵੇਚਣ ਲਈ ਜਲੰਧਰ ਹਾਈਵੇ ਫਲਾਈਓਵਰ ਨੇੜੇ ਖੜ੍ਹਾ ਹੈ। ਸੂਚਨਾ ਦੇ ਆਧਾਰ ’ਤੇ ਪੁਲਿਸ ਨੇ ਛਾਪੇਮਾਰੀ ਕਰਕੇ ਮੁਲਜ਼ਮ ਨੂੰ ਕਾਬੂ ਕੀਤਾ ਅਤੇ ਉਸ ਦੇ ਬੈਗ ਵਿਚੋਂ ਇੱਕ ਕਿਲੋ ਹੈਰੋਇਨ ਬਰਾਮਦ ਕੀਤੀ।

ਪੁੱਛਗਿੱਛ ਦੌਰਾਨ ਮੁਲਜ਼ਮ ਦੀ ਨਿਸ਼ਾਨਦੇਹੀ ’ਤੇ ਫਿਰੋਜ਼ਪੁਰ ਜ਼ਿਲ੍ਹੇ ਦੇ ਸਾਜਨ ਕੁਮਾਰ ਅਤੇ ਰਮਨ ਸਿੰਘ ਉਰਫ਼ ਅਜੇ ਨੂੰ ਵੀ ਨਾਮਜ਼ਦ ਕਰਕੇ ਗ੍ਰਿਫ਼ਤਾਰ ਕਰ ਲਿਆ ਗਿਆ। ਤਿੰਨਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ।

ਡੀਐੱਸਪੀ (ਡੀ) ਗੁਰਪ੍ਰੀਤ ਸਿੰਘ ਨੇ 'ਇੰਟਰਨੈਸ਼ਨਲ ਪੰਜਾਬੀ ਨਿਊਜ਼' ਦੇ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਜਵਾਨੀ ਨੂੰ ਸੁਰੱਖਿਅਤ ਕਰਨ ਲਈ ਤਸਕਰਾਂ ਦੀ ਕਿਸੇ ਵੀ ਗਤੀਵਿਧੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।