ਕੋਟ ਈਸੇ ਖਾਂ, 17 ਅਗਸਤ (ਜਸ਼ਨ ) ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਮੁੱਖ ਬੁਲਾਰੇ ਅਤੇ ਸੀਨੀਅਰ ਮੀਤ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ ਨੇ ਵਿਦੇਸ਼ਾਂ ਦੀ ਧਰਤੀ ਉੱਤੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ-ਪਵਿੱਤਰ ਸਰੂਪਾਂ ਦੀ ਮਰਿਆਦਾ ਅਤੇ ਅਦਬ-ਸਤਿਕਾਰ ਨੂੰ ਲੈ ਕੇ ਗੰਭੀਰ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਨੂੰ ਲੈ ਕੇ ਜਾਣ, ਬਿਰਾਜਮਾਨ ਕਰਨ ਅਤੇ ਪ੍ਰਕਾਸ਼ ਕਰਨ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਪੱਸ਼ਟ ਤੇ ਠੋਸ ਆਦੇਸ਼/ਹੁਕਮਨਾਮਾ ਜਾਰੀ ਹੋਣਾ ਚਾਹੀਦਾ ਹੈ, ਜਿਸ ਉੱਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੇਤ ਸਮੁੱਚੀਆਂ ਪੰਥਕ ਜਥੇਬੰਦੀਆਂ ਨੂੰ ਪੂਰਨ ਤੌਰ ’ਤੇ ਅਮਲ ਕਰਨਾ ਚਾਹੀਦਾ ਹੈ। ਮੀਡੀਆ ਨੂੰ ਜਾਰੀ ਇੱਕ ਬਿਆਨ ਵਿੱਚ ਸਰਦਾਰ ਕਰਨੈਲ ਸਿੰਘ ਪੀਰ ਮੁਹੰਮਦ ਨੇ ਆਖਿਆ, ਜਿਸ ਪੂਰਨ ਸ਼ਰਧਾ, ਅਦਬ ਅਤੇ ਮਰਿਆਦਾ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਦਰ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ ਜਾਂਦਾ ਹੈ, ਉਸੇ ਤਰ੍ਹਾਂ ਦੁਨੀਆਂ ਦੇ ਕੋਨੇ-ਕੋਨੇ ਅੰਦਰ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪੂਰਨ ਅਦਬ-ਸਤਿਕਾਰ ਕਾਇਮ ਰਹਿਣਾ ਚਾਹੀਦਾ ਹੈ। ਮਰਿਆਦਾ ਨਾਲ ਕੋਈ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕੈਨੇਡਾ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਰਿਆਦਾ ਦੀ ਉਲੰਘਣਾ ਦੇ ਮੁੱਦੇ ਉੱਤੇ ਰੋਸ ਪ੍ਰਗਟਾ ਰਹੇ ਸਿੱਖ ਆਗੂਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਕਨੇਡਾ ਦੇ ਮੁੱਖ ਬੁਲਾਰੇ ਭਾਈ ਕੁਲਦੀਪ ਸਿੰਘ ਖਾਲਸਾ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਮਰਿਆਦਾ ਦੀ ਬਹਾਲੀ ਲਈ ਜੋ ਰੋਸ ਪ੍ਰਗਟਾਵਾ ਕੀਤਾ ਜਾ ਰਿਹਾ ਹੈ ਅਤੇ ਜੋ ਉਪਰਾਲੇ ਕੀਤੇ ਜਾ ਰਹੇ ਹਨ, ਉਹ ਬੇਹੱਦ ਸ਼ਲਾਘਾਯੋਗ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਸਮੁੱਚੀਆਂ ਪੰਥਕ ਧਿਰਾਂ ਇਕਜੁੱਟ ਹੋ ਕੇ ਗੁਰੂ ਸਾਹਿਬ ਦੇ ਅਦਬ-ਸਤਿਕਾਰ ਨੂੰ ਬਹਾਲ ਰੱਖਣ ਲਈ ਠੋਸ ਨੀਤੀ ਉੱਤੇ ਅਮਲ ਕਰਨਗੀਆਂ।
ਖ਼ਬਰਾਂ
ਵਿਦੇਸ਼ਾਂ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਨੂੰ ਲੈ ਕੇ ਜਾਣ, ਬਿਰਾਜਮਾਨ ਕਰਨ ਅਤੇ ਪ੍ਰਕਾਸ਼ ਕਰਨ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਪੱਸ਼ਟ ਤੇ ਠੋਸ ਹੁਕਮਨਾਮਾ ਜਾਰੀ ਹੋਣਾ ਚਾਹੀਦੈ : ਕਰਨੈਲ ਸਿੰਘ ਪੀਰ ਮੁਹੰਮਦ
* ਮਰਿਆਦਾ ਨਾਲ ਕੋਈ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ
19 ਅਗਸਤ 2026·

ਅInternational Punjabi News
ਇਹ ਖ਼ਬਰ ਸਾਂਝੀ ਕਰੋ:



