ਮੋਗਾ, 27 ਸਤੰਬਰ (ਜਸ਼ਨ ) ਪੰਜਾਬ ਵਿਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰਾਈ ਵਾਲੀ ਸੋਧ (ਐਸ.ਆਈ.ਆਰ) ਦੀ ਪ੍ਰਕਿਰਿਆ ਨੂੰ ਲੈ ਕੇ ਸਿਆਸੀ ਮਾਹੌਲ ਗਰਮਾ ਗਿਆ ਹੈ। ਇਸੇ ਮੁੱਦੇ ਨੂੰ ਲੈ ਕੇ ਪੰਜਾਬ ਕਾਂਗਰਸ ਵੱਲੋਂ ਬੀਤੇ ਦਿਨ ਚੰਡੀਗੜ੍ਹ ਦੇ ਸੈਕਟਰ-17 ਵਿਖੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਸਬੰਧ ਵਿਚ ਵਿਧਾਨ ਸਭਾ ਹਲਕਾ ਮੋਗਾ ਤੋਂ ਕਾਂਗਰਸ ਦੀ ਇੰਚਾਰਜ ਮਾਲਵਿਕਾ ਸੂਦ ਵੱਲੋਂ ਵੋਟਰ ਸੂਚੀਆਂ ਦੀ ਸੋਧ ਦੀ ਪ੍ਰਕਿਰਿਆ ਵਿਚ ਪਾਰਦਰਸ਼ਤਾ ਅਤੇ ਯੋਗ ਵੋਟਰਾਂ ਦੇ ਵੋਟ ਦੇ ਹੱਕ ਨੂੰ ਯਕੀਨੀ ਬਣਾਉਣ ਦੀ ਮੰਗ ਕੀਤੀ ਗਈ। ਗੱਲਬਾਤ ਕਰਦਿਆਂ ਮਾਲਵਿਕਾ ਸੂਦ ਨੇ ਕਿਹਾ ਕਿ ਵੋਟਰ ਸੂਚੀਆਂ ਵਿਚ ਹੋ ਰਹੀ ਕਥਿਤ ਛੇੜਛਾੜ ਸਿੱਧੇ ਤੌਰ ’ਤੇ ਲੋਕਤੰਤਰ ਨਾਲ ਜੁੜਿਆ ਗੰਭੀਰ ਮਾਮਲਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਇੰਚਾਰਜ ਸਚਿਨ ਪਾਇਲਟ ਅਤੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੰਜਾਬ ਕਾਂਗਰਸ ਵੱਲੋਂ ਨਾਗਰਿਕਾਂ ਦੇ ਵੋਟ ਦੇ ਸੰਵਿਧਾਨਕ ਹੱਕ ਦੀ ਰਾਖੀ ਲਈ ਆਵਾਜ਼ ਉਠਾਈ ਜਾ ਰਹੀ ਹੈ। ਮਾਲਵਿਕਾ ਸੂਦ ਨੇ ਕਿਹਾ ਕਿ ਵੋਟ ਪਾਉਣਾ ਕਿਸੇ ਦੀ ਖੈਰਾਤ ਨਹੀਂ, ਸਗੋਂ ਭਾਰਤ ਦੇ ਸੰਵਿਧਾਨ ਵੱਲੋਂ ਯੋਗ ਨਾਗਰਿਕਾਂ ਨੂੰ ਦਿੱਤਾ ਗਿਆ ਅਧਿਕਾਰ ਹੈ। ਉਨ੍ਹਾਂ ਕਿਹਾ ਕਿ ਇਸ ਅਧਿਕਾਰ ਨੂੰ ਪ੍ਰਭਾਵਿਤ ਕਰਨ ਵਾਲੀ ਕਿਸੇ ਵੀ ਕਾਰਵਾਈ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦੋਸ਼ ਲਗਾਇਆ ਕਿ ਕੇਂਦਰ ਦੀ ਭਾਜਪਾ ਸਰਕਾਰ ਦੇ ਇਸ਼ਾਰੇ ’ਤੇ ਚੋਣ ਕਮਿਸ਼ਨ ਵਰਗੀ ਸੰਵਿਧਾਨਕ ਸੰਸਥਾ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ ਅਤੇ ਤਕਨੀਕੀ ਕਾਰਨਾਂ ਦਾ ਹਵਾਲਾ ਦੇ ਕੇ ਵੱਡੀ ਗਿਣਤੀ ਵਿੱਚ ਯੋਗ ਵੋਟਰਾਂ ਦੇ ਨਾਮ ਵੋਟਰ ਸੂਚੀਆਂ ਵਿੱਚੋਂ ਹਟਾਏ ਜਾਣ ਦਾ ਖਦਸ਼ਾ ਪੈਦਾ ਹੋਇਆ ਹੈ। ਇਹ ਦੋਸ਼ ਕਾਂਗਰਸ ਵੱਲੋਂ ਲਗਾਏ ਗਏ ਹਨ, ਜਦਕਿ ਚੋਣ ਕਮਿਸ਼ਨ ਨੇ ਵੋਟਰ ਸੂਚੀਆਂ ਦੀ ਸੋਧ ਦੀ ਪ੍ਰਕਿਰਿਆ ਨੂੰ ਨਿਰਧਾਰਤ ਕਾਨੂੰਨੀ ਪ੍ਰਬੰਧਾਂ ਤਹਿਤ ਚਲਾਇਆ ਜਾ ਰਿਹਾ ਅਭਿਆਸ ਦੱਸਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੋਧ ਦੀ ਪ੍ਰਕਿਰਿਆ ਨੂੰ ਪੰਜਾਬ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੱਕ ਮੁਲਤਵੀ ਕਰਨ ਦੀ ਮੰਗ ਕੀਤੀ ਗਈ ਹੈ। ਕਾਂਗਰਸ ਦੀ ਮੰਗ ਹੈ ਕਿ ਅਗਾਮੀ ਵਿਧਾਨ ਸਭਾ ਚੋਣਾਂ ਮੌਜੂਦਾ ਵੋਟਰ ਸੂਚੀਆਂ ਦੇ ਆਧਾਰ ’ਤੇ ਕਰਵਾਈਆਂ ਜਾਣ ਅਤੇ ਯੋਗ ਵੋਟਰਾਂ ਦੇ ਨਾਮ ਬਿਨਾਂ ਉਚਿਤ ਤਸਦੀਕ ਅਤੇ ਮੌਕਾ ਦਿੱਤੇ ਨਾ ਹਟਾਏ ਜਾਣ। ਮਾਲਵਿਕਾ ਸੂਦ ਨੇ ਕਿਹਾ ਕਿ ਲੋਕਤੰਤਰ ਦੀ ਮਜ਼ਬੂਤੀ ਲਈ ਇਹ ਜ਼ਰੂਰੀ ਹੈ ਕਿ ਹਰ ਯੋਗ ਨਾਗਰਿਕ ਆਪਣੇ ਵੋਟ ਦੇ ਹੱਕ ਦੀ ਵਰਤੋਂ ਕਰ ਸਕੇ। ਉਨ੍ਹਾਂ ਕਿਹਾ ਕਿ ਵੋਟਰ ਸੂਚੀਆਂ ਵਿਚ ਕਿਸੇ ਵੀ ਤਰ੍ਹਾਂ ਦੀ ਤਬਦੀਲੀ ਸਬੰਧੀ ਪੂਰੀ ਪਾਰਦਰਸ਼ਤਾ ਰੱਖੀ ਜਾਣੀ ਚਾਹੀਦੀ ਹੈ ਅਤੇ ਆਮ ਲੋਕਾਂ ਨੂੰ ਆਪਣੇ ਨਾਮ ਅਤੇ ਵੇਰਵਿਆਂ ਦੀ ਜਾਂਚ ਕਰਨ ਲਈ ਸਪੱਸ਼ਟ ਪ੍ਰਕਿਰਿਆ ਮੁਹੱਈਆ ਕਰਵਾਈ ਜਾਣੀ ਚਾਹੀਦੀ ਹੈ।
ਖ਼ਬਰਾਂ
ਕੇਂਦਰ ਦੀ ਭਾਜਪਾ ਸਰਕਾਰ ਦੇ ਇਸ਼ਾਰੇ ’ਤੇ ਚੋਣ ਕਮਿਸ਼ਨ ਵਰਗੀ ਸੰਵਿਧਾਨਕ ਸੰਸਥਾ ਦੀ ਦੁਰਵਰਤੋਂ ਕੀਤੀ ਜਾ ਰਹੀ : ਮਾਲਵਿਕਾ ਸੂਦ
* ਕਿਹਾ : ਵੋਟ ਦਾ ਹੱਕ ਕਿਸੇ ਕੀਮਤ ’ਤੇ ਖੋਹਣ ਨਹੀਂ ਦਿੱਤਾ ਜਾਵੇਗਾ
28 ਸਤੰਬਰ 2026·

ਅInternational Punjabi News
ਇਹ ਖ਼ਬਰ ਸਾਂਝੀ ਕਰੋ:



