ਮੋਗਾ, 7 ਨਵੰਬਰ (ਜਸ਼ਨ )ਨੌਜਵਾਨ ਕਾਂਗਰਸੀ ਆਗੂ ਅਤੇ ਸਾਬਕਾ ਚੇਅਰਮੈਨ ਪਰਮਪਾਲ ਸਿੰਘ ਤਖਤੂਪੁਰਾ ਦੀ ਅਗਵਾਈ ਹੇਠ ਹਲਕਾ ਮੋਗਾ ਤੋਂ ਬੱਸਾਂ ਅਤੇ ਗੱਡੀਆਂ ਵਿਚ ਸਵਾਰ ਹੋ ਕੇ ਲੋਕਾਂ ਦਾ ਵਿਸ਼ਾਲ ਕਾਫ਼ਲਾ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਸ਼੍ਰੀ ਰਾਹੁਲ ਗਾਂਧੀ ਦੀ ਅਗਵਾਈ ਹੇਠ ਸੰਗਰੂਰ ਵਿਖੇ ਹੋਈ ਵਿਸ਼ਾਲ ਇਨਸਾਫ਼ ਰੈਲੀ ਵਿੱਚ ਸ਼ਮੂਲੀਅਤ ਕਰਨ ਲਈ ਪਹੁੰਚਿਆ। ਇਸ ਕਾਫ਼ਲੇ ਵਿੱਚ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂਆਂ, ਵਰਕਰਾਂ ਅਤੇ ਸਮਰਥਕਾਂ ਨੇ ਸ਼ਿਰਕਤ ਕੀਤੀ। ਪਰਮਪਾਲ ਸਿੰਘ ਤਖਤੂਪੁਰਾ ਨੇ "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਨੁਮਾਇੰਦੇ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਰੈਲੀ ਵਿੱਚ ਮੋਗਾ ਹਲਕੇ ਦੇ ਲੋਕਾਂ ਅਤੇ ਕਾਂਗਰਸੀ ਵਰਕਰਾਂ ਦੀ ਵੱਡੀ ਸ਼ਮੂਲੀਅਤ ਇਸ ਗੱਲ ਦਾ ਪ੍ਰਗਟਾਵਾ ਹੈ ਕਿ ਪੰਜਾਬ ਦੇ ਲੋਕ ਇਨਸਾਫ਼, ਲੋਕਤੰਤਰ ਅਤੇ ਆਪਣੇ ਹੱਕਾਂ ਦੀ ਰਾਖੀ ਲਈ ਕਾਂਗਰਸ ਪਾਰਟੀ ਨਾਲ ਖੜ੍ਹੇ ਹਨ।

ਇਸ ਮੌਕੇ ਤਖਤੂਪੁਰਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖੇ ਨਿਸ਼ਾਨੇ ਲਾਉਂਦਿਆਂ ਕਿਹਾ ਕਿ ‘ਆਪ’ ਨੇ ਪੰਜਾਬ ਦੇ ਲੋਕਾਂ ਨੂੰ ਬਦਲਾਅ ਦੇ ਵੱਡੇ-ਵੱਡੇ ਸੁਪਨੇ ਦਿਖਾ ਕੇ ਸੱਤਾ ਹਾਸਿਲ ਕੀਤੀ ਸੀ, ਪਰ ਅੱਜ ਉਹੀ ਸਰਕਾਰ ਲੋਕਾਂ ਦੀਆਂ ਉਮੀਦਾਂ ’ਤੇ ਖਰੀ ਉਤਰਨ ਵਿੱਚ ਪੂਰੀ ਤਰ੍ਹਾਂ ਨਾਕਾਮ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਨਾ ਤਾਂ ਨਸ਼ਿਆਂ ਤੋਂ ਰਾਹਤ ਮਿਲੀ ਹੈ ਅਤੇ ਨਾ ਹੀ ਅਮਨ-ਕਾਨੂੰਨ ਦੀ ਸਥਿਤੀ ਵਿੱਚ ਕੋਈ ਸੁਧਾਰ ਹੋਇਆ ਹੈ। ਸਰਕਾਰ ਲੋਕਾਂ ਦੀਆਂ ਅਸਲ ਸਮੱਸਿਆਵਾਂ ਹੱਲ ਕਰਨ ਦੀ ਬਜਾਏ ਇਸ਼ਤਿਹਾਰਬਾਜ਼ੀ ਅਤੇ ਸਿਆਸੀ ਬਿਆਨਬਾਜ਼ੀ ਰਾਹੀਂ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਲੁੱਟਣ ਅਤੇ ਡਰਾਉਣ-ਧਮਕਾਉਣ ਦੀ ਰਾਜਨੀਤੀ ਨਾਲ ਪੰਜਾਬ ਦਾ ਭਲਾ ਨਹੀਂ ਹੋ ਸਕਦਾ। ਉਹਨਾਂ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਮੋਹਨਜੀਤ ਸਿੰਘ ਸ਼ੇਰੋਂ, ਗੁਲਜ਼ਾਰ ਸਿੰਘ ਅਤੇ ਪਰਵਿੰਦਰ ਸਿੰਘ ਝੋਟਾ ਦੀਆਂ ਘਟਨਾਵਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹ ਮਾਮਲੇ ਪੰਜਾਬ ਵਿੱਚ ਨਸ਼ਿਆਂ ਅਤੇ ਕਾਨੂੰਨ ਵਿਵਸਥਾ ਦੀ ਗੰਭੀਰ ਸਥਿਤੀ ਨੂੰ ਉਜਾਗਰ ਕਰਦੇ ਹਨ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਨੇ ਨਸ਼ਿਆਂ ਵਿਰੁੱਧ ਡਟ ਕੇ ਆਵਾਜ਼ ਉਠਾਈ ਸੀ, ਪਰ ਉਸ ਦਾ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕ ਹੀ ਸੁਰੱਖਿਅਤ ਨਹੀਂ ਹਨ ਤਾਂ ਆਮ ਪੰਜਾਬੀ ਸਰਕਾਰ ਤੋਂ ਇਨਸਾਫ਼ ਦੀ ਉਮੀਦ ਕਿਵੇਂ ਰੱਖ ਸਕਦੇ ਹਨ? ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਨ ਵਾਲੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ।
ਉਹਨਾਂ ਕਿਹਾ ਕਿ ਇਹ ਬੇਹੱਦ ਗੰਭੀਰ ਮਾਮਲਾ ਹੈ ਅਤੇ ਇਸ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ ਤਾਂ ਜੋ ਸੱਚਾਈ ਸਾਹਮਣੇ ਆ ਸਕੇ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਮਿਲ ਸਕੇ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਨ੍ਹਾਂ ਮਾਮਲਿਆਂ ਤੋਂ ਪੱਲਾ ਝਾੜਨ ਦੀ ਬਜਾਏ ਜਵਾਬਦੇਹੀ ਤੈਅ ਕਰਨੀ ਚਾਹੀਦੀ ਹੈ।
ਉਨ੍ਹਾਂ ਅੱਗੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਪੰਜਾਬ ਦੇ ਲੋਕਾਂ ਦੇ ਹੱਕਾਂ, ਸੂਬੇ ਦੀ ਤਰੱਕੀ ਅਤੇ ਨੌਜਵਾਨਾਂ ਦੇ ਬਿਹਤਰ ਭਵਿੱਖ ਲਈ ਸੰਘਰਸ਼ ਕਰਦੀ ਰਹੀ ਹੈ ਅਤੇ ਅੱਗੇ ਵੀ ਕਰਦੀ ਰਹੇਗੀ।
ਉਹਨਾਂ ਵਿਸ਼ਵਾਸ ਜ਼ਾਹਰ ਕੀਤਾ ਕਿ ਸਾਲ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਭਾਰੀ ਬਹੁਮਤ ਨਾਲ ਜਿੱਤ ਦਰਜ ਕਰਕੇ ਸਰਕਾਰ ਬਣਾਏਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਬਦਲਾਅ ਦੇ ਨਾਂ ’ਤੇ ਕੀਤੇ ਗਏ ਝੂਠੇ ਵਾਅਦਿਆਂ ਦੀ ਅਸਲੀਅਤ ਸਮਝ ਚੁੱਕੇ ਹਨ ਅਤੇ ਸੂਬੇ ਨੂੰ ਮੁੜ ਵਿਕਾਸ, ਰੁਜ਼ਗਾਰ, ਅਮਨ-ਕਾਨੂੰਨ ਅਤੇ ਖੁਸ਼ਹਾਲੀ ਦੇ ਰਾਹ ’ਤੇ ਲਿਜਾਣ ਲਈ ਕਾਂਗਰਸ ਵੱਲ ਉਮੀਦ ਨਾਲ ਦੇਖ ਰਹੇ ਹਨ। ਉਨ੍ਹਾਂ ਮੋਗਾ ਤੋਂ ਵੱਡੀ ਗਿਣਤੀ ਵਿੱਚ ਰੈਲੀ ਵਿੱਚ ਪਹੁੰਚੇ ਸਾਰੇ ਆਗੂਆਂ, ਵਰਕਰਾਂ ਅਤੇ ਸਮਰਥਕਾਂ ਦਾ ਧੰਨਵਾਦ ਵੀ ਕੀਤਾ।