25 ਅਕਤੂਬਰ 2026, ਮੋਹਾਲੀ(ਜਸ਼ਨ )
ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਗੁਰਦੁਆਰਾ ਅੰਬ ਸਾਹਿਬ, ਫੇਜ਼-8, ਮੋਹਾਲੀ ਤੋਂ ਸ਼ੁਰੂ ਹੋ ਕੇ ਫੇਜ਼-7 ਤੱਕ ਸਵ. ਪਰਵਿੰਦਰ ਸਿੰਘ ਝੋਟਾ, ਸਵ. ਗੁਲਜ਼ਾਰ ਸਿੰਘ ਅਤੇ ਨਸ਼ਿਆਂ ਕਾਰਨ ਵਿਛੜੀਆਂ ਹੋਰ ਰੂਹਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਅਤੇ ਨਸ਼ਾ ਮੁਕਤ ਪੰਜਾਬ ਦੀ ਆਵਾਜ਼ ਬੁਲੰਦ ਕਰਨ ਲਈ ਵਿਸ਼ਾਲ ਕੈਂਡਲ ਰੋਸ ਮਾਰਚ ਕੱਢਿਆ ਗਿਆ ਅਤੇ ਝਾੜੂ ਖਿਲਾਰ ਕੇ ਰੋਸ ਪ੍ਰਦਰਸ਼ਨ ਕੀਤਾ।

ਇਸ ਪ੍ਰਦਰਸ਼ਨ ਵਿੱਚ ਕਾਂਗਰਸ ਦੇ ਸੂਬਾ ਪ੍ਰਧਾਨ ਸ. ਪਰਗਟ ਸਿੰਘ ਅਤੇ ਫ਼ਰੀਦਕੋਟ ਤੋਂ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਜੀ ਨੇ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ।

ਇਸ ਮੌਕੇ ਹਾਜ਼ਰ ਲੋਕਾਂ ਨੇ ਮੋਮਬੱਤੀਆਂ ਜਗਾ ਕੇ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਅਤੇ ਪੰਜਾਬ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਇਕਜੁੱਟ ਹੋ ਕੇ ਸੰਘਰਸ਼ ਕਰਨ ਦਾ ਸੰਦੇਸ਼ ਦਿੱਤਾ।

ਸ. ਪਰਗਟ ਸਿੰਘ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦਾ ਕਹਿਰ ਲਗਾਤਾਰ ਪਰਿਵਾਰਾਂ ਨੂੰ ਉਜਾੜ ਰਿਹਾ ਹੈ, ਪਰ ਸਰਕਾਰ ਦੇ ਨਸ਼ਾ ਖ਼ਤਮ ਕਰਨ ਦੇ ਦਾਅਵੇ ਜ਼ਮੀਨੀ ਹਕੀਕਤ ਦੇ ਸਾਹਮਣੇ ਖੋਖਲੇ ਸਾਬਤ ਹੋ ਰਹੇ ਹਨ।

ਉਨ੍ਹਾਂ ਕਿਹਾ ਕਿ ਸਵ. ਪਰਵਿੰਦਰ ਸਿੰਘ ਝੋਟਾ, ਸਵ. ਗੁਲਜ਼ਾਰ ਸਿੰਘ ਅਤੇ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਹੋਰ ਵਿਛੜੇ ਸਾਥੀਆਂ ਦੀ ਯਾਦ ਸਿਰਫ਼ ਸ਼ਰਧਾਂਜਲੀ ਤੱਕ ਸੀਮਤ ਨਹੀਂ ਰਹਿਣੀ ਚਾਹੀਦੀ, ਸਗੋਂ ਇਹ ਸਰਕਾਰ ਨੂੰ ਉਸ ਦੀ ਜ਼ਿੰਮੇਵਾਰੀ ਦਾ ਅਹਿਸਾਸ ਕਰਵਾਉਣ ਵਾਲੀ ਆਵਾਜ਼ ਬਣਨੀ ਚਾਹੀਦੀ ਹੈ। ਜਿਹੜੀ ਸਰਕਾਰ ਨਸ਼ਾ ਖ਼ਤਮ ਕਰਨ ਦੇ ਵੱਡੇ-ਵੱਡੇ ਵਾਅਦੇ ਕਰਕੇ ਸੱਤਾ ਵਿੱਚ ਆਈ ਸੀ, ਉਸ ਨੂੰ ਅੱਜ ਪੰਜਾਬ ਦੇ ਲੋਕਾਂ ਨੂੰ ਦੱਸਣਾ ਚਾਹੀਦਾ ਹੈ ਕਿ ਨਸ਼ਿਆਂ ਦੀ ਸਪਲਾਈ ਰੋਕਣ ਅਤੇ ਨੌਜਵਾਨਾਂ ਦੀਆਂ ਜਾਨਾਂ ਬਚਾਉਣ ਲਈ ਅਸਲ ਵਿੱਚ ਕੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਨਾਕਾਮੀ ਦਾ ਖ਼ਮਿਆਜ਼ਾ ਪੰਜਾਬ ਦੇ ਮਾਪਿਆਂ ਅਤੇ ਨੌਜਵਾਨਾਂ ਨੂੰ ਨਹੀਂ ਭੁਗਤਣਾ ਚਾਹੀਦਾ। ਹੁਣ ਸਮਾਂ ਆ ਗਿਆ ਹੈ ਕਿ ਸਿਰਫ਼ ਬਿਆਨਾਂ ਅਤੇ ਪ੍ਰਚਾਰ ਦੀ ਥਾਂ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ, ਜਵਾਬਦੇਹੀ ਤੈਅ ਹੋਵੇ ਅਤੇ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਠੋਸ ਕਦਮ ਚੁੱਕੇ ਜਾਣ।

ਇਸ ਮੌਕੇ ਸੰਬੋਧਨ ਕਰਦਿਆਂ ਸ. ਸਿੱਧੂ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਕਿਸੇ ਇੱਕ ਵਿਅਕਤੀ, ਸਿਆਸੀ ਪਾਰਟੀ ਜਾਂ ਸੰਸਥਾ ਦੀ ਲੜਾਈ ਨਹੀਂ, ਸਗੋਂ ਸਮੁੱਚੇ ਪੰਜਾਬ ਦੀ ਸਾਂਝੀ ਲੜਾਈ ਹੈ। ਇਸ ਲਈ ਸਰਕਾਰ, ਪ੍ਰਸ਼ਾਸਨ, ਸਮਾਜਿਕ ਜਥੇਬੰਦੀਆਂ ਅਤੇ ਆਮ ਲੋਕਾਂ ਨੂੰ ਮਿਲ ਕੇ ਕੰਮ ਕਰਨ ਦੀ ਲੋੜ ਹੈ। ਨਸ਼ਿਆਂ ਦੀ ਸਪਲਾਈ ਕਰਨ ਵਾਲੇ ਤਸਕਰਾਂ ਅਤੇ ਇਸ ਗੈਰ-ਕਾਨੂੰਨੀ ਕਾਰੋਬਾਰ ਨਾਲ ਜੁੜੇ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਨਾਲ ਹੀ ਨਸ਼ਿਆਂ ਦੀ ਲਤ ਦਾ ਸ਼ਿਕਾਰ ਹੋਏ ਨੌਜਵਾਨਾਂ ਨੂੰ ਸਹੀ ਇਲਾਜ, ਕਾਊਂਸਲਿੰਗ ਅਤੇ ਮੁੜ ਵਸੇਬੇ ਦੀਆਂ ਸਹੂਲਤਾਂ ਦੇ ਕੇ ਸਮਾਜ ਦੀ ਮੁੱਖ ਧਾਰਾ ਨਾਲ ਜੋੜਿਆ ਜਾਣਾ ਚਾਹੀਦਾ ਹੈ।

ਉਨ੍ਹਾਂ ਅੱਗੇ ਕਿਹਾ ਕਿ ਨਸ਼ਿਆਂ ਦੇ ਮੁੱਦੇ ’ਤੇ ਸਿਰਫ਼ ਨਾਅਰੇ ਲਗਾਉਣ ਜਾਂ ਮੁਹਿੰਮਾਂ ਚਲਾਉਣ ਨਾਲ ਸਮੱਸਿਆ ਦਾ ਹੱਲ ਨਹੀਂ ਹੋ ਸਕਦਾ। ਇਸ ਲਈ ਜ਼ਮੀਨੀ ਪੱਧਰ ’ਤੇ ਲਗਾਤਾਰ ਅਤੇ ਪ੍ਰਭਾਵਸ਼ਾਲੀ ਕਾਰਵਾਈ ਦੀ ਲੋੜ ਹੈ। ਪੰਜਾਬ ਦੇ ਮਾਪਿਆਂ ਨੂੰ ਆਪਣੇ ਬੱਚਿਆਂ ਦੇ ਭਵਿੱਖ ਦੀ ਚਿੰਤਾ ਹੈ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਖੇਡਾਂ, ਸਿੱਖਿਆ, ਰੁਜ਼ਗਾਰ ਅਤੇ ਸਿਹਤਮੰਦ ਸਮਾਜਿਕ ਮਾਹੌਲ ਰਾਹੀਂ ਨੌਜਵਾਨਾਂ ਨੂੰ ਸਹੀ ਦਿਸ਼ਾ ਦੇਣਾ ਬਹੁਤ ਜ਼ਰੂਰੀ ਹੈ।

ਕੈਂਡਲ ਮਾਰਚ ਰਾਹੀਂ ਸਮਾਜ ਨੂੰ ਇਹ ਸੰਦੇਸ਼ ਦਿੱਤਾ ਗਿਆ ਕਿ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨਾ ਅਤੇ ਨਸ਼ਾ ਪੀੜਤ ਪਰਿਵਾਰਾਂ ਦੇ ਦੁੱਖ ਵਿੱਚ ਸ਼ਰੀਕ ਹੋਣਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਇਸ ਮੌਕੇ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਲੋਕਾਂ ਨੂੰ ਅੱਗੇ ਆਉਣ ਦੀ ਅਪੀਲ ਕੀਤੀ ਗਈ। ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਬਚਾਉਣ ਅਤੇ ਹਰ ਘਰ ਵਿੱਚ ਖ਼ੁਸ਼ਹਾਲੀ ਵਾਪਸ ਲਿਆਉਣ ਲਈ ਨਸ਼ਿਆਂ ਵਿਰੁੱਧ ਸੰਘਰਸ਼ ਲਗਾਤਾਰ ਜਾਰੀ ਰਹਿਣਾ ਚਾਹੀਦਾ ਹੈ।

ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਸ. ਪਰਗਟ ਸਿੰਘ, ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ, ਸਾਬਕਾ ਮੇਅਰ ਸ. ਅਮਰਜੀਤ ਸਿੰਘ ਜੀਤੀ ਸਿੱਧੂ, ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਖਰੜ ਸ. ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਸਾਬਕਾ ਡਿਪਟੀ ਮੇਅਰ ਸ. ਅਮਰੀਕ ਸਿੰਘ ਸੋਮਲ, ਐਮ.ਸੀ. ਅਨੁਰਾਧਾ ਆਨੰਦ, ਕਮਲਪ੍ਰੀਤ ਸਿੰਘ ਬੰਨੀ, ਰੁਪਿੰਦਰ ਰੀਨਾ, ਦੇਵਿੰਦਰ ਕੌਰ ਵਾਲੀਆ, ਪ੍ਰਦੀਪ ਟਾਂਗਰੀ, ਹੈਪੀ ਮਲਿਕ, ਜਸਪ੍ਰੀਤ ਗਿੱਲ, ਗੁਰਦੀਪ ਸਿੰਘ ਢਿੱਲੋਂ, ਮਨਜੀਤ ਸਿੰਘ ਗਿੱਲ ਅਤੇ ਸ਼ੰਮੀ ਜਗਤਪੁਰਾ ਸਮੇਤ ਹੋਰ ਪਤਵੰਤੇ ਸੱਜਣ ਹਾਜ਼ਰ ਸਨ।