ਤਰਨਤਾਰਨ (ਅਮਿਤ ਮਰਵਾਹਾ)
ਬੀਤੇ ਕੱਲ ਇੰਗਲੈਂਡ ਦੇ ਗੁਰਦੁਆਰਾ ਗੁਰੂ ਨਾਨਕ ਸਾਹਿਬ, ਸਮੈਥਿਕ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਭਾਈ ਚਮਕੌਰ ਸਿੰਘ ਧੁੰਨ ਦੀ ਅਗਵਾਈ ਵਿੱਚ ਵਿਸ਼ਾਲ ਪੰਥਕ ਇਕੱਠ ਕਰਵਾਇਆ ਗਿਆ। ਇਸ ਇਕੱਠ ਵਿੱਚ ਵੱਡੀ ਗਿਣਤੀ ਵਿੱਚ ਸੰਗਤ, ਨੌਜਵਾਨਾਂ ਅਤੇ ਐਨ.ਆਰ.ਆਈ. ਪੰਜਾਬੀਆਂ ਨੇ ਸ਼ਮੂਲੀਅਤ ਕਰਦਿਆਂ ਪੰਜਾਬ ਦੇ ਮੌਜੂਦਾ ਹਾਲਾਤ, ਪੰਜਾਬ ਦੀ ਨੌਜਵਾਨੀ ਦੇ ਭਵਿੱਖ ਅਤੇ ਪੰਜਾਬ ਦੇ ਹੱਕਾਂ ਨਾਲ ਜੁੜੇ ਅਹਿਮ ਮਸਲਿਆਂ ’ਤੇ ਗੰਭੀਰ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦਾ ਆਪਣੇ ਵਤਨ ਪੰਜਾਬ ਨਾਲ ਰਿਸ਼ਤਾ ਸਿਰਫ਼ ਜ਼ਮੀਨ ਜਾਂ ਪਰਿਵਾਰਾਂ ਤੱਕ ਸੀਮਤ ਨਹੀਂ, ਸਗੋਂ ਪੰਜਾਬ ਦੀ ਭਾਸ਼ਾ, ਸੱਭਿਆਚਾਰ, ਪਾਣੀਆਂ, ਨੌਜਵਾਨੀ ਅਤੇ ਪੰਥਕ ਮਸਲਿਆਂ ਨਾਲ ਉਨ੍ਹਾਂ ਦੀਆਂ ਭਾਵਨਾਵਾਂ ਡੂੰਘਾਈ ਨਾਲ ਜੁੜੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਨੌਜਵਾਨੀ ਲਈ ਰੁਜ਼ਗਾਰ, ਨਸ਼ਿਆਂ ਤੋਂ ਮੁਕਤੀ, ਸਿੱਖਿਆ, ਉਦਯੋਗ ਅਤੇ ਆਪਣੇ ਸੂਬੇ ਵਿੱਚ ਸਨਮਾਨਜਨਕ ਭਵਿੱਖ ਸਭ ਤੋਂ ਵੱਡੇ ਮੁੱਦੇ ਹਨ। ਇਕੱਠ ਦੌਰਾਨ ਐਨ.ਆਰ.ਆਈ. ਪੰਜਾਬੀਆਂ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੀ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਨੂੰ 2027 ਵਿੱਚ ਪੰਜਾਬ ਦੇ ਮੁੱਖ ਮੰਤਰੀ ਦੇ ਚਿਹਰੇ ਵਜੋਂ ਅੱਗੇ ਲਿਆਉਣ ਲਈ ਪਾਰਟੀ ਦੀ ਮੁਹਿੰਮ ਨਾਲ ਡਟ ਕੇ ਖੜ੍ਹਨ ਦਾ ਪ੍ਰਗਟਾਵਾ ਕੀਤਾ। ਪਾਰਟੀ ਵੱਲੋਂ ਭਾਈ ਅੰਮ੍ਰਿਤਪਾਲ ਸਿੰਘ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਮੁੱਖ ਮੰਤਰੀ ਚਿਹਰਾ ਐਲਾਨਣ ਦੀ ਗੱਲ ਪਹਿਲਾਂ ਵੀ ਜਨਤਕ ਤੌਰ ’ਤੇ ਸਾਹਮਣੇ ਆ ਚੁੱਕੀ ਹੈ। ਬੁਲਾਰਿਆਂ ਨੇ ਕਿਹਾ ਕਿ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀ ਆਪਣੇ ਵਤਨ ਦੀ ਤਰੱਕੀ ਅਤੇ ਪੰਜਾਬ ਦੇ ਭਵਿੱਖ ਨੂੰ ਲੈ ਕੇ ਚਿੰਤਤ ਹਨ ਅਤੇ ਉਹ ਪੰਜਾਬ ਵਿੱਚ ਅਜਿਹੀ ਸਿਆਸੀ ਵਿਵਸਥਾ ਦੀ ਗੱਲ ਕਰ ਰਹੇ ਹਨ ਜਿਸ ਵਿੱਚ ਪੰਜਾਬ ਦੇ ਹਿੱਤ, ਪੰਜਾਬ ਦੀ ਆਵਾਜ਼ ਅਤੇ ਪੰਜਾਬ ਦੇ ਲੋਕਾਂ ਦੇ ਮੁੱਦੇ ਕੇਂਦਰ ਵਿੱਚ ਹੋਣ। ਭਾਈ ਚਮਕੌਰ ਸਿੰਘ ਧੁੰਨ ਨੇ ਇਕੱਠ ਵਿੱਚ ਸ਼ਾਮਲ ਹੋਈ ਸਮੁੱਚੀ ਸੰਗਤ ਅਤੇ ਐਨ.ਆਰ.ਆਈ. ਪੰਜਾਬੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਵੱਲੋਂ ਪੰਜਾਬ ਦੇ ਮਸਲਿਆਂ ਪ੍ਰਤੀ ਦਿਖਾਈ ਜਾ ਰਹੀ ਜਾਗਰੂਕਤਾ ਇਹ ਦਰਸਾਉਂਦੀ ਹੈ ਕਿ ਪੰਜਾਬ ਪ੍ਰਤੀ ਉਨ੍ਹਾਂ ਦਾ ਪਿਆਰ ਅਤੇ ਜ਼ਿੰਮੇਵਾਰੀ ਅੱਜ ਵੀ ਪਹਿਲਾਂ ਵਾਂਗ ਮਜ਼ਬੂਤ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਅਕਾਲੀ ਦਲ ਵਾਰਿਸ ਪੰਜਾਬ ਦੇ ਦੀਆਂ ਗਤੀਵਿਧੀਆਂ ਨੂੰ ਵਿਦੇਸ਼ਾਂ ਵਿੱਚ ਹੋਰ ਮਜ਼ਬੂਤ ਕੀਤਾ ਜਾਵੇਗਾ ਅਤੇ ਵੱਧ ਤੋਂ ਵੱਧ ਪੰਜਾਬੀਆਂ ਨੂੰ ਪੰਜਾਬ ਦੇ ਭਵਿੱਖ ਨਾਲ ਜੁੜੇ ਮੁੱਦਿਆਂ ਨਾਲ ਜੋੜਿਆ ਜਾਵੇਗਾ। ਇਸ ਮੌਕੇ ਸਮੁੱਚੀ ਸੰਗਤ ਨੇ ਪੰਜਾਬ ਦੀ ਚੜ੍ਹਦੀ ਕਲਾ, ਨੌਜਵਾਨੀ ਦੇ ਸੁਨਹਿਰੇ ਭਵਿੱਖ ਅਤੇ ਪੰਜਾਬ ਦੇ ਹੱਕਾਂ ਲਈ ਇਕਜੁੱਟ ਹੋ ਕੇ ਕੰਮ ਕਰਨ ਦਾ ਸੰਕਲਪ ਲਿਆ।ਭਾਈ ਚਮਕੌਰ ਸਿੰਘ ਧੁੰਨ ਨੇ "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹੁਣ ਨਵਾਂ ਪੰਜਾਬ ਹੋਂਦ ਵਿਚ ਆਵੇਗਾ