ਮੋਗਾ, 20 ਸਤੰਬਰ (ਜਸ਼ਨ ): ਮੋਗਾ ਜ਼ਿਲ੍ਹੇ ਦੇ ਪਿੰਡ ਚੜਿੱਕ ਦੇ ਵਸਨੀਕਾਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਦਿਆਂ ਅੱਜ ਮੋਗਾ ਵਿਧਾਨ ਸਭਾ ਹਲਕੇ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਪਿੰਡ ਵਿੱਚ 25 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਨਵੇਂ ਕਮਿਊਨਿਟੀ ਹਾਲ ਦਾ ਨੀਂਹ ਪੱਥਰ ਰੱਖ ਕੇ ਉਸਾਰੀ ਕਾਰਜ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਪਿੰਡ ਦੀਆਂ ਤਿੰਨਾਂ ਪੰਚਾਇਤਾਂ ਦੇ ਨੁਮਾਇੰਦੇ, ਸਰਪੰਚ ਸਾਹਿਬਾਨ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।
ਇਸ ਮੌਕੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਪਿੰਡਾਂ ਦੇ ਵਿਕਾਸ ਅਤੇ ਲੋਕਾਂ ਦੀਆਂ ਜ਼ਰੂਰਤਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕਰਨਾ ਉਨ੍ਹਾਂ ਦੀ ਮੁੱਖ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਕਮਿਊਨਿਟੀ ਹਾਲ ਦੇ ਨਿਰਮਾਣ ਨਾਲ ਪਿੰਡ ਵਾਸੀਆਂ ਨੂੰ ਸਮਾਜਿਕ, ਧਾਰਮਿਕ ਅਤੇ ਸਾਂਝੇ ਸਮਾਗਮ ਕਰਵਾਉਣ ਲਈ ਇੱਕ ਬਿਹਤਰ ਸਹੂਲਤ ਉਪਲਬਧ ਹੋਵੇਗੀ। ਲੰਮੇ ਸਮੇਂ ਤੋਂ ਚੱਲੀ ਆ ਰਹੀ ਇਸ ਮੰਗ ਦੇ ਪੂਰਾ ਹੋਣ ਨਾਲ ਪਿੰਡ ਵਾਸੀਆਂ ਵਿੱਚ ਵੀ ਖੁਸ਼ੀ ਦੀ ਲਹਿਰ ਹੈ। ਵਿਧਾਇਕ ਡਾ. ਅਰੋੜਾ ਨੇ ਕਿਹਾ ਕਿ ਹਲਕੇ ਦੇ ਲੋਕਾਂ ਵੱਲੋਂ ਰੱਖੀਆਂ ਜਾ ਰਹੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਪਿੰਡਾਂ ਵਿੱਚ ਵਿਕਾਸ ਕਾਰਜਾਂ ਨੂੰ ਨਿਰੰਤਰ ਅੱਗੇ ਵਧਾਉਂਦਿਆਂ ਬੁਨਿਆਦੀ ਸਹੂਲਤਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ। ਇਸ ਮੌਕੇ ਪੰਚਾਇਤ ਨੁਮਾਇੰਦਿਆਂ ਅਤੇ ਪਿੰਡ ਵਾਸੀਆਂ ਨੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਕਮਿਊਨਿਟੀ ਹਾਲ ਬਣਨ ਨਾਲ ਪਿੰਡ ਵਿੱਚ ਹੋਣ ਵਾਲੇ ਸਾਂਝੇ ਸਮਾਗਮਾਂ ਲਈ ਇੱਕ ਢੁਕਵੀਂ ਥਾਂ ਉਪਲਬਧ ਹੋਵੇਗੀ।