ਹੁਸ਼ਿਆਰਪੁਰ ,22 ਜੁਲਾਈ (ਬਖਸ਼ੀ )ਹੁਸ਼ਿਆਰਪੁਰ ਦੇ ਨੇੜਲੇ ਪਿੰਡ ਆਨੰਦਗੜ੍ਹ ਦੇ ਮੌਜੂਦਾ ਆਮ ਆਦਮੀ ਪਾਰਟੀ ਦੇ ਸਰਪੰਚ ਸਤਪਾਲ ਸਿੰਘ ਮਿੰਟਾ ਦਾ ਪਿੰਡ ਦੇ ਹੀ ਕੁਝ ਨੌਜਵਾਨਾਂ ਵੱਲੋਂ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ।
ਮ੍ਰਿਤਕ ਸਰਪੰਚ ਦੇ ਬੇਟੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਾਲ ਦੇ ਪਿੰਡ ਦੇ ਹੀ ਕੁਝ ਨੌਜਵਾਨਾਂ ਦਾ ਆਪਸੀ ਝਗੜਾ ਹੋਇਆ ਸੀ, ਜਿਸ ਦਾ ਸਰਪੰਚ ਸਤਪਾਲ ਸਿੰਘ ਨੇ ਰਾਜ਼ੀਨਾਮਾ ਕਰਵਾਇਆ ਸੀ। ਇਸੇ ਰਾਜ਼ੀਨਾਮੇ ਦੀ ਰੰਜਿਸ਼ ਰੱਖਦਿਆਂ ਅੱਜ ਕੁਝ ਨੌਜਵਾਨਾਂ ਨੇ ਰੰਜਿਸ਼ ਤਹਿਤ ਸਰਪੰਚ 'ਤੇ ਹਮਲਾ ਕਰ ਦਿੱਤਾ। ਹਮਲਾਵਰਾਂ ਨੇ ਪਹਿਲਾਂ ਆਪਣੀ ਗੱਡੀ ਸਰਪੰਚ ਦੇ ਉੱਪਰ 2-3 ਵਾਰ ਚੜ੍ਹਾਈ ਅਤੇ ਬਾਅਦ ਵਿੱਚ ਤੇਜ਼ਧਾਰ ਹਥਿਆਰਾਂ ਨਾਲ ਵਾਰ ਕਰਕੇ ਉਸ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ।
ਘਟਨਾ ਦੀ ਇਤਲਾਹ ਮਿਲਦਿਆਂ ਹੀ ਪੁਲਿਸ ਪ੍ਰਸ਼ਾਸਨ ਮੌਕੇ 'ਤੇ ਪਹੁੰਚਿਆ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ. ਸਿਟੀ ਨੇ ਦੱਸਿਆ ਘਟਨਾ ਤੋਂ ਬਾਅਦ ਮੁੱਖ ਦੋਸ਼ੀ ਭੱਜਣ ਵਿੱਚ ਕਾਮਯਾਬ ਹੋ ਗਏ ਹਨ। ਹਾਲਾਂਕਿ, ਹਮਲਾਵਰਾਂ ਦੀ ਗੱਡੀ ਚਲਾ ਰਹੇ ਇੱਕ ਨੌਜਵਾਨ ਨੂੰ ਮੌਕੇ 'ਤੇ ਮੌਜੂਦ ਸਥਾਨਕ ਲੋਕਾਂ ਵੱਲੋਂ ਕਾਬੂ ਕਰ ਲਿਆ ਗਿਆ ਸੀ। ਝੜਪ ਦੌਰਾਨ ਉਸ ਦੇ ਵੀ ਗੰਭੀਰ ਸੱਟਾਂ ਲੱਗੀਆਂ ਹਨ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਇਲਾਜ ਤੋਂ ਬਾਅਦ ਉਸ ਤੋਂ ਪੁੱਛਗਿੱਛ ਕੀਤੀ ਜਾਵੇਗੀ ਅਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਫ਼ਰਾਰ ਦੋਸ਼ੀਆਂ ਨੂੰ ਵੀ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।