ਮੋਗਾ, 23 ਅਕਤੂਬਰ (ਜਸ਼ਨ ) ਕਾਂਗਰਸ ਪਾਰਟੀ ਦੀ ਸੀਨੀਅਰ ਆਗੂ ਅਤੇ ਵਿਧਾਨ ਸਭਾ ਹਲਕਾ ਮੋਗਾ ਦੀ ਹਲਕਾ ਇੰਚਾਰਜ ਮਾਲਵਿਕਾ ਸੂਦ ਨੇ ਮਾਨਸਾ ਵਿਖੇ ਪਰਮਿੰਦਰ ਸਿੰਘ ਝੋਟਾ ਦੇ ਹੱਕ ਵਿਚ ਲਗਾਏ ਗਏ ਰੋਸ ਧਰਨੇ ਵਿਚ ਸ਼ਮੂਲੀਅਤ ਕਰਦਿਆਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਜ਼ੋਰਦਾਰ ਢੰਗ ਨਾਲ ਉਠਾਇਆ। ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਸਰਕਾਰ ਪੰਜਾਬ ਵਿਚੋਂ ਨਸ਼ਾ ਖ਼ਤਮ ਕਰਨ ਵਿਚ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ। ਨਸ਼ਿਆਂ ਕਾਰਨ ਪਤਾ ਨਹੀਂ ਕਿੰਨੀਆਂ ਮਾਵਾਂ ਦੇ ਪੁੱਤ ਉਨ੍ਹਾਂ ਤੋਂ ਦੂਰ ਹੋ ਗਏ ਹਨ ਅਤੇ ਕਿੰਨੀਆਂ ਔਰਤਾਂ ਵਿਧਵਾ ਹੋ ਚੁੱਕੀਆਂ ਹਨ। ਨਸ਼ੇ ਨੇ ਪੰਜਾਬ ਦੇ ਘਰ-ਘਰ ਵਿਚ ਸੱਥਰ ਵਿਛਾ ਦਿੱਤੇ ਹਨ, ਪਰ ਸਰਕਾਰ ਇਸ ਗੰਭੀਰ ਸਮੱਸਿਆ ਨੂੰ ਜੜ੍ਹੋਂ ਖ਼ਤਮ ਕਰਨ ਵਿਚ ਨਾਕਾਮ ਰਹੀ ਹੈ।
ਮਾਲਵਿਕਾ ਸੂਦ ਨੇ "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਨੁਮਾਇੰਦੇ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨਸ਼ਿਆਂ ਦਾ ਕਹਿਰ ਪੰਜਾਬ ਦੀਆਂ ਮਾਵਾਂ, ਭੈਣਾਂ ਅਤੇ ਪਰਿਵਾਰਾਂ ਲਈ ਵੱਡਾ ਦੁੱਖ ਬਣ ਚੁੱਕਾ ਹੈ। ਹਰ ਰੋਜ਼ ਨਸ਼ਿਆਂ ਕਾਰਨ ਉੱਜੜ ਰਹੇ ਘਰਾਂ ਦੀਆਂ ਦਰਦਨਾਕ ਕਹਾਣੀਆਂ ਸਾਹਮਣੇ ਆ ਰਹੀਆਂ ਹਨ, ਪਰ ਸਰਕਾਰ ਦੇ ਨਸ਼ਾ ਖ਼ਤਮ ਕਰਨ ਦੇ ਦਾਅਵੇ ਜ਼ਮੀਨੀ ਪੱਧਰ ’ਤੇ ਸਫ਼ਲ ਹੁੰਦੇ ਦਿਖਾਈ ਨਹੀਂ ਦੇ ਰਹੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨਸ਼ਿਆਂ ਦੇ ਖ਼ਾਤਮੇ ਲਈ ਗੰਭੀਰ ਹੁੰਦੀ ਤਾਂ ਅੱਜ ਪੰਜਾਬ ਦੇ ਨੌਜਵਾਨਾਂ ਨੂੰ ਇਸ ਤਰ੍ਹਾਂ ਆਪਣੀਆਂ ਜਾਨਾਂ ਨਾ ਗੁਆਉਣੀਆਂ ਪੈਂਦੀਆਂ ਅਤੇ ਮਾਪਿਆਂ ਨੂੰ ਆਪਣੇ ਬੱਚਿਆਂ ਦੀਆਂ ਲਾਸ਼ਾਂ ਦੇਖਣ ਲਈ ਮਜਬੂਰ ਨਾ ਹੋਣਾ ਪੈਂਦਾ। ਉਨ੍ਹਾਂ ਪਰਮਿੰਦਰ ਸਿੰਘ ਝੋਟਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਝੋਟਾ ਵੱਲੋਂ ਨਸ਼ਾ ਵੇਚਣ ਵਾਲਿਆਂ ਵਿਰੁੱਧ ਮੁਹਿੰਮ ਚਲਾਈ ਗਈ ਸੀ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਲੋਕਾਂ ਦੇ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਣਾ ਸਰਕਾਰ ਅਤੇ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ।
ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਕਾਰਨ ਪਰਮਿੰਦਰ ਸਿੰਘ ਝੋਟਾ ਦਾ ਮਾਮਲਾ ਵੀ ਅਜਿਹੇ ਹਾਲਾਤਾਂ ਨਾਲ ਜੁੜ ਗਿਆ ਹੈ, ਜਿਸ ਨੇ ਇਨਸਾਫ਼ ਦੀ ਮੰਗ ਨੂੰ ਹੋਰ ਤਿੱਖਾ ਕਰ ਦਿੱਤਾ ਹੈ।ਧਰਨੇ ਦੌਰਾਨ ਆਪਣੇ ਸੰਬੋਧਨ ਵਿਚ ਮਾਲਵਿਕਾ ਸੂਦ ਨੇ ਕਿਹਾ ਕਿ ਅੱਜ ਸਮਾਂ ਚੁੱਪ ਰਹਿਣ ਦਾ ਨਹੀਂ, ਸਗੋਂ ਸੱਚਾਈ ਅਤੇ ਇਨਸਾਫ਼ ਦੇ ਹੱਕ ਵਿਚ ਡਟ ਕੇ ਖੜ੍ਹਨ ਦਾ ਹੈ। ਉਨ੍ਹਾਂ ਕਿਹਾ ਕਿ ਪਰਮਿੰਦਰ ਸਿੰਘ ਝੋਟਾ ਦੇ ਮਾਮਲੇ ਵਿਚ ਇਨਸਾਫ਼ ਦੀ ਮੰਗ ਸਿਰਫ਼ ਇਕ ਵਿਅਕਤੀ ਜਾਂ ਪਰਿਵਾਰ ਦੀ ਆਵਾਜ਼ ਨਹੀਂ, ਬਲਕਿ ਹਰ ਉਸ ਇਨਸਾਨ ਦੀ ਆਵਾਜ਼ ਹੈ ਜੋ ਸੱਚਾਈ, ਨਿਆਂ ਅਤੇ ਕਾਨੂੰਨ ਦੇ ਰਾਜ ਵਿਚ ਵਿਸ਼ਵਾਸ ਰੱਖਦਾ ਹੈ। ਉਨ੍ਹਾਂ ਮੰਗ ਕੀਤੀ ਕਿ ਪਰਮਿੰਦਰ ਸਿੰਘ ਝੋਟਾ ਦੇ ਮਾਮਲੇ ਦੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਕਰਵਾਈ ਜਾਵੇ, ਤਾਂ ਜੋ ਸਾਰੇ ਤੱਥ ਸਾਹਮਣੇ ਆ ਸਕਣ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਮਿਲ ਸਕੇ। ਉਨ੍ਹਾਂ ਕਿਹਾ ਕਿ ਕਿਸੇ ਵੀ ਮਾਮਲੇ ਵਿਚ ਜਾਂਚ ਪੂਰੀ ਤਰ੍ਹਾਂ ਨਿਰਪੱਖ ਢੰਗ ਨਾਲ ਹੋਣੀ ਚਾਹੀਦੀ ਹੈ ਅਤੇ ਪੀੜਤ ਧਿਰ ਨੂੰ ਇਨਸਾਫ਼ ਮਿਲਣ ਦਾ ਭਰੋਸਾ ਦਿਵਾਇਆ ਜਾਣਾ ਚਾਹੀਦਾ ਹੈ। ਮਾਲਵਿਕਾ ਸੂਦ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਸਰਕਾਰੀ ਐਲਾਨਾਂ ਨਾਲ ਨਹੀਂ ਜਿੱਤੀ ਜਾ ਸਕਦੀ, ਸਗੋਂ ਇਸ ਲਈ ਠੋਸ ਕਾਰਵਾਈ, ਜਵਾਬਦੇਹੀ ਅਤੇ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਦਮ ਚੁੱਕਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਸੱਚਮੁੱਚ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਬਚਾਉਣਾ ਚਾਹੁੰਦੀ ਹੈ ਤਾਂ ਉਸ ਨੂੰ ਨਸ਼ਿਆਂ ਦੇ ਕਾਰੋਬਾਰ ਵਿਚ ਸ਼ਾਮਲ ਲੋਕਾਂ ਵਿਰੁੱਧ ਪ੍ਰਭਾਵਸ਼ਾਲੀ ਕਾਰਵਾਈ ਕਰਨੀ ਚਾਹੀਦੀ ਹੈ ਅਤੇ ਨਸ਼ੇ ਦੀ ਲਪੇਟ ਵਿਚ ਆਏ ਨੌਜਵਾਨਾਂ ਦੇ ਮੁੜ ਵਸੇਬੇ ਲਈ ਵੀ ਗੰਭੀਰ ਯਤਨ ਕਰਨੇ ਚਾਹੀਦੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਜਦੋਂ ਤੱਕ ਪਰਮਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਨਹੀਂ ਮਿਲਦਾ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਪ੍ਰਵਾਨ ਨਹੀਂ ਕੀਤੀਆਂ ਜਾਂਦੀਆਂ, ਉਦੋਂ ਤੱਕ ਉਹ ਪਰਿਵਾਰ ਦੇ ਹੱਕ ਵਿਚ ਆਪਣੀ ਆਵਾਜ਼ ਬੁਲੰਦ ਕਰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਇਨਸਾਫ਼ ਦੀ ਇਸ ਲੜਾਈ ਵਿਚ ਪੀੜਤ ਪਰਿਵਾਰ ਨੂੰ ਇਕੱਲਾ ਨਹੀਂ ਛੱਡਿਆ ਜਾਣਾ ਚਾਹੀਦਾ ਅਤੇ ਸਮਾਜ ਦੇ ਹਰ ਵਰਗ ਨੂੰ ਉਨ੍ਹਾਂ ਦੇ ਨਾਲ ਖੜ੍ਹਨਾ ਚਾਹੀਦਾ ਹੈ। ਮਾਲਵਿਕਾ ਸੂਦ ਨੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸਰਕਾਰ ਨੂੰ ਆਪਣੀ ਜ਼ਿੰਮੇਵਾਰੀ ਸਮਝਦਿਆਂ ਜ਼ਮੀਨੀ ਪੱਧਰ ’ਤੇ ਠੋਸ ਕਦਮ ਚੁੱਕਣੇ ਚਾਹੀਦੇ ਹਨ, ਤਾਂ ਜੋ ਪੰਜਾਬ ਦੀਆਂ ਮਾਵਾਂ ਦੇ ਪੁੱਤ ਨਸ਼ਿਆਂ ਦੀ ਭੇਟ ਚੜ੍ਹਨ ਤੋਂ ਬਚ ਸਕਣ ਅਤੇ ਕਿਸੇ ਵੀ ਪਰਿਵਾਰ ਨੂੰ ਆਪਣੇ ਜਵਾਨ ਪੁੱਤ ਦੀ ਮੌਤ ਦਾ ਦੁੱਖ ਨਾ ਸਹਿਣਾ ਪਵੇ।
ਖ਼ਬਰਾਂ
ਪੰਜਾਬ ’ਚੋਂ ਨਸ਼ਾ ਖ਼ਤਮ ਕਰਨ ’ਚ ਫੇਲ੍ਹ ਸਾਬਤ ਹੋਈ ਆਪ ਸਰਕਾਰ, ਨਸ਼ੇ ਨੇ ਘਰ-ਘਰ ਵਿਛਾਏ ਸੱਥਰ : ਮਾਲਵਿਕਾ ਸੂਦ
* ਮਾਨਸਾ ਵਿਖੇ ਪਰਮਿੰਦਰ ਸਿੰਘ ਝੋਟਾ ਦੇ ਹੱਕ ’ਚ ਲਗਾਏ ਰੋਸ ਧਰਨੇ ਵਿਚ ਕੀਤੀ ਸ਼ਮੂਲੀਅਤ, ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਉਠਾਈ
24 ਅਕਤੂਬਰ 2026·

ਅInternational Punjabi News
ਇਹ ਖ਼ਬਰ ਸਾਂਝੀ ਕਰੋ:



