ਅੰਮ੍ਰਿਤਸਰ/ਤਰਨਤਾਰਨ (ਅਮਿਤ ਮਰਵਾਹਾ) ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇ-54 ’ਤੇ ਪਿੰਡ ਬੰਡਾਲਾ ਵਿਖੇ ਬੁੱਤਾਂ ਵਾਲੇ ਮੋੜ ਨੇੜੇ ਵੀਰਵਾਰ ਦੁਪਹਿਰ ਕਰੀਬ 2 ਵਜੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਸਕਾਰਪੀਓ ਸਵਾਰ ਵਿਅਕਤੀ ਦੀ ਜ਼ਿੰਦਾ ਸੜ ਜਾਣ ਕਾਰਨ ਮੌਤ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਟੱਕਰ ਤੋਂ ਤੁਰੰਤ ਬਾਅਦ ਸਕਾਰਪੀਓ ਅਤੇ ਟਰੱਕ ਨੂੰ ਅੱਗ ਲੱਗ ਗਈ ਅਤੇ ਦੋਵੇਂ ਵਾਹਨ ਕੁਝ ਹੀ ਸਮੇਂ ਵਿੱਚ ਅੱਗ ਦੀਆਂ ਲਪਟਾਂ ਵਿੱਚ ਘਿਰ ਗਏ।
"ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਪ੍ਰਤੀਨਿਧ ਦੀ ਜਾਣਕਾਰੀ ਅਨੁਸਾਰ ਰੇਤ ਨਾਲ ਭਰਿਆ ਟਰੱਕ ਤਰਨਤਾਰਨ ਤੋਂ ਅੰਮ੍ਰਿਤਸਰ ਵੱਲ ਜਾ ਰਿਹਾ ਸੀ। ਇਸ ਦੌਰਾਨ ਪਿੱਛੋਂ ਆ ਰਹੀ ਤੇਜ਼ ਰਫ਼ਤਾਰ ਸਕਾਰਪੀਓ ਟਰੱਕ ਦੇ ਪਿੱਛੇ ਜਾ ਟਕਰਾਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵੇਂ ਵਾਹਨਾਂ ਵਿੱਚ ਅੱਗ ਭੜਕ ਉੱਠੀ।
ਸਕਾਰਪੀਓ ਵਿੱਚ ਸਿਰਫ਼ ਇੱਕ ਵਿਅਕਤੀ ਸਵਾਰ ਦੱਸਿਆ ਜਾ ਰਿਹਾ ਹੈ। ਟੱਕਰ ਤੋਂ ਬਾਅਦ ਉਹ ਗੱਡੀ ਅੰਦਰ ਹੀ ਫਸ ਗਿਆ। ਅੱਗ ਨੇ ਕੁਝ ਹੀ ਪਲਾਂ ਵਿੱਚ ਭਿਆਨਕ ਰੂਪ ਧਾਰ ਲਿਆ, ਜਿਸ ਕਾਰਨ ਉਸ ਨੂੰ ਬਾਹਰ ਨਿਕਲਣ ਦਾ ਮੌਕਾ ਨਹੀਂ ਮਿਲਿਆ ਅਤੇ ਉਸ ਦੀ ਮੌਕੇ ’ਤੇ ਹੀ ਜ਼ਿੰਦਾ ਸੜ ਕੇ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 24-25 ਸਾਲਾ ਨੌਜਵਾਨ ਗੁਰਿੰਦਰ ਸਿੰਘ ਵਜੋਂ ਹੋਈ ਹੈ, ਜੋ ਕਿ ਗੋਇੰਦਵਾਲ ਸਾਹਿਬ ਦਾ ਵਸਨੀਕ ਸੀ। ਜਾਣਕਾਰੀ ਮੁਤਾਬਕ ਉਹ ਘਰਾਂ ਵਿੱਚ ਪੀਵੀਸੀ (PVC) ਫਿਟਿੰਗ ਦਾ ਕੰਮ ਕਰਦਾ ਸੀ ਅਤੇ ਕਿਸੇ ਕੰਮ ਦੇ ਸਿਲਸਿਲੇ ਵਿੱਚ ਸਮਾਨ ਲੈਣ ਲਈ ਅੰਮ੍ਰਿਤਸਰ ਵੱਲ ਜਾ ਰਿਹਾ ਸੀ।। ਮੁੱਢਲੀ ਜਾਣਕਾਰੀ ਮੁਤਾਬਕ ਸਕਾਰਪੀਓ ਤਰਨਤਾਰਨ ਜ਼ਿਲ੍ਹੇ ਦੀ ਦੱਸੀ ਜਾ ਰਹੀ ਹੈ।
ਹਾਦਸੇ ਤੋਂ ਬਾਅਦ ਮੌਕੇ ’ਤੇ ਮੌਜੂਦ ਲੋਕਾਂ ਵੱਲੋਂ ਤੁਰੰਤ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਗਈ ਅਤੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ। ਸਥਾਨਕ ਲੋਕਾਂ ਮੁਤਾਬਕ ਸੂਚਨਾ ਦੇਣ ਦੇ ਬਾਵਜੂਦ ਕਰੀਬ ਇਕ ਘੰਟੇ ਤੱਕ ਅੰਮ੍ਰਿਤਸਰ ਦੀ ਫਾਇਰ ਬ੍ਰਿਗੇਡ ਮੌਕੇ ’ਤੇ ਨਹੀਂ ਪੁੱਜੀ। ਇਸ ਤੋਂ ਬਾਅਦ ਤਰਨਤਾਰਨ ਤੋਂ ਫਾਇਰ ਬ੍ਰਿਗੇਡ ਦੀ ਗੱਡੀ ਬੁਲਾਈ ਗਈ। ਇਸ ਦੌਰਾਨ ਲੋਕਾਂ ਨੇ ਆਪਣੇ ਪੱਧਰ ’ਤੇ ਅੱਗ ’ਤੇ ਕਾਬੂ ਪਾਉਣ ਦੀ ਕੋਸ਼ਿਸ਼ ਜਾਰੀ ਰੱਖੀ।
ਹਾਦਸੇ ਦੀ ਸੂਚਨਾ ਮਿਲਣ ’ਤੇ ਥਾਣਾ ਜੰਡਿਆਲਾ ਗੁਰੂ ਦੀ ਪੁਲਿਸ ਮੌਕੇ ’ਤੇ ਪੁੱਜੀ ਅਤੇ ਘਟਨਾ ਸਥਾਨ ਦਾ ਜਾਇਜ਼ਾ ਲਿਆ। ਪੁਲਿਸ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਨਾਲ ਹੀ ਮ੍ਰਿਤਕ ਦੀ ਪਛਾਣ ਕਰਨ ਲਈ ਵੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।





