ਗੁਰਪ੍ਰੀਤ ਸਿੰਘ ,
ਫਤਹਿਗੜ੍ਹ ਸਾਹਿਬ,14 ਜੁਲਾਈ : ਮੰਡੀ ਗੋਬਿੰਦਗੜ੍ਹ ਦੇ ਨਜ਼ਦੀਕੀ ਪਿੰਡ ਤੂਰਾਂ ’ਚ ਸੋਮਵਾਰ ਦੇਰ ਰਾਤ ਇੱਕ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ। ਇੱਥੇ ਕਰੀਬ 6 ਸਾਲ ਪਹਿਲਾਂ ਹੋਈ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਇੱਕ ਮੁਲਜ਼ਮ ਦਾ ਘਰ ਵਿੱਚ ਵੜ ਕੇ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਮੇਵਾ ਸਿੰਘ (45) ਪੁੱਤਰ ਮਹਿੰਦਰ ਸਿੰਘ ਵਜੋਂ ਹੋਈ ਹੈ, ਜੋ ਪਿੰਡ ਤੂਰਾਂ ਦਾ ਹੀ ਰਹਿਣ ਵਾਲਾ ਸੀ।
ਪ੍ਰਾਪਤ ਮੁੱਢਲੀ ਜਾਣਕਾਰੀ ਅਨੁਸਾਰ ਇਹ ਘਟਨਾ ਬੀਤੀ ਰਾਤ ਕਰੀਬ 2 ਵਜੇ ਵਾਪਰੀ। ਦੱਸਿਆ ਜਾ ਰਿਹਾ ਹੈ ਕਿ ਉਸ ਸਮੇਂ ਮੇਵਾ ਸਿੰਘ ਆਪਣੇ ਪਰਿਵਾਰ ਨਾਲ ਘਰ ’ਚ ਮੌਜੂਦ ਸੀ। ਇਸੇ ਦੌਰਾਨ ਅਣਪਛਾਤੇ ਵਿਅਕਤੀ ਕੰਧ ਟੱਪ ਕੇ ਘਰ ਦੇ ਅੰਦਰ ਦਾਖ਼ਲ ਹੋਏ ਤੇ ਉਨ੍ਹਾਂ ਨੇ ਮੇਵਾ ਸਿੰਘ ’ਤੇ ਤੇਜ਼ਧਾਰ ਹਥਿਆਰ ਨਾਲ ਹਮਲੇ ਸ਼ੁਰੂ ਕਰ ਦਿੱਤੇ। ਹਮਲੇ ’ਚ ਮੇਵਾ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਜ਼ਿਕਰਯੋਗ ਹੈ ਕਿ ਮੇਵਾ ਸਿੰਘ ਵਿਰੁੱਧ ਅਕਤੂਬਰ 2020 ’ਚ ਪਿੰਡ ਤੂਰਾਂ ਸਥਿਤ ਗੁਰਦੁਆਰਾ ਸਾਹਿਬ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦੇ ਦੋਸ਼ ਹੇਠ ਥਾਣਾ ਮੰਡੀ ਗੋਬਿੰਦਗੜ੍ਹ ਵਿਖੇ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਉਹ ਅਦਾਲਤ ਤੋਂ ਜ਼ਮਾਨਤ ਮਿਲਣ ਮਗਰੋਂ ਜੇਲ੍ਹ ਤੋਂ ਬਾਹਰ ਆਇਆ ਹੋਇਆ ਸੀ ਅਤੇ ਇਸ ਮਾਮਲੇ ਦੀ ਸੁਣਵਾਈ ਅਜੇ ਅਦਾਲਤ ਵਿੱਚ ਜਾਰੀ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਮੇਵਾ ਸਿੰਘ ਪਹਿਲਾਂ ਵੀ ਜੇਲ੍ਹ ਤੋਂ ਬਾਹਰ ਆਉਂਦਾ ਰਹਿੰਦਾ ਸੀ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਸਬ-ਡਿਵੀਜ਼ਨ ਅਮਲੋਹ ਦੇ ਡੀਐਸਪੀ ਬਿਕਰਮਜੀਤ ਸਿੰਘ ਘੁੰਮਣ, ਥਾਣਾ ਮੰਡੀ ਗੋਬਿੰਦਗੜ੍ਹ ਦੇ ਇੰਚਾਰਜ ਸੰਦੀਪ ਸਿੰਘ ਅਤੇ ਹੋਰ ਉੱਚ ਪੁਲਿਸ ਅਧਿਕਾਰੀ ਪੁਲਿਸ ਟੀਮ ਸਮੇਤ ਮੌਕੇ ’ਤੇ ਪਹੁੰਚੇ। ਪੁਲਿਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰਖਵਾ ਦਿੱਤਾ ਹੈ। ਪੁਲਿਸ ਦੀਆਂ ਫੋਰੈਂਸਿਕ ਟੀਮਾਂ ਵੱਲੋਂ ਘਟਨਾ ਸਥਾਨ ਤੋਂ ਸਬੂਤ ਇਕੱਠੇ ਕੀਤੇ ਜਾ ਰਹੇ ਹਨ।
ਇਸ ਸਬੰਧੀ ਗੱਲਬਾਤ ਕਰਦਿਆਂ ਡੀਐਸਪੀ ਬਿਕਰਮਜੀਤ ਸਿੰਘ ਘੁੰਮਣ ਨੇ ਦੱਸਿਆ ਕਿ ਮ੍ਰਿਤਕ ਦੀ ਦੇਹ ’ਤੇ ਤੇਜ਼ਧਾਰ ਹਥਿਆਰ ਦੇ ਕਈ ਡੂੰਘੇ ਜ਼ਖ਼ਮ ਮਿਲੇ ਹਨ। ਉਨ੍ਹਾਂ ਸਪਸ਼ਟ ਕੀਤਾ ਕਿ ਸ਼ੋਸ਼ਲ ਮੀਡੀਆ ਜਾਂ ਲੋਕਾਂ ਵਿੱਚ ਧੜ ਨਾਲੋਂ ਸਿਰ ਅਲੱਗ ਹੋਣ ਦੀਆਂ ਜੋ ਅਫ਼ਵਾਹਾਂ ਫੈਲਾਈਆਂ ਜਾ ਰਹੀਆਂ ਹਨ, ਉਹ ਬਿਲਕੁਲ ਗਲਤ ਹਨ ਅਤੇ ਅਜਿਹੀਆਂ ਅਫ਼ਵਾਹਾਂ ਫੈਲਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੁਲਿਸ ਪਰਿਵਾਰ ਦੇ ਬਿਆਨਾਂ ਦੇ ਆਧਾਰ ’ਤੇ ਮਾਮਲਾ ਦਰਜ ਕਰਕੇ ਹਰ ਪਹਿਲੂ ਤੋਂ ਬਾਰੀਕੀ ਨਾਲ ਜਾਂਚ ਕਰ ਰਹੀ ਹੈ। ਪੁਲਿਸ ਮੁਤਾਬਕ ਲੈਣ-ਦੇਣ ਦੇ ਮਾਮਲੇ ਸਮੇਤ ਸਾਰੇ ਕਾਰਨਾਂ ਦੀ ਪੜਤਾਲ ਕੀਤੀ ਜਾ ਰਹੀ ਹੈ।
ਖ਼ਬਰਾਂ
ਬੇਅਦਬੀ ਮਾਮਲੇ ਦੇ ਮੁਲਜ਼ਮ ਦਾ ਤੇਜ਼ਧਾਰ ਹਥਿਆਰ ਨਾਲ ਕਤਲ,ਮੰਡੀ ਗੋਬਿੰਦਗੜ੍ਹ ਦੇ ਪਿੰਡ ਤੂਰਾਂ ’ਚ ਵਾਪਰੀ ਦਹਿਲਾਉਣ ਵਾਲੀ ਘਟਨਾ
* ਪੁਲਿਸ ਮੁਤਾਬਕ ਲੈਣ-ਦੇਣ ਦੇ ਮਾਮਲੇ ਸਮੇਤ ਸਾਰੇ ਕਾਰਨਾਂ ਦੀ ਪੜਤਾਲ ਕੀਤੀ ਜਾ ਰਹੀ ਹੈ
14 ਜੁਲਾਈ 2026·

ਅInternational Punjabi News
ਇਹ ਖ਼ਬਰ ਸਾਂਝੀ ਕਰੋ:



