ਅੰਮ੍ਰਿਤਸਰ, 20 ਅਗਸਤ(ਜਸ਼ਨ )
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੇਸ਼ ਵਿਦੇਸ਼ ਤੋਂ ਪੁੱਜਦੀਆਂ ਸੰਗਤਾਂ ਨੂੰ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰਵਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਲਾਈਆਂ ਜਾਂਦੀਆਂ ਬੱਸਾਂ ਦੀ ਬੀਤੀ ਰਾਤ ਹੋਈ ਭੰਨ ਤੋੜ ਦੀ ਘਟਨਾ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਆਖਿਆ ਕਿ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਸੰਗਤੀ ਸੇਵਾਵਾਂ ਨੂੰ ਨੁਕਸਾਨ ਪਹੁੰਚਾਉਣ ਦੀ ਹਰਕਤ ਦੁਖਦਾਈ ਅਤੇ ਮੰਦਭਾਗੀ ਹੈ। ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜ਼ਾਨਾ ਵੱਡੀ ਗਿਣਤੀ ’ਚ ਸੰਗਤ ਪੁੱਜਦੀ ਹੈ ਅਤੇ ਸੰਗਤ ਦੀ ਆਵਾਜਾਈ ਸਹੂਲਤ ਲਈ ਸ਼੍ਰੋਮਣੀ ਕਮੇਟੀ ਵੱਲੋਂ ਚਲਾਈਆਂ ਜਾਂਦੀਆਂ ਬੱਸਾਂ ਸੇਵਾ ਦਾ ਸਾਧਨ ਹਨ। ਗੁਰੂ ਘਰ ਦੇ ਵਾਹਨਾਂ ਨੂੰ ਨੁਕਸਾਨ ਪਹੁੰਚਾਉਣਾ ਜਿਥੇ ਕੋਝੀ ਮਾਨਸਿਕਤਾ ਦਾ ਪ੍ਰਗਟਾਵਾ ਹੈ, ਉਥੇ ਹੀ ਸੰਗਤ ਦੀਆਂ ਸੇਵਾਵਾਂ ਵਿਚ ਵਿਘਨ ਪਾਉਣ ਅਤੇ ਸੇਵਾ ਦੇ ਕਾਰਜ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਆਪਣੇ ਤੌਰ ’ਤੇ ਵੀ ਇਸ ਮਾਮਲੇ ਦੀ ਪੜਤਾਲ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਨੂੰ ਵੀ ਇਸ ਨੂੰ ਗੰਭੀਰਤਾ ਨਾਲ ਲੈਂਦਿਆਂ ਜਾਂਚ ਕਰਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ, ਤਾਂ ਜੋ ਭਵਿੱਖ ਵਿਚ ਅਜਿਹੀ ਕੋਈ ਵੀ ਘਟਨਾ ਦੁਬਾਰਾ ਨਾ ਵਾਪਰੇ।
ਇਸ ਮੰਦਭਾਗੀ ਘਟਨਾ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਪ੍ਰਸ਼ਾਸਨ ਖ਼ਿਲਾਫ਼ ਸਖ਼ਤ ਨਾਰਾਜ਼ਗੀ ਜ਼ਾਹਰ ਕੀਤੀ ਹੈ।ਉਨ੍ਹਾਂ ਆਪਣੇ ਬਿਆਨ ਵਿੱਚ ਕਿਹਾ ਕਿ
ਇਹ ਬੱਸਾਂ ਗੁਰੂ ਘਰ ਆਉਣ ਵਾਲੀ ਸੰਗਤ ਦੀ ਸਹੂਲਤ ਲਈ ਹਨ, ਅਤੇ ਅਜਿਹੀਆਂ ਗੱਡੀਆਂ ਨੂੰ ਨਿਸ਼ਾਨਾ ਬਣਾਉਣਾ ਸ਼ਰਮਨਾਕ ਕਾਰਾ ਹੈ।ਉਹਨਾਂ ਇਹ ਵੀ ਕਿਹਾ ਕਿ ਹੈਰੀਟੇਜ ਸਟ੍ਰੀਟ ਵਰਗੇ ਵੀਆਈਪੀ ਅਤੇ ਚੌਕਸੀ ਵਾਲੇ ਇਲਾਕੇ ਵਿੱਚ ਅਜਿਹੀ ਵਾਰਦਾਤ ਹੋਣਾ ਪੁਲਿਸ ਦੀ ਸੁਰੱਖਿਆ ਪ੍ਰਣਾਲੀ 'ਤੇ ਸਵਾਲ ਖੜ੍ਹੇ ਕਰਦਾ ਹੈ।ਉਨ੍ਹਾਂ ਮੰਗ ਕੀਤੀ ਕਿ ਮੁਲਜ਼ਮਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਸਖ਼ਤ ਸਜ਼ਾ ਦਿੱਤੀ ਜਾਵੇ ਤਾਂ ਜੋ ਭਵਿੱਖ ਵਿੱਚ ਕੋਈ ਅਜਿਹੀ ਹਰਕਤ ਨਾ ਕਰ ਸਕੇ।
ਇਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਤਲਵੰਡੀ ਭੰਗੇਰੀਆਂ, ਖਣਮੁੱਖ ਭਾਰਤੀ ਪੱਤੋ ਜ਼ਿਲ੍ਹਾ ਪ੍ਰਧਾਨ ਸ਼ਹਿਰੀ,ਕਮਲਜੀਤ ਸਿੰਘ ਕੈਨੇਡਾ,ਬਚਿੱਤਰ ਸਿੰਘ ਘੋਲੀਆ ਕੈਨੇਡਾ ,ਸਾਬਕਾ ਸਰਪੰਚ ਬੂਟਾ ਸਿੰਘ ਸੋਸਣ ਅਤੇ ਰਵਦੀਪ ਸਿੰਘ ਦਾਰਾਪੁਰ ਆਦਿ ਨੇ ਇਸ ਘਟਨਾ ਨੂੰ ਕਾਇਰਾਨਾ ਕਰਾਰ ਦਿੰਦਿਆਂ ਕਿਹਾ ਕਿ ਸੰਗਤ ਦੀ ਸੇਵਾ ਲਈ ਮੁਹਈਆ ਬੱਸਾਂ ਨੂੰ ਨੁਕਸਾਨ ਪਹੁੰਚਾਉਣ ਦਾ ਯਤਨ ਨਿੰਦਣਯੋਗ ਹੈ।
ਅਕਾਲੀ ਦਲ ਵਾਰਿਸ ਪੰਜਾਬ ਦੇ ਸੀਨੀਅਰ ਆਗੂ ਦੇਵਿੰਦਰ ਸਿੰਘ ਰਣੀਆ ਅਤੇ ਸਾਬਕਾ ਚੇਅਰਮੈਨ ਅਮਰਜੀਤ ਸਿੰਘ ਗਿੱਲ ਲੰਢੇਕੇ ਨੇ "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਇਸ ਘਟਨਾ ਨੂੰ ਮੰਦਭਾਗੀ ਕਰਾਰ ਦਿੱਤਾ।
ਖ਼ਬਰਾਂ
ਸ੍ਰੀ ਦਰਬਾਰ ਸਾਹਿਬ ਦੀਆਂ ਬੱਸਾਂ ਨੂੰ ਨੁਕਸਾਨ ਪਹੁੰਚਾਉਣ ਦੀ ਹਰਕਤ ਨੂੰ ਵੱਖ ਵੱਖ ਸ਼ਖਸੀਅਤਾਂ ਨੇ ਦੁਖਦਾਈ ਅਤੇ ਮੰਦਭਾਗੀ ਕਰਾਰ ਦਿੱਤਾ
20 ਅਗਸਤ 2026·

ਅInternational Punjabi News
ਇਹ ਖ਼ਬਰ ਸਾਂਝੀ ਕਰੋ:



