ਜੋਗਿੰਦਰ ਸਿੰਘ ਮਾਨ
ਮਾਨਸਾ, 4 ਨਵੰਬਰ: ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਚੱਲ ਰਹੇ ਸੰਘਰਸ਼ ਦੇ 23ਵੇਂ ਦਿਨ ਪੰਜਾਬ ਸਰਕਾਰ ਦੇ ਨੁਮਾਇੰਦਿਆਂ ਅਤੇ ਐਕਸ਼ਨ ਕਮੇਟੀ ਵਿਚਾਲੇ 5 ਘੰਟੇ ਚੱਲੀ ਮੀਟਿੰਗ ਵਿੱਚ ਲੱਖਾ ਸਿਧਾਣਾ ਤੇ ਹੋਰ ਆਗੂਆਂ ਦੀ ਰਿਹਾਈ ਅਤੇ ਹੋਰਨਾਂ ਮੰਗਾਂ ’ਤੇ ਸਹਿਮਤੀ ਬਣ ਗਈ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਪੁਲੀਸ ਦੇ ਉੱਚ ਅਧਿਕਾਰੀਆਂ ਨਾਲ ਹੋਈ । ਆਗੂਆਂ ਦੀ ਰਿਹਾਈ ਮਗਰੋਂ ਹੋਵੇਗਾ ਪੋਸਟ ਮਾਰਟਮ ਤੇ ਅੰਤਿਮ ਸੰਸਕਾਰ। ਇਸ ਦੇ ਨਾਲ ਹੀ 5 ਨਵੰਬਰ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਦੇ ਘਿਰਾਓ ਦਾ ਐਕਸ਼ਨ ਮੁਲਤਵੀ ਕਰ ਦਿੱਤਾ ਗਿਆ ਹੈ। ਦਲਜੀਤ ਸਿੰਘ ਭੰਮੇ ਦੇ ਪਰਿਵਾਰ ਨੂੰ ਵੀ ਨੌਕਰੀ ਅਤੇ ਮੁਆਵਜ਼ੇ ਦਾ ਭਰੋਸਾ

ਐਕਸ਼ਨ ਕਮੇਟੀ ਦੇ ਮੀਡੀਆ ਇੰਚਾਰਜ ਹਰਦੀਪ ਸਿੰਘ ਸਿੱਧੂ ਨੇ "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਨੁਮਾਇੰਦੇ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੀਟਿੰਗ ਦੌਰਾਨ ਜੇਲ੍ਹਾਂ ਵਿੱਚ ਬੰਦ ਲੱਖਾ ਸਿਧਾਣਾ ਅਤੇ ਹੋਰ ਆਗੂਆਂ ਦੀ ਰਿਹਾਈ ਦੇ ਮੁੱਦੇ ’ਤੇ ਕਈ ਘੰਟੇ ਪੇਚ ਅੜਿਆ ਰਿਹਾ। ਹੋਰ ਮੰਗਾਂ ’ਤੇ ਲਗਭਗ ਸਹਿਮਤੀ ਬਣਨ ਦੇ ਬਾਵਜੂਦ ਐਕਸ਼ਨ ਕਮੇਟੀ ਆਗੂਆਂ ਦੀ ਰਿਹਾਈ ਤੋਂ ਬਿਨਾਂ ਪੋਸਟਮਾਰਟਮ ਅਤੇ ਅੰਤਿਮ ਸੰਸਕਾਰ ਲਈ ਸਹਿਮਤ ਨਹੀਂ ਸੀ।
ਸ੍ਰੀ ਸਿੱਧੂ ਅਨੁਸਾਰ ਮੀਟਿੰਗ ਵਿੱਚ ਖਿਆਲਾ ਕਲਾਂ ਵਿਖੇ ਝੋਟਾ ਦੇ ਨਾਮ ’ਤੇ ਟਰੌਮਾ ਸੈਂਟਰ ਬਣਾਉਣ ਲਈ ਇੱਕ ਹਫ਼ਤੇ ਵਿੱਚ ਮਨਜ਼ੂਰੀ ਦੇਣ ’ਤੇ ਸਹਿਮਤੀ ਬਣੀ। ਇਸ ਤੋਂ ਇਲਾਵਾ ਸਬੰਧਤ ਪੁਲੀਸ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਵਿਰੁੱਧ ਸਮਾਂਬੱਧ ਉੱਚ ਪੱਧਰੀ ਜਾਂਚ ਕਰਵਾਉਣ ਅਤੇ ਝੋਟਾ ਦੇ ਪਰਿਵਾਰ ਨੂੰ ਨੌਕਰੀ ਤੇ ਮੁਆਵਜ਼ਾ ਦੇਣ ਦਾ ਭਰੋਸਾ ਦਿੱਤਾ ਗਿਆ।

ਪਰਿਵਾਰ ਮੁਤਾਬਕ ਝੋਟਾ ਦੀ ਯਾਦ ਵਿੱਚ ਬੁੱਤ ਲਗਾਉਣ ’ਤੇ ਸਹਿਮਤੀ ਬਣ ਗਈ ਹੈ, ਪਰ ਘਟਨਾ ਵਾਲੀ ਥਾਂ ’ਤੇ ਬੁੱਤ ਲਗਾਉਣ ਬਾਰੇ ਸਹਿਮਤੀ ਨਹੀਂ ਬਣ ਸਕੀ। ਇਸ ਸਬੰਧੀ ਸਰਕਾਰ ਦੇ ਨੁਮਾਇੰਦਿਆਂ ਦਾ ਕਹਿਣਾ ਸੀ ਕਿ ਘਟਨਾ ਵਾਲੀ ਥਾਂ ਨਿੱਜੀ ਜਾਇਦਾਦ ਹੋਣ ਕਾਰਨ ਉੱਥੇ ਬੁੱਤ ਲਗਾਉਣ ਵਿੱਚ ਕਾਨੂੰਨੀ ਅੜਚਣ ਆ ਸਕਦੀ ਹੈ।

ਸ੍ਰੀ ਸਿੱਧੂ ਨੇ ਦੱਸਿਆ ਕਿ ਐਕਸ਼ਨ ਕਮੇਟੀ ਨੇ ਗ੍ਰਿਫ਼ਤਾਰ ਆਗੂਆਂ ਦੀ ਬਿਨਾਂ ਸ਼ਰਤ ਰਿਹਾਈ ਅਤੇ ਉਨ੍ਹਾਂ ਖ਼ਿਲਾਫ਼ ਦਰਜ ਪਰਚੇ ਰੱਦ ਕਰਨ ਦੀ ਮੰਗ ਰੱਖੀ। ਕਮੇਟੀ ਦੀਆਂ ਮੰਗਾਂ ਵਿੱਚ 13 ਅਕਤੂਬਰ ਤੋਂ ਸ਼ੁਰੂ ਹੋਏ ਸੰਘਰਸ਼ ਦੌਰਾਨ ਭੰਮੇ ਕਲਾਂ, ਬੁਢਲਾਡਾ ਅਤੇ ਅਕਲੀਆ ਨਾਲ ਸਬੰਧਤ ਦਰਜ ਪਰਚਿਆਂ ਤੋਂ ਇਲਾਵਾ ਪੰਜਾਬ ਭਰ ਵਿੱਚ ਫਲੈਕਸ ਪਾੜਨ ਬਾਰੇ ਦਰਜ ਪਰਚੇ ਅਤੇ ਝੋਟਾ ਦੇ ਪਿਤਾ ਤੇ ਐਂਟੀ ਡਰੱਗ ਟਾਸਕ ਫੋਰਸ ਦੇ ਕਾਰਕੁਨਾਂ ਖ਼ਿਲਾਫ਼ ਪਹਿਲਾਂ ਤੋਂ ਦਰਜ ਕਥਿਤ ਝੂਠੇ ਪਰਚੇ ਰੱਦ ਕਰਨਾ ਵੀ ਸ਼ਾਮਲ ਸੀ।

ਇਸ ਮੌਕੇ ਪਰਿਵਾਰ ਵੱਲੋਂ ਭੀਮ ਸਿੰਘ ਫ਼ੌਜੀ, ਬੀਬੀ ਮਨਪ੍ਰੀਤ ਕੌਰ ਅਤੇ ਸੂਬੇਦਾਰ ਹਰਪ੍ਰੀਤ ਸਿੰਘ; ਨਸ਼ਿਆਂ ਵਿਰੋਧੀ ਟਾਸਕ ਫੋਰਸ ਦੇ ਆਗੂ ਗਗਨਦੀਪ ਸਿਰਸੀਵਾਲਾ, ਅਮਨ ਪਟਵਾਰੀ, ਕੁਲਵਿੰਦਰ ਸਿੰਘ ਸੁੱਖੀ ਅਤੇ ਭੁਪਿੰਦਰ ਸਿੰਘ ਰੂਬੀ; ਐਕਸ਼ਨ ਕਮੇਟੀ ਵੱਲੋਂ ਰਾਜਵਿੰਦਰ ਰਾਣਾ, ਕ੍ਰਿਸ਼ਨ ਚੌਹਾਨ, ਹਰਿੰਦਰ ਸਿੰਘ ਮਾਨਸ਼ਾਹੀਆ, ਡਾ. ਧੰਨਾ ਮੱਲ ਗੋਇਲ, ਗੁਰਜੰਟ ਸਿੰਘ ਮਾਨਸਾ, ਬੋਘ ਸਿੰਘ ਮਾਨਸਾ, ਨਿਰਮਲ ਸਿੰਘ ਝੰਡੂਕੇ, ਇੰਦਰਜੀਤ ਸਿੰਘ ਮੁਨਸ਼ੀ, ਦਿਲਬਾਗ ਸਿੰਘ ਗੱਗੀ, ਮਹਿੰਦਰ ਸਿੰਘ ਭੈਣੀਬਾਘਾ, ਕੁਲਵੰਤ ਸਿੰਘ ਕਿਸ਼ਨਗੜ੍ਹ, ਤਰਸੇਮ ਸਿੰਘ ਗੋਬਿੰਦਪੁਰਾ, ਮੁਨੀਸ਼ ਬੱਬੀ ਦਾਨੇਵਾਲੀਆ, ਰਾਜੂ ਦਰਾਕਾ, ਡਾ. ਲਖਵਿੰਦਰ ਸਿੰਘ ਮੂਸਾ, ਸੁਰੇਸ਼ ਨੰਦਗੜੀਆ, ਬਲਜੀਤ ਸ਼ਰਮਾ, ਡਾ. ਜਨਕ ਰਾਜ ਸਿੰਗਲਾ, ਮਾਨਿਕ ਗੋਇਲ, ਜਥੇਦਾਰ ਸਿਕੰਦਰ ਸਿੰਘ, ਸੁਖਵਿੰਦਰ ਸਿੰਘ ਔਲਖ, ਪ੍ਰੇਮ ਅਰੋੜਾ, ਗੁਰਪ੍ਰੀਤ ਸਿੰਘ ਝੱਬਰ, ਹਰਦੀਪ ਸਿੱਧੂ, ਭਗਵੰਤ ਸਿੰਘ ਸਮਾਓ, ਮਨਦੀਪ ਸਿੰਘ ਗੋਰਾ, ਕੁਲਵਿੰਦਰ ਸਿੰਘ ਉੱਡਤ, ਜਸਵੀਰ ਕੌਰ ਨੱਤ, ਹੰਸ ਰਾਜ ਮੋਫ਼ਰ, ਕਰਮਜੀਤ ਸਿੰਘ ਮਾਣੂੰਕੇ, ਅਰਵਿੰਦਰ ਕੌਰ, ਨਰਿੰਦਰ ਬੁਰਜ ਹਮੀਰਾ, ਸੁਖਜੀਤ ਰਾਮਾਨੰਦੀ, ਸਾਬਕਾ ਸੂਬੇਦਾਰ ਦਰਸ਼ਨ ਸਿੰਘ, ਰਾਜਦੀਪ ਗੇਹਲੇ, ਹਰਚਰਨ ਸਿੰਘ ਕੇਕੇਯੂ ਅਤੇ ਭਜਨ ਸਿੰਘ ਘੁੰਮਣ ਹਾਜ਼ਰ ਸਨ।