ਤਰਨ ਤਾਰਨ (ਅਮਿਤ ਮਰਵਾਹਾ)

ਅਕਾਲੀ ਦਲ ਵਾਰਸ ਪੰਜਾਬ ਵੱਲੋਂ ਪਾਰਟੀ ਨੂੰ ਜ਼ਮੀਨੀ ਪੱਧਰ 'ਤੇ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਕੀਤੀਆਂ ਜਾ ਰਹੀਆਂ ਨਿਯੁਕਤੀਆਂ ਦੇ ਤਹਿਤ ਸੁਪਰੀਮ ਕਮੇਟੀ ਦੇ ਮੈਂਬਰ ਬਾਪੂ ਅਮਰਜੀਤ ਸਿੰਘ ਨੂੰ ਮਾਝਾ ਜ਼ੋਨ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਇਸ ਮਹੱਤਵਪੂਰਨ ਜ਼ਿੰਮੇਵਾਰੀ ਮਿਲਣ ਉਪਰੰਤ ਉੱਘੇ ਕਾਰੋਬਾਰੀ ਅਤੇ ਸਮਾਜ ਸੇਵੀ ਹਰਪਾਲ ਸਿੰਘ ਤੱਖੂ ਚੱਕ ਵੱਲੋਂ ਉਨ੍ਹਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ ਅਤੇ ਨਵੀਂ ਜ਼ਿੰਮੇਵਾਰੀ ਲਈ ਦਿਲੋਂ ਵਧਾਈ ਦਿੱਤੀ ਗਈ।

ਇਸ ਮੌਕੇ ਹਰਪਾਲ ਸਿੰਘ ਤੱਖੂ ਚੱਕ ਨੇ 'ਇੰਟਰਨੈਸ਼ਨਲ ਪੰਜਾਬੀ ਨਿਊਜ਼' ਦੇ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬਾਪੂ ਅਮਰਜੀਤ ਸਿੰਘ ਲੰਬੇ ਸਮੇਂ ਤੋਂ ਪਾਰਟੀ ਦੀ ਵਿਚਾਰਧਾਰਾ ਨਾਲ ਜੁੜ ਕੇ ਨਿਸ਼ਕਾਮ ਭਾਵਨਾ ਨਾਲ ਸੇਵਾ ਕਰਦੇ ਆ ਰਹੇ ਹਨ। ਉਨ੍ਹਾਂ ਦੀ ਇਮਾਨਦਾਰੀ, ਤਜਰਬੇ ਅਤੇ ਲੋਕਾਂ ਨਾਲ ਨੇੜਤਾ ਨੂੰ ਦੇਖਦੇ ਹੋਏ ਪਾਰਟੀ ਹਾਈਕਮਾਂਡ ਵੱਲੋਂ ਉਨ੍ਹਾਂ ਨੂੰ ਇਹ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਬਾਪੂ ਅਮਰਜੀਤ ਸਿੰਘ ਦੀ ਅਗਵਾਈ ਹੇਠ ਮਾਝਾ ਜ਼ੋਨ ਵਿੱਚ ਪਾਰਟੀ ਹੋਰ ਮਜ਼ਬੂਤ ਹੋਵੇਗੀ ਅਤੇ ਨੌਜਵਾਨਾਂ ਸਮੇਤ ਹਰ ਵਰਗ ਨੂੰ ਨਾਲ ਜੋੜਨ ਵਿੱਚ ਕਾਮਯਾਬੀ ਮਿਲੇਗੀ।

ਸਨਮਾਨ ਸਮਾਰੋਹ ਦੌਰਾਨ ਬਾਪੂ ਅਮਰਜੀਤ ਸਿੰਘ ਨੇ ਪਾਰਟੀ ਦੀ ਸੁਪਰੀਮ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਜੋ ਵਿਸ਼ਵਾਸ ਅਤੇ ਜ਼ਿੰਮੇਵਾਰੀ ਦਿੱਤੀ ਗਈ ਹੈ, ਉਹ ਉਸ ਨੂੰ ਪੂਰੀ ਤਨਦੇਹੀ, ਇਮਾਨਦਾਰੀ ਅਤੇ ਸਮਰਪਣ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਮਾਝਾ ਖੇਤਰ ਦੇ ਹਰ ਪਿੰਡ ਅਤੇ ਹਰ ਵਰਕਰ ਨਾਲ ਸੰਪਰਕ ਕਰਕੇ ਪਾਰਟੀ ਦੇ ਸੰਗਠਨ ਨੂੰ ਹੋਰ ਮਜ਼ਬੂਤ ਬਣਾਇਆ ਜਾਵੇਗਾ ਅਤੇ ਲੋਕਾਂ ਦੇ ਮੁੱਦਿਆਂ ਨੂੰ ਪਹਿਲ ਦੇ ਆਧਾਰ 'ਤੇ ਉਠਾਇਆ ਜਾਵੇਗਾ।

ਉਨ੍ਹਾਂ ਕਿਹਾ ਕਿ ਪਾਰਟੀ ਦੇ ਵਰਕਰ ਹੀ ਅਸਲ ਤਾਕਤ ਹਨ ਅਤੇ ਉਨ੍ਹਾਂ ਦੇ ਸਹਿਯੋਗ ਨਾਲ ਸੰਗਠਨ ਨੂੰ ਨਵੀਆਂ ਉਚਾਈਆਂ ਤੱਕ ਲਿਜਾਇਆ ਜਾਵੇਗਾ। ਪਾਰਟੀ ਦੀਆਂ ਨੀਤੀਆਂ ਅਤੇ ਲੋਕ-ਹਿੱਤ ਦੇ ਮੁੱਦਿਆਂ ਨੂੰ ਘਰ-ਘਰ ਤੱਕ ਪਹੁੰਚਾਇਆ ਜਾਵੇਗਾ ਤਾਂ ਜੋ ਵੱਧ ਤੋਂ ਵੱਧ ਲੋਕ ਪਾਰਟੀ ਨਾਲ ਜੁੜ ਸਕਣ।

ਇਸ ਮੌਕੇ ਮੌਜੂਦ ਆਗੂਆਂ ਅਤੇ ਵਰਕਰਾਂ ਨੇ ਵੀ ਬਾਪੂ ਅਮਰਜੀਤ ਸਿੰਘ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੰਦਿਆਂ ਉਨ੍ਹਾਂ ਦੀ ਕਾਮਯਾਬੀ ਦੀ ਕਾਮਨਾ ਕੀਤੀ। ਸਮਾਗਮ ਦੌਰਾਨ ਆਪਸੀ ਏਕਤਾ, ਸੰਗਠਨ ਦੀ ਮਜ਼ਬੂਤੀ ਅਤੇ ਲੋਕ ਸੇਵਾ ਦੇ ਸੰਕਲਪ ਨੂੰ ਹੋਰ ਮਜ਼ਬੂਤ ਕਰਨ ਦਾ ਅਹਿਦ ਵੀ ਲਿਆ ਗਿਆ।