ਧਰਮਕੋਟ, 14 ਮਈ(ਹਰਦੀਪ ਸਿੰਘ )
ਕੋਟ ਈਸੇ ਖਾਂ ਵਿਖੇ ਅੱਜ ਮਾਹੌਲ ਉਸ ਵੇਲੇ ਗਰਮਾ ਗਿਆ ਜਦੋਂ ਨਗਰ ਪੰਚਾਇਤ ਚੋਣਾਂ ਦੀਆਂ ਨਾਮਜ਼ਦਗੀਆਂ ਭਰਨ ਲਈ ਆਏ ਅਕਾਲੀ ਉਮੀਦਵਾਰਾਂ ਨੂੰ ਪ੍ਰਸ਼ਾਸਨ ਨੇ ਇਤਰਾਜ਼ਹੀਣਤਾ ਸਰਟੀਫਿਕੇਟ ਜਾਰੀ ਨਾ ਕੀਤੇ।ਉਸ ਉੱਤੇ ਅਕਾਲੀ ਉਮੀਦਵਾਰ ਭੜਕ ਉੱਠੇ ਅਤੇ ਅਕਾਲੀ ਆਗੂ ਬਰਜਿੰਦਰ ਸਿੰਘ ਮੱਖਣ ਬਰਾੜ ਅਤੇ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਤਲਵੰਡੀ ਭੰਗੇਰੀਆਂ ਦੀ ਅਗਵਾਈ ਹੇਠ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ । ਅਕਾਲੀ ਆਗੂ ਮੱਖਣ ਬਰਾੜ ਨੇ ਨਗਰ ਪੰਚਾਇਤ ਪ੍ਰਸ਼ਾਸਨ ਉੱਤੇ ਦੋਸ਼ ਲਾਇਆ ਕਿ ਉਹ ਜਾਣਬੁੱਝ ਕੇ ਸੱਤਾਧਾਰੀ ਧਿਰ ਦੇ ਇਸ਼ਾਰੇ ਤੇ ਵਿਰੋਧੀ ਉਮੀਦਵਾਰਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਹੈ ਅੱਜ ਨਾਮਜਦਗੀਆਂ ਦੇ ਪਹਿਲੇ ਦਿਨ ਉਹ ਅਕਾਲੀ ਉਮੀਦਵਾਰਾਂ ਦੇ ਕਾਗਜ਼ ਦਾਖਲ ਕਰਨ ਲਈ ਨਗਰ ਪੰਚਾਇਤ ਦਫਤਰ ਆਏ ਸਨ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀਆਂ ਪ੍ਰਕਿਰਿਆ ਲਈ ਉਮੀਦਵਾਰਾਂ ਦੇ ਨੌ ਡਿਉਂ ਇਤਰਾਜ਼ਹੀਣਤਾ ਸਰਟੀਫਿਕੇਟ ਹਾਸਲ ਕਰਨ ਲਈ ਜਦੋਂ ਦਫਤਰ ਨਾਲ ਸਪੰਰਕ ਕੀਤਾ ਤਾਂ ਕਾਰਜਸਾਧਕ ਅਫਸਰ ਦਫਤਰ ਤੋਂ ਗਾਇਬ ਮਿਲੇ।ਜਦੋ ਅਧਿਕਾਰੀ ਨਾਲ ਮੋਬਾਈਲ ਫੋਨ ਉੱਤੇ ਗੱਲ ਕੀਤੀ ਤਾਂ ਉਨ੍ਹਾਂ ਜ਼ਰੂਰੀ ਨਿੱਜੀ ਕੰਮ ਦਾ ਹਵਾਲਾ ਦੇ ਕੇ ਦਫਤਰ ਆਉਣ ਤੋਂ ਅਸਮਰੱਥਤਾ ਪ੍ਰਗਟਾਈ। ਅਕਾਲੀ ਆਗੂ ਨੇ ਕਿਹਾ ਕਿ ਅਧਿਕਾਰੀ ਜਾਣਬੁੱਝ ਕੇ ਸੱਤਾਧਾਰੀ ਧਿਰ ਦੇ ਕਹਿਣ ਉੱਤੇ ਦਫਤਰ ਤੋਂ ਗੈਰਹਾਜ਼ਰ ਹੋ ਰਹੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਤੇ ਪੁਲੀਸ ਮੁਖੀ ਨੇ ਵੀ ਉਨ੍ਹਾਂ ਦਾ ਫੋਨ ਸੁਣਨਾ ਗਵਾਰਾ ਨਹੀਂ ਸਮਝਿਆ। ਉਨ੍ਹਾਂ ਕਿਹਾ ਕਿ ਲੰਘੀਆਂ ਪੰਚਾਇਤੀ ਚੋਣਾਂ ਦੇ ਵੀ ਪ੍ਰਸ਼ਾਸਨ ਦਾ ਇਹੋ ਵਰਤਾਰਾ ਰਿਹਾ ਸੀ। ਉਨ੍ਹਾਂ ਨੇ ਦੱਸਿਆ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਧਿਆਨ ਵਿੱਚ ਇਹ ਮਾਮਲਾ ਲਿਆ ਦਿੱਤਾ ਗਿਆ ਹੈ।ਇਸ ਸਬੰਧੀ ਅਕਾਲੀ ਦਲ ਵਲੋਂ ਪੰਜਾਬ ਚੋਣ ਕਮਿਸ਼ਨ ਤੱਕ ਪਹੁੰਚ ਕੀਤੀ ਜਾ ਰਹੀ ਹੈ।ਇਸ ਸਬੰਧੀ ਕਾਰਜਸਾਧਕ ਅਧਿਕਾਰੀ ਅਮਰਿੰਦਰ ਸਿੰਘ ਨੇ ਦੱਸਿਆ ਕਿ ਉਹ ਮੀਟਿੰਗ ਦੇ ਸਿਲਸਿਲੇ ਵਿੱਚ ਦਫਤਰ ਤੋਂ ਬਾਹਰ ਹਨ। ਜਿਨ੍ਹਾਂ 12 ਉਮੀਦਵਾਰਾਂ ਨੇ ਇਤਰਾਜ਼ਹੀਣਤਾ ਸਰਟੀਫਿਕੇਟ ਅਪਲਾਈ ਕੀਤੇ ਸਨ।ਸਭ ਦੀ ਜਾਂਚ ਪੜਤਾਲ ਕਰਨ ਤੋਂ ਬਾਅਦ ਉਹ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਨਗਰ ਪੰਚਾਇਤ ਕੋਟ ਈਸੇ ਖਾਂ ਦੀ ਚੋਣ ਵਿੱਚ ਚੋਣ ਕਮਿਸ਼ਨ ਵਲੋਂ ਜਾਰੀ ਹਿਦਾਇਤਾਂ ਦੀ ਪਾਲਣਾ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਚੋਣਾਂ ਪੂਰੀ ਤਰ੍ਹਾਂ ਪਾਰਦਰਸ਼ੀ ਢੰਗ ਨਾਲ ਕਰਵਾਈਆਂ ਜਾਣਗੀਆਂ।
ਬਾਅਦ ਵਿਚ ਹਲਕਾ ਧਰਮਕੋਟ ਦੇ ਵਿਧਾਇਕ ਦੇਵਿੰਦਰਜੀਤ ਸਿੰਘ ਲਾਡੀ ਢੋਸ ਨੇ ਸੋਸ਼ਲ ਮੀਡੀਆ 'ਤੇ ਸੰਬੋਧਨ ਕਰਦਿਆਂ ਕਿਹਾ ਕਿ ਚੋਣਾਂ ਸ਼ਾਂਤੀਪੂਰਨ ਅਤੇ ਪਾਰਦਰਸ਼ੀ ਢੰਗ ਨਾਲ ਕਾਰਵਾਈਆਂ ਜਾਣਗੀਆਂ, ਇਸ ਲਈ ਪ੍ਰਸ਼ਾਸਨ ਨੂੰ ਇਤਰਾਜ਼ਹੀਣਤਾ ਸਰਟੀਫਿਕੇਟ ਜਾਰੀ ਕਰਨ ਲਈ ਆਖ ਦਿੱਤਾ ਗਿਆ ਹੈ।
ਖ਼ਬਰਾਂ
ਇਤਰਾਜ਼ਹੀਣਤਾ ਸਰਟੀਫਿਕੇਟ ਜਾਰੀ ਨਾ ਕਰਨ ਤੇ ਅਕਾਲੀ ਵਰਕਰ ਭੜਕੇ
* ਨਿਗਮ / ਕੌਂਸਿਲ ਚੋਣਾਂ 2026
14 ਮਈ 2026·

ਅInternational Punjabi News
ਇਹ ਖ਼ਬਰ ਸਾਂਝੀ ਕਰੋ:



