ਧਰਮਕੋਟ, 1 ਨਵੰਬਰ (ਜਸ਼ਨ ) : ਵਿਧਾਇਕ ਲਾਡੀ ਢੋਸ ਨੂੰ ਦੋਬਾਰਾ ਆਪ ਉਮੀਦਵਾਰ ਐਲਾਨੇ ਜਾਣ ਤੇ ਅਕਾਲੀਆਂ ਨੇ ਪ੍ਰੈਸ ਕਾਨਫਰੰਸ ਕਰਦਿਆਂ ਵਿਧਾਇਕ ਨੂੰ ਲੋਕ ਕਚਹਿਰੀ ਵਿਚ ਖੜੇ ਕਰਨ ਦੀ ਗੱਲ ਆਖੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ਵਿਚ ਹੋਈ ਪ੍ਰੈਸ ਕਾਨਫਰੰਸ ਦੌਰਾਨ ਜ਼ਿਲਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਤਲਵੰਡੀ ਭੰਗੇਰੀਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਸੱਤਾ ਵਿਚ ਆਉਣ ਤੇ ਖੁਦ ਹੀ ਐਲਾਨ ਕੀਤਾ ਸੀ ਕਿ ਅਗਲੀ ਵਾਰ ਕੰਮ ਦੇ ਆਧਾਰ ਤੇ ਵਿਧਾਇਕ ਲੋਕਾਂ ਵਿਚ ਜਾਣਗੇ ਤੇ ਹੁਣ ਉਹ ਸਮਾਂ ਆ ਗਿਆ ਹੈ ਕਿ ਵਿਧਾਇਕ ਦੱਸਣ ਕਿ ਉਹਨਾਂ ਨੇ ਕੀ ਵਿਕਾਸ ਕਰਵਾਇਆ ਹੈ ?
ਇਸ ਮੌਕੇ ਬਰਜਿੰਦਰ ਸਿੰਘ ਬਰਾੜ ਨੇ ਕਿਹਾ ਦਵਿੰਦਰ ਜੀਤ ਸਿੰਘ ਲਾਡੀ ਢੋਸ਼ ਨੇ ਹਿਕ ਥਾਪੜ ਕੇ ਹਲਕੇ ਦੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਉਹ ਹਲਕੇ ਵਿੱਚ ਨਸ਼ਾ ਨਹੀਂ ਵਿਕਣ ਦੇਣਗੇ ।
ਉਨ੍ਹਾਂ ਸਵਾਲ ਚੁੱਕਦਿਆਂ ਕਿਹਾ ਕਿ ਜੇਕਰ ਹਲਕੇ ਵਿੱਚ ਨਸ਼ਾ ਖ਼ਤਮ ਹੋ ਚੁੱਕਾ ਹੈ ਤਾਂ ਫਿਰ ਨਸ਼ੇ ਕਾਰਨ ਮਾਵਾਂ ਦੇ ਗੱਭਰੂ ਪੁੱਤ ਆਪਣੀਆਂ ਜਾਨਾਂ ਕਿਉਂ ਗੁਆ ਰਹੇ ਹਨ? ਉਨ੍ਹਾਂ ਕਿਹਾ ਕਿ ਹਲਕਾ ਵਿਧਾਇਕ ਨੂੰ ਲੋਕਾਂ ਦੇ ਇਨ੍ਹਾਂ ਸਵਾਲਾਂ ਦਾ ਜਵਾਬ ਦੇਣਾ ਚਾਹੀਦਾ ਹੈ।
ਮੱਖਣ ਬਰਾੜ ਨੇ ਅੱਗੇ ਕਿਹਾ ਕਿ ਧਰਮਕੋਟ ਹਲਕੇ ਵਿੱਚ ਨਾ ਤਾਂ ਨਸ਼ਿਆਂ ਦੀ ਸਮੱਸਿਆ ਖ਼ਤਮ ਹੋਣ ਦਾ ਦਾਅਵਾ ਜ਼ਮੀਨੀ ਪੱਧਰ 'ਤੇ ਸਾਬਤ ਹੋਇਆ ਹੈ ਅਤੇ ਨਾ ਹੀ ਕੋਈ ਵੱਡਾ ਵਿਕਾਸ ਪ੍ਰੋਜੈਕਟ ਲੋਕਾਂ ਨੂੰ ਦਿਖਾਈ ਦੇ ਰਿਹਾ ਹੈ।
ਸਿਹਤ ਅਤੇ ਸਿੱਖਿਆ ਦੇ ਮੁੱਦੇ 'ਤੇ ਸਰਕਾਰ ਨੂੰ ਘੇਰਦਿਆਂ ਉਨ੍ਹਾਂ ਦੋਸ਼ ਲਾਇਆ ਕਿ ਪਿੰਡਾਂ ਵਿੱਚ ਪਹਿਲਾਂ ਤੋਂ ਬਣੀਆਂ ਡਿਸਪੈਂਸਰੀਆਂ ਨੂੰ ਮੁਹੱਲਾ ਕਲੀਨਿਕਾਂ ਵਿੱਚ ਤਬਦੀਲ ਕਰਨ ਦੇ ਬਾਵਜੂਦ ਲੋਕਾਂ ਨੂੰ ਸਿਹਤ ਸਹੂਲਤਾਂ ਸਬੰਧੀ ਉਮੀਦਾਂ ਅਨੁਸਾਰ ਸੁਧਾਰ ਨਹੀਂ ਮਿਲਿਆ।
ਸਿੱਖਿਆ ਪ੍ਰਣਾਲੀ ਬਾਰੇ ਗੱਲ ਕਰਦਿਆਂ ਉਨ੍ਹਾਂ ਦਾਅਵਾ ਕੀਤਾ ਕਿ ਜ਼ਿਲ੍ਹੇ ਦੇ ਕਰੀਬ 80 ਫ਼ੀਸਦੀ ਸਕੂਲਾਂ ਵਿੱਚ ਅਧਿਆਪਕਾਂ ਦੀਆਂ ਅਸਾਮੀਆਂ ਪੂਰੀਆਂ ਨਹੀਂ ਹਨ। ਕਈ ਸਕੂਲ ਮੁੱਖ ਅਧਿਆਪਕਾਂ ਅਤੇ ਪ੍ਰਿੰਸੀਪਲਾਂ ਤੋਂ ਬਿਨਾਂ ਹੀ ਚੱਲ ਰਹੇ ਹਨ, ਜਿਸ ਕਾਰਨ ਬੱਚਿਆਂ ਦੀ ਪੜ੍ਹਾਈ ਪ੍ਰਭਾਵਿਤ ਹੋ ਰਹੀ ਹੈ।
ਕੁੱਲ ਮਿਲਾ ਕੇ ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਸੂਚੀ ਜਾਰੀ ਹੋਣ ਤੋਂ ਬਾਅਦ ਧਰਮਕੋਟ ਦੀ ਸਿਆਸਤ ਵਿੱਚ ਬਿਆਨਬਾਜ਼ੀ ਤੇਜ਼ ਹੋ ਗਈ ਹੈ। ਹੁਣ ਦੇਖਣਾ ਹੋਵੇਗਾ ਕਿ ਆਉਣ ਵਾਲੇ ਸਮੇਂ ਵਿੱਚ ਹਲਕਾ ਵਿਧਾਇਕ ਲਾਡੀ ਢੋਸ ਵੱਲੋਂ ਵਿਰੋਧੀ ਧਿਰ ਵੱਲੋਂ ਚੁੱਕੇ ਗਏ ਇਨ੍ਹਾਂ ਸਵਾਲਾਂ ਦਾ ਕੀ ਜਵਾਬ ਦਿੱਤਾ ਜਾਂਦਾ ਹੈ।
ਖ਼ਬਰਾਂ
ਲਾਡੀ ਢੋਸ ਨੂੰ ਦੋਬਾਰਾ ਆਪ ਉਮੀਦਵਾਰ ਐਲਾਨੇ ਜਾਣ ਤੇ ਅਕਾਲੀਆਂ ਨੇ ਕੀਤੀ ਪ੍ਰੈਸ ਕਾਨਫਰੰਸ ;ਸਾਧੇ ਨਿਸ਼ਾਨੇ
1 ਨਵੰਬਰ 2026·

ਅInternational Punjabi News
ਇਹ ਖ਼ਬਰ ਸਾਂਝੀ ਕਰੋ:



