ਤਰਨਤਾਰਨ, 17 ਜੁਲਾਈ ( ਅਮਿਤ ਮਰਵਾਹਾ)
ਆਮ ਆਦਮੀ ਪਾਰਟੀ ਵੱਲੋਂ ਪਾਰਟੀ ਪ੍ਰਤੀ ਨਿਸ਼ਠਾ ਅਤੇ ਸਮਰਪਣ ਨਾਲ ਸੇਵਾਵਾਂ ਨਿਭਾਉਣ ਵਾਲੇ ਆਗੂਆਂ ਨੂੰ ਲਗਾਤਾਰ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਜਾ ਰਹੀਆਂ ਹਨ। ਇਸੇ ਕੜੀ ਤਹਿਤ ਉੱਘੇ ਕਾਰੋਬਾਰੀ ਅਤੇ ਸਮਾਜ ਸੇਵੀ ਅਮਿਤ ਗੁਪਤਾ ਨੂੰ ਅਗਰਵਾਲ ਵੈਲਫੇਅਰ ਬੋਰਡ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਪਾਰਟੀ ਵੱਲੋਂ ਉਨ੍ਹਾਂ ਦੀ ਲੰਬੇ ਸਮੇਂ ਦੀ ਨਿਸ਼ਕਾਮ ਸੇਵਾ ਅਤੇ ਸਮਾਜਿਕ ਯੋਗਦਾਨ ਨੂੰ ਮਿਲੀ ਵੱਡੀ ਮਾਨਤਾ ਵਜੋਂ ਵੇਖੀ ਜਾ ਰਹੀ ਹੈ।
ਨਿਯੁਕਤੀ ਤੋਂ ਬਾਅਦ ਗੱਲਬਾਤ ਕਰਦਿਆਂ ਅਮਿਤ ਗੁਪਤਾ ਨੇ ਕਿਹਾ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਹਲਕਾ ਵਿਧਾਇਕ ਹਰਮੀਤ ਸਿੰਘ ਸੰਧੂ, ਪਾਰਟੀ ਹਾਈ ਕਮਾਂਡ ਅਤੇ ਆਪਣੇ ਵੱਡੇ ਭਰਾ ਕੌਂਸਲਰ ਸੂਰਜ ਸ਼ਰਮਾ ਦਾ ਦਿਲੋਂ ਧੰਨਵਾਦ ਕਰਦੇ ਹਨ, ਜਿਨ੍ਹਾਂ ਨੇ ਉਨ੍ਹਾਂ 'ਤੇ ਭਰੋਸਾ ਕਰਦੇ ਹੋਏ ਇਹ ਮਹੱਤਵਪੂਰਨ ਜ਼ਿੰਮੇਵਾਰੀ ਸੌਂਪੀ ਹੈ।
ਉਨ੍ਹਾਂ ਕਿਹਾ ਕਿ ਇਹ ਅਹੁਦਾ ਉਨ੍ਹਾਂ ਲਈ ਸਿਰਫ਼ ਸਨਮਾਨ ਹੀ ਨਹੀਂ, ਸਗੋਂ ਲੋਕ ਸੇਵਾ ਦਾ ਇੱਕ ਵੱਡਾ ਮੌਕਾ ਵੀ ਹੈ। ਉਹ ਪਾਰਟੀ ਹਾਈ ਕਮਾਂਡ ਵੱਲੋਂ ਦਿੱਤੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਅਗਰਵਾਲ ਸਮਾਜ ਦੇ ਲੋਕਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਸਰਕਾਰ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣ ਲਈ ਹਰ ਸੰਭਵ ਯਤਨ ਕਰਨਗੇ।
ਅਮਿਤ ਗੁਪਤਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਕੰਮ ਕਰ ਰਹੀ ਹੈ ਅਤੇ ਉਹ ਵੀ ਇਸ ਸੋਚ ਨੂੰ ਅੱਗੇ ਵਧਾਉਂਦੇ ਹੋਏ ਸਮਾਜ ਸੇਵਾ ਅਤੇ ਲੋਕ ਭਲਾਈ ਦੇ ਕਾਰਜਾਂ ਵਿੱਚ ਸਰਗਰਮ ਭੂਮਿਕਾ ਨਿਭਾਉਣਗੇ। ਉਨ੍ਹਾਂ ਭਰੋਸਾ ਦਿਵਾਇਆ ਕਿ ਅਗਰਵਾਲ ਵੈਲਫੇਅਰ ਬੋਰਡ ਰਾਹੀਂ ਸਮਾਜ ਦੇ ਵਿਕਾਸ, ਨੌਜਵਾਨਾਂ ਨੂੰ ਪ੍ਰੇਰਿਤ ਕਰਨ ਅਤੇ ਲੋੜਵੰਦ ਲੋਕਾਂ ਦੀ ਮਦਦ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ।
ਇਸ ਮੌਕੇ ਪਾਰਟੀ ਵਰਕਰਾਂ ਅਤੇ ਸਮਰਥਕਾਂ ਵਿੱਚ ਖੁਸ਼ੀ ਦਾ ਮਾਹੌਲ ਵੇਖਣ ਨੂੰ ਮਿਲਿਆ। ਵਰਕਰਾਂ ਨੇ ਅਮਿਤ ਗੁਪਤਾ ਨੂੰ ਵਧਾਈ ਦਿੰਦਿਆਂ ਆਸ ਪ੍ਰਗਟਾਈ ਕਿ ਉਨ੍ਹਾਂ ਦੀ ਅਗਵਾਈ ਹੇਠ ਬੋਰਡ ਸਮਾਜ ਦੀ ਭਲਾਈ ਲਈ ਨਵੇਂ ਮਾਪਦੰਡ ਸਥਾਪਿਤ ਕਰੇਗਾ।




