ਸ੍ਰੀ ਅੰਮ੍ਰਿਤਸਰ ਸਾਹਿਬ , 3 ਮਈ(ਜਸ਼ਨ ) ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੂੰ ਇੱਕ ਵੱਡੀ ਸਫਲਤਾ ਹਾਸਲ ਹੋਈ ਹੈ। ਪੁਲਿਸ ਨੇ ਅੰਤਰਰਾਸ਼ਟਰੀ ਹਥਿਆਰ ਤਸਕਰੀ ਦੇ ਇੱਕ ਸੁਚੱਜੇ ਤਰੀਕੇ ਨਾਲ ਚੱਲ ਰਹੇ ਮੋਡੀਊਲ ਨੂੰ ਤੋੜਦਿਆਂ 4 ਆਰੋਪੀਆਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ‘ਚੋਂ 7 ਆਧੁਨਿਕ ਪਿਸਤੌਲ ਬਰਾਮਦ ਕੀਤੀਆਂ ਹਨ। ਬਰਾਮਦ ਹਥਿਆਰਾਂ ਵਿੱਚ 2 ਗਲੌਕ 9mm (ਆਸਟਰੀਆ ਬਣੀ), 4 .30 ਬੋਰ (ਚੀਨ ਬਣੀਆਂ) ਅਤੇ 1 ਹੋਰ .30 ਬੋਰ ਪਿਸਤੌਲ ਸ਼ਾਮਲ ਹੈ, ਜੋ ਕਾਫੀ ਘਾਤਕ ਮੰਨੀਆਂ ਜਾਂਦੀਆਂ ਹਨ।
ਪ੍ਰਾਰੰਭਿਕ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫਤਾਰ ਕੀਤੇ ਗਏ ਆਰੋਪੀ ਪਾਕਿਸਤਾਨ ਵਿੱਚ ਬੈਠੇ ਤਸਕਰਾਂ ਨਾਲ ਸੋਸ਼ਲ ਮੀਡੀਆ ਰਾਹੀਂ ਸੰਪਰਕ ਵਿੱਚ ਸਨ। ਇਹ ਨੈੱਟਵਰਕ ਗੈਰਕਾਨੂੰਨੀ ਹਥਿਆਰਾਂ ਦੀਆਂ ਖੇਪਾਂ ਮੰਗਵਾ ਕੇ ਪੰਜਾਬ ਵਿੱਚ ਅਪਰਾਧਿਕ ਤੱਤਾਂ ਤੱਕ ਪਹੁੰਚਾਉਣ ਦਾ ਕੰਮ ਕਰ ਰਿਹਾ ਸੀ। ਪੁਲਿਸ ਅਨੁਸਾਰ, ਇਹ ਇੱਕ ਸੁਚਾਰੂ ਅਤੇ ਯੋਜਨਾਬੱਧ ਤਰੀਕੇ ਨਾਲ ਚੱਲ ਰਿਹਾ ਗਿਰੋਹ ਸੀ, ਜਿਸ ਦਾ ਸਮੇਂ ‘ਤੇ ਪਰਦਾਫਾਸ਼ ਹੋਣਾ ਵੱਡੀ ਕਾਮਯਾਬੀ ਹੈ।
ਕਮਿਸ਼ਨਰ ਭੁੱਲਰ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਆਰੋਪੀ ਪੜ੍ਹੇ-ਲਿਖੇ ਨੌਜਵਾਨ ਹਨ ਜੋ ਪ੍ਰਾਈਵੇਟ ਕੰਪਨੀਆਂ ਵਿੱਚ ਨੌਕਰੀ ਕਰਦੇ ਸਨ, ਪਰ ਛੋਟੇ ਲਾਲਚਾਂ ਕਰਕੇ ਇਸ ਗੈਰਕਾਨੂੰਨੀ ਕੰਮ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਕਿਹਾ ਕਿ ਜੇ ਇਹ ਹਥਿਆਰ ਅੱਗੇ ਕਿਸੇ ਗੈਂਗਸਟਰ ਜਾਂ ਅੱਤਵਾਦੀ ਗਰੁੱਪ ਤੱਕ ਪਹੁੰਚ ਜਾਂਦੇ ਤਾਂ ਵੱਡੀਆਂ ਅਪਰਾਧਿਕ ਘਟਨਾਵਾਂ ਹੋ ਸਕਦੀਆਂ ਸਨ।
ਇਸ ਮਾਮਲੇ ਵਿੱਚ ਥਾਣਾ ਕੈਂਟੋਨਮੈਂਟ, ਅੰਮ੍ਰਿਤਸਰ ਵਿੱਚ ਆਰਮਜ਼ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਹੁਣ ਪੁਲਿਸ ਵੱਲੋਂ ਇਸ ਨੈੱਟਵਰਕ ਦੇ ਅੱਗੇ-ਪਿੱਛੇ ਦੇ ਸਾਰੇ ਲਿੰਕ ਖੰਗਾਲੇ ਜਾ ਰਹੇ ਹਨ। ਹੋਰ ਸ਼ਾਮਲ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਵੀ ਜਲਦੀ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਪੰਜਾਬ ਪੁਲਿਸ ਨੇ ਦੁਹਰਾਇਆ ਕਿ ਗੈਰਕਾਨੂੰਨੀ ਹਥਿਆਰਾਂ, ਸਰਹੱਦੀ ਤਸਕਰੀ ਅਤੇ ਸੁੰਗਠਿਤ ਅਪਰਾਧ ਦੇ ਖਿਲਾਫ “ਜ਼ੀਰੋ ਟੋਲਰੈਂਸ” ਨੀਤੀ ਤਹਿਤ ਸਖ਼ਤ ਕਾਰਵਾਈ ਜਾਰੀ ਰਹੇਗੀ। ਇਹ ਕਾਰਵਾਈ ਸੂਬੇ ਵਿੱਚ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਮੰਨੀ ਜਾ ਰਹੀ ਹੈ।