ਮੋਗਾ 17 ਜੁਲਾਈ (ਜਸ਼ਨ )ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਪੰਜਾਬ ਨੂੰ ਦਿੱਤੀਆਂ ਜਾ ਰਹੀਆਂ ਵਿਕਾਸ ਯੋਜਨਾਵਾਂ ਅਤੇ ਨਵੀਆਂ ਸੌਗਾਤਾਂ ਲਈ ਉਨ੍ਹਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਦਾ ਪੰਜਾਬ ਪ੍ਰਤੀ ਮੋਹ ਅਤੇ ਸੂਬੇ ਨੂੰ ਵਿਕਾਸ, ਨਿਵੇਸ਼ ਅਤੇ ਖੁਸ਼ਹਾਲੀ ਦੇ ਰਾਹ 'ਤੇ ਅੱਗੇ ਲੈ ਜਾਣ ਦਾ ਸੰਕਲਪ ਵੱਖ-ਵੱਖ ਯੋਜਨਾਵਾਂ ਅਤੇ ਵਿਕਾਸ ਪਰਿਯੋਜਨਾਵਾਂ ਰਾਹੀਂ ਲਗਾਤਾਰ ਸਪੱਸ਼ਟ ਹੋ ਰਿਹਾ ਹੈ। ਡਾ. ਹਰਜੋਤ ਕਮਲ ਨੇ ਕਿਹਾ ਕਿ ਅੰਮ੍ਰਿਤਸਰ ਤੋਂ ਵਾਰਾਣਸੀ ਵਿਚਕਾਰ ਨਵੀਂ ਰੇਲ ਸੇਵਾ ਦੀ ਸ਼ੁਰੂਆਤ ਪੰਜਾਬ, ਖ਼ਾਸ ਕਰਕੇ ਰਾਮਦਾਸੀਆ ਸਮਾਜ ਅਤੇ ਹੋਰ ਸ਼ਰਧਾਲੂਆਂ ਲਈ ਇੱਕ ਇਤਿਹਾਸਕ ਪਹਿਲ ਹੈ। ਇਸ ਨਾਲ ਸ੍ਰੀ ਕਾਸ਼ੀ ਵਿਸ਼ਵਨਾਥ ਧਾਮ ਦੀ ਯਾਤਰਾ ਪਹਿਲਾਂ ਨਾਲੋਂ ਵਧੇਰੇ ਆਸਾਨ, ਸੁਵਿਧਾਜਨਕ ਅਤੇ ਕਿਫ਼ਾਇਤੀ ਬਣੇਗੀ। ਉਨ੍ਹਾਂ ਕਿਹਾ ਕਿ ਇਹ ਕਦਮ ਧਾਰਮਿਕ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਪੰਜਾਬ ਅਤੇ ਉੱਤਰ ਪ੍ਰਦੇਸ਼ ਦਰਮਿਆਨ ਸੱਭਿਆਚਾਰਕ ਅਤੇ ਸਮਾਜਿਕ ਸਬੰਧਾਂ ਨੂੰ ਵੀ ਹੋਰ ਮਜ਼ਬੂਤ ਕਰੇਗਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਨੇ ਪੰਜਾਬ ਦੇ ਵਿਕਾਸ ਲਈ ਕਈ ਮਹੱਤਵਪੂਰਨ ਉਪਰਾਲੇ ਕੀਤੇ ਹਨ। ਰਾਸ਼ਟਰੀ ਰਾਜਮਾਰਗਾਂ ਦਾ ਵਿਸਤਾਰ, ਆਧੁਨਿਕ ਰੇਲਵੇ ਪਰਿਯੋਜਨਾਵਾਂ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ ਰੇਲਵੇ ਸਟੇਸ਼ਨਾਂ ਦਾ ਆਧੁਨਿਕੀਕਰਨ, ਕਿਸਾਨਾਂ ਲਈ ਪੀਐੱਮ-ਕਿਸਾਨ ਸਨਮਾਨ ਨਿਧੀ, ਹਰ ਘਰ ਜਲ ਮਿਸ਼ਨ, ਆਯੁਸ਼ਮਾਨ ਭਾਰਤ ਯੋਜਨਾ, ਉੱਜਵਲਾ ਯੋਜਨਾ, ਡਿਜ਼ੀਟਲ ਬੁਨਿਆਦੀ ਢਾਂਚੇ ਦਾ ਵਿਸਤਾਰ ਅਤੇ ਉਦਯੋਗਿਕ ਨਿਵੇਸ਼ ਨੂੰ ਉਤਸ਼ਾਹਿਤ ਕਰਨ ਵਰਗੀਆਂ ਯੋਜਨਾਵਾਂ ਰਾਹੀਂ ਪੰਜਾਬ ਦੇ ਲੋਕਾਂ ਨੂੰ ਸਿੱਧਾ ਲਾਭ ਮਿਲ ਰਿਹਾ ਹੈ। ਡਾ. ਹਰਜੋਤ ਕਮਲ ਨੇ ਕਿਹਾ ਕਿ ਕੇਂਦਰ ਸਰਕਾਰ ਦਾ ਉਦੇਸ਼ ਪੰਜਾਬ ਨੂੰ ਮੁੜ ਵਿਕਾਸ, ਵਪਾਰ, ਉਦਯੋਗ ਅਤੇ ਰੋਜ਼ਗਾਰ ਦੇ ਖੇਤਰ ਵਿੱਚ ਦੇਸ਼ ਦੇ ਅਗੇਤੂ ਸੂਬਿਆਂ ਵਿੱਚ ਸ਼ਾਮਲ ਕਰਨਾ ਹੈ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਆਉਣ ਵਾਲੇ ਸਮੇਂ ਵਿੱਚ ਕੇਂਦਰ ਸਰਕਾਰ ਦੀਆਂ ਲੋਕ-ਹਿਤੈਸ਼ੀ ਯੋਜਨਾਵਾਂ ਅਤੇ ਨਵੀਆਂ ਵਿਕਾਸ ਪਰਿਯੋਜਨਾਵਾਂ ਰਾਹੀਂ ਪੰਜਾਬ ਦੇ ਨੌਜਵਾਨਾਂ, ਕਿਸਾਨਾਂ, ਵਪਾਰੀਆਂ ਅਤੇ ਆਮ ਲੋਕਾਂ ਨੂੰ ਵਿਆਪਕ ਲਾਭ ਮਿਲੇਗਾ ਅਤੇ ਸੂਬਾ ਇੱਕ ਵਾਰ ਫਿਰ ਖੁਸ਼ਹਾਲੀ ਅਤੇ ਤਰੱਕੀ ਦੇ ਨਵੇਂ ਮਾਪਦੰਡ ਸਥਾਪਿਤ ਕਰੇਗਾ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰੇਲ ਮੰਤਰੀ ਅਸ਼ਵਨੀ ਵੈਸ਼ਨਵ, ਰਾਜ ਮੰਤਰੀ ਰਵਨੀਤ ਬਿੱਟੂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਦੇ ਵਿਕਾਸ ਅਤੇ ਲੋਕ-ਭਲਾਈ ਲਈ ਚੁੱਕਿਆ ਗਿਆ ਹਰ ਕਦਮ ਸੂਬੇ ਦੇ ਉਜਲੇ ਭਵਿੱਖ ਵੱਲ ਇੱਕ ਮਜ਼ਬੂਤ ਪਹਲ ਸਾਬਤ ਹੋਵੇਗਾ।
ਖ਼ਬਰਾਂ
ਅੰਮ੍ਰਿਤਸਰ-ਵਾਰਾਣਸੀ ਰੇਲ ਸੇਵਾ ਪੰਜਾਬ ਦੇ ਸ਼ਰਧਾਲੂਆਂ ਲਈ ਇਤਿਹਾਸਕ ਤੋਹਫ਼ਾ : ਡਾ. ਹਰਜੋਤ ਕਮਲ
* ਸਾਬਕਾ ਵਿਧਾਇਕ ਹਰਜੋਤ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰੇਲ ਮੰਤਰੀ ਅਸ਼ਵਿਨੀ ਵੈਸ਼ਣਵ ਅਤੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦਾ ਕੀਤਾ ਧੰਨਵਾਦ
18 ਜੁਲਾਈ 2026·

ਅInternational Punjabi News
ਇਹ ਖ਼ਬਰ ਸਾਂਝੀ ਕਰੋ:



