ਤਰਨ ਤਾਰਨ, 15 ਜੁਲਾਈ (ਅਮਿਤ ਮਰਵਾਹਾ): ਦਿ ਵਿਜ਼ਡਮ ਸਕੂਲ ਆਫ਼ ਅਕੈਡਮਿਕਸ ਐਂਡ ਸਪੋਰਟਸ ਦੇ ਵਿਦਿਆਰਥੀ ਅੰਗਦ ਸਿੰਘ ਖੇੜਾ ਨੇ ਜ਼ਿਲ੍ਹਾ ਸ਼ੂਟਿੰਗ ਚੈਂਪੀਅਨਸ਼ਿਪ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚਾਂਦੀ ਦਾ ਤਗਮਾ ਜਿੱਤ ਕੇ ਸਕੂਲ ਅਤੇ ਜ਼ਿਲ੍ਹੇ ਦਾ ਮਾਣ ਵਧਾਇਆ ਹੈ। ਇਸ ਪ੍ਰਾਪਤੀ ਦੇ ਨਾਲ ਹੀ ਉਨ੍ਹਾਂ ਦੀ ਰਾਜ ਪੱਧਰੀ ਸ਼ੂਟਿੰਗ ਚੈਂਪੀਅਨਸ਼ਿਪ ਲਈ ਵੀ ਚੋਣ ਹੋਈ ਹੈ, ਜਿੱਥੇ ਉਹ ਤਰਨ ਤਾਰਨ ਜ਼ਿਲ੍ਹੇ ਦੀ ਨੁਮਾਇੰਦਗੀ ਕਰਨਗੇ।
ਅੰਗਦ ਸਿੰਘ ਖੇੜਾ, ਜੋ ਕਿ ਸਕੂਲ ਦੇ ਚੇਅਰਮੈਨ ਸ੍ਰੀ ਰਮਨੀਕ ਸਿੰਘ ਖੇੜਾ ਅਤੇ ਡਾਇਰੈਕਟਰ ਸ਼੍ਰੀਮਤੀ ਅੰਮ੍ਰਿਤ ਖੇੜਾ ਦੇ ਪੁੱਤਰ ਹਨ, ਦੀ ਇਸ ਸਫਲਤਾ ਦੀ ਖੁਸ਼ੀ ਵਿੱਚ ਸਕੂਲ ਵਿਖੇ ਵਿਸ਼ੇਸ਼ ਪ੍ਰਾਰਥਨਾ ਸਭਾ ਕਰਵਾਈ ਗਈ। ਇਸ ਮੌਕੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਤਾਲੀਆਂ ਨਾਲ ਉਨ੍ਹਾਂ ਦਾ ਹੌਸਲਾ ਵਧਾਇਆ।
ਸਕੂਲ ਦੀ ਪ੍ਰਸ਼ਾਸਕ ਸ਼੍ਰੀਮਤੀ ਸ਼ਵੇਤਾ ਸਹਿਗਲ ਅਤੇ ਪ੍ਰਿੰਸੀਪਲ ਸ਼੍ਰੀਮਤੀ ਹਰਲੀਨ ਕੌਰ ਨੇ ਅੰਗਦ ਸਿੰਘ ਖੇੜਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਖ਼ਤ ਮਿਹਨਤ, ਅਨੁਸ਼ਾਸਨ ਅਤੇ ਸਮਰਪਣ ਨਾਲ ਹੀ ਅਜਿਹੀਆਂ ਸਫਲਤਾਵਾਂ ਹਾਸਲ ਕੀਤੀਆਂ ਜਾ ਸਕਦੀਆਂ ਹਨ। ਉਨ੍ਹਾਂ ਨੇ ਰਾਜ ਪੱਧਰੀ ਮੁਕਾਬਲੇ ਲਈ ਵੀ ਸ਼ੁਭਕਾਮਨਾਵਾਂ ਦਿੱਤੀਆਂ।
ਸਕੂਲ ਪ੍ਰਬੰਧਨ ਨੇ ਕਿਹਾ ਕਿ ਸੰਸਥਾ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਅਤੇ ਹੋਰ ਸਹਿ-ਪਾਠਕ੍ਰਮ ਗਤੀਵਿਧੀਆਂ ਵਿੱਚ ਵੀ ਅੱਗੇ ਵਧਣ ਲਈ ਹਰ ਸੰਭਵ ਮੌਕਾ ਪ੍ਰਦਾਨ ਕਰਦੀ ਹੈ, ਤਾਂ ਜੋ ਉਹ ਜ਼ਿਲ੍ਹਾ, ਰਾਜ ਅਤੇ ਰਾਸ਼ਟਰੀ ਪੱਧਰ 'ਤੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰ ਸਕਣ।




