ਤਰਨਤਾਰਨ (ਅਮਿਤ ਮਰਵਾਹਾ) ਨੌਸ਼ਹਿਰਾ ਪੰਨੂਆਂ ਵਿਖੇ ਕਤਲ ਕੀਤੇ ਗਏ ਏਐੱਸਆਈ ਇਕਬਾਲ ਸਿੰਘ ਦਾ ਉਨ੍ਹਾਂ ਦੇ ਜੱਦੀ ਪਿੰਡ ਨੌਸ਼ਹਿਰਾ ਪੰਨੂਆਂ ਵਿੱਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਜਿਵੇਂ ਹੀ ਪੋਸਟਮਾਰਟਮ ਤੋਂ ਬਾਅਦ ਉਨ੍ਹਾਂ ਦੀ ਮ੍ਰਿਤਕ ਦੇਹ ਘਰ ਪਹੁੰਚੀ, ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ। ਇਸ ਦੁਖਦਾਈ ਘਟਨਾ ਕਾਰਨ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ।

ਅੰਤਿਮ ਸੰਸਕਾਰ ਮੌਕੇ ਪੁਲਿਸ ਵਿਭਾਗ ਦੇ ਵੱਖ-ਵੱਖ ਅਧਿਕਾਰੀਆਂ ਨੇ ਏਐੱਸਆਈ ਇਕਬਾਲ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਸ਼ਰਧਾਂਜਲੀ ਦਿੱਤੀ। ਪੁਲਿਸ ਵੱਲੋਂ ਉਨ੍ਹਾਂ ਨੂੰ ਸਲਾਮੀ ਵੀ ਦਿੱਤੀ ਗਈ। ਇਸ ਮੌਕੇ ਮਾਹੌਲ ਬੇਹੱਦ ਗ਼ਮਗੀਨ ਰਿਹਾ ਅਤੇ ਮੌਜੂਦ ਲੋਕਾਂ ਨੇ ਵਿਛੜੇ ਪੁਲਿਸ ਮੁਲਾਜ਼ਮ ਨੂੰ ਭਾਵਭਿੰਨੀ ਸ਼ਰਧਾਂਜਲੀ ਭੇਟ ਕੀਤੀ।

ਇਸ ਦੌਰਾਨ ਸਾਬਕਾ ਕੇਂਦਰੀ ਕੈਬਨਿਟ ਮੰਤਰੀ ਰਵਨੀਤ ਸਿੰਘ ਬਿੱਟੂ ਵੀ ਪਹੁੰਚੇ ਅਤੇ ਉਨ੍ਹਾਂ ਨੇ ਏਐੱਸਆਈ ਇਕਬਾਲ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਨੇ ਇਸ ਘਟਨਾ ਨੂੰ ਲੈ ਕੇ ਪੰਜਾਬ ਸਰਕਾਰ ’ਤੇ ਤਿੱਖੇ ਨਿਸ਼ਾਨੇ ਸਾਧੇ ਅਤੇ ਸੂਬੇ ਦੀ ਕਾਨੂੰਨ-ਵਿਵਸਥਾ ’ਤੇ ਸਵਾਲ ਚੁੱਕੇ।

ਬਿੱਟੂ ਨੇ ਕਿਹਾ ਕਿ ਪੰਜਾਬ ਵਿੱਚ ਕਾਨੂੰਨ-ਵਿਵਸਥਾ ਦੀ ਸਥਿਤੀ ਡਾਵਾਂਡੋਲ ਹੋ ਚੁੱਕੀ ਹੈ। ਉਨ੍ਹਾਂ ਅਨੁਸਾਰ ਸੂਬੇ ਵਿੱਚ ਆਮ ਲੋਕਾਂ ਦੇ ਨਾਲ-ਨਾਲ ਪੁਲਿਸ ਮੁਲਾਜ਼ਮਾਂ ਦੀ ਸੁਰੱਖਿਆ ਵੀ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਗੈਂਗਸਟਰਾਂ ਵੱਲੋਂ ਹੁਣ ਆਮ ਲੋਕਾਂ ਦੇ ਨਾਲ ਪੁਲਿਸ ਮੁਲਾਜ਼ਮਾਂ ਨੂੰ ਵੀ ਨਿਸ਼ਾਨਾ ਬਣਾਇਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਸੂਬੇ ਵਿੱਚ ਬਣ ਰਹੇ ਅਜਿਹੇ ਹਾਲਾਤ ਕਾਰਨ ਲੋਕਾਂ ਵਿੱਚ ਡਰ ਦਾ ਮਾਹੌਲ ਹੈ ਅਤੇ ਸਰਕਾਰ ਨੂੰ ਕਾਨੂੰਨ-ਵਿਵਸਥਾ ਮਜ਼ਬੂਤ ਕਰਨ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ।

ਏਐੱਸਆਈ ਇਕਬਾਲ ਸਿੰਘ ਦੀ ਹੱਤਿਆ ਨੇ ਇੱਕ ਵਾਰ ਫਿਰ ਪੁਲਿਸ ਮੁਲਾਜ਼ਮਾਂ ਦੀ ਸੁਰੱਖਿਆ ਅਤੇ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਸਬੰਧੀ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ।

**ਬਾਈਟ:** ਸਾਬਕਾ ਕੇਂਦਰੀ ਕੈਬਨਿਟ ਮੰਤਰੀ ਰਵਨੀਤ ਸਿੰਘ ਬਿੱਟੂ ਅਤੇ ਪੁਲਿਸ ਅਧਿਕਾਰੀ।