ਕੋਟ ਈਸੇ ਖਾਨ,6 ਨਵੰਬਰ (ਜਸ਼ਨ ) ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ, ਕੋਟ ਈਸੇ ਖਾਂ ਵਿਖੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਅਤੇ ਉਨ੍ਹਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਲਈ ਸਮੇਂ-ਸਮੇਂ 'ਤੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ। ਇਸੇ ਲੜੀ ਤਹਿਤ ਸਕੂਲ ਵਿਖੇ ਫਿਟ ਇੰਡੀਆ ਫਰੀਡਮ ਰਨ 2026 ਤਹਿਤ ਵਿਦਿਆਰਥੀਆਂ ਵੱਲੋਂ ਜਾਗਰੂਕਤਾ ਰੈਲੀ ਕੱਢੀ ਗਈ।
ਇਸ ਰੈਲੀ ਦਾ ਮੁੱਖ ਉਦੇਸ਼ ਲੋਕਾਂ ਨੂੰ ਸਿਹਤਮੰਦ ਜੀਵਨ, ਸਰੀਰਕ ਤੰਦਰੁਸਤੀ ਅਤੇ ਰੋਜ਼ਾਨਾ ਕਸਰਤ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਸੀ। ਇਸ ਮੌਕੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਰੈਲੀ ਵਿੱਚ ਭਾਗ ਲਿਆ। ਵਿਦਿਆਰਥੀਆਂ ਨੇ ਵੱਖ-ਵੱਖ ਨਾਅਰਿਆਂ ਰਾਹੀਂ ਲੋਕਾਂ ਨੂੰ ਸਰੀਰਕ ਤੰਦਰੁਸਤੀ, ਕਸਰਤ ਅਤੇ ਖੇਡਾਂ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ। ਉਨ੍ਹਾਂ ਨੇ ਲੋਕਾਂ ਨੂੰ ਪੈਦਲ ਚੱਲਣ, ਦੌੜਨ ਅਤੇ ਰੋਜ਼ਾਨਾ ਕਸਰਤ ਕਰਨ ਲਈ ਪ੍ਰੇਰਿਤ ਕੀਤਾ।
ਇਸ ਮੁਹਿੰਮ ਦਾ ਮੁੱਖ ਸੁਨੇਹਾ "ਤੰਦਰੁਸਤੀ ਦੀ ਖੁਰਾਕ, ਰੋਜ਼ ਅੱਧਾ ਘੰਟਾ" ਹੈ। ਇਸ ਰਾਹੀਂ ਵਿਦਿਆਰਥੀਆਂ ਨੂੰ ਹਰ ਰੋਜ਼ ਘੱਟੋ-ਘੱਟ ਅੱਧਾ ਘੰਟਾ ਸਰੀਰਕ ਗਤੀਵਿਧੀਆਂ ਕਰਨ ਲਈ ਪ੍ਰੇਰਿਤ ਕੀਤਾ ਗਿਆ।
ਸਕੂਲ ਦੇ ਚੇਅਰਮੈਨ ਸਰਦਾਰ ਕੁਲਵੰਤ ਸਿੰਘ ਸੰਧੂ, ਐਮ.ਡੀ. ਮੈਡਮ ਰਣਜੀਤ ਕੌਰ ਸੰਧੂ ਅਤੇ ਪ੍ਰਿੰਸੀਪਲ ਰਮਨਜੀਤ ਕੌਰ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਵਿੱਚ ਸਿਹਤ ਪ੍ਰਤੀ ਜਾਗਰੂਕਤਾ, ਅਨੁਸ਼ਾਸਨ ਅਤੇ ਖੇਡਾਂ ਪ੍ਰਤੀ ਰੁਚੀ ਪੈਦਾ ਕਰਦੀਆਂ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੀ ਜ਼ਿੰਦਗੀ ਵਿੱਚ ਸਰੀਰਕ ਤੰਦਰੁਸਤੀ ਨੂੰ ਪਹਿਲ ਦੇਣ ਲਈ ਪ੍ਰੇਰਿਤ ਕੀਤਾ।




