ਕੋਟ ਈਸੇ ਖਾਂ , 31 ਅਕਤੂਬਰ (ਜਸ਼ਨ ) ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ, ਕੋਟ ਈਸੇ ਖਾਂ ਵਿਖੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਅਤੇ ਸੁਰੱਖਿਆ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ‘ਸੁਰੱਖਿਅਤ ਬਚਪਨ ਅਭਿਆਨ’ ਤਹਿਤ ਇੱਕ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਹ ਸੈਮੀਨਾਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਯੋਜਿਤ ਕੀਤਾ ਗਿਆ।ਇਸ ਮੌਕੇ ਮੈਡਮ ਪ੍ਰਿਯੰਕਾ ਚੌਹਾਨ, ਸਿਵਲ ਜੱਜ (ਜੂਨੀਅਰ ਡਿਵੀਜ਼ਨ), ਮੋਗਾ ਅਤੇ ਵਿਸ਼ੇਸ਼ ਐੱਨ.ਆਰ.ਆਈ. ਅਦਾਲਤ, ਸ੍ਰੀ ਅਰੁਣ ਤਿਆਲ, ਸ੍ਰੀ ਰਾਜੇਸ਼ ਪੁਰੀ, ਚੇਅਰਪਰਸਨ, ਮੋਗਾ, ਸ੍ਰੀ ਦਿਲਬਾਗ ਸਿੰਘ ਅਤੇ ਅੰਸ਼ਦੀਪ ਕੌਰ (ਕਾਨੂੰਨ ਦੀ ਵਿਦਿਆਰਥਣ) ਵਿਸ਼ੇਸ਼ ਤੌਰ 'ਤੇ ਪਹੁੰਚੇ। ਉਨ੍ਹਾਂ ਨੇ ਆਪਣੇ ਸੰਬੋਧਨ ਰਾਹੀਂ ਵਿਦਿਆਰਥੀਆਂ ਨੂੰ ਮਹੱਤਵਪੂਰਨ ਜਾਣਕਾਰੀ ਦਿੱਤੀ।ਸੈਮੀਨਾਰ ਦੌਰਾਨ ਬੁਲਾਰਿਆਂ ਵੱਲੋਂ ਐਕਟ 2012, ਸਾਈਬਰ ਅਪਰਾਧਾਂ ਤੋਂ ਬਚਾਅ, ਬੱਚਿਆਂ ਦੀ ਸੁਰੱਖਿਆ, ਆਪਣੇ ਅਧਿਕਾਰਾਂ ਦੀ ਜਾਣਕਾਰੀ ਅਤੇ ਕਿਸੇ ਵੀ ਤਰ੍ਹਾਂ ਦੇ ਅਨਿਆਂ ਵਿਰੁੱਧ ਆਵਾਜ਼ ਉਠਾਉਣ ਬਾਰੇ ਵਿਸਥਾਰ ਨਾਲ ਦੱਸਿਆ ਗਿਆ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਕਿਸੇ ਵੀ ਗਲਤ ਘਟਨਾ ਬਾਰੇ ਬਿਨਾਂ ਡਰ ਆਪਣੇ ਮਾਪਿਆਂ, ਅਧਿਆਪਕਾਂ ਜਾਂ ਸਬੰਧਤ ਅਧਿਕਾਰੀਆਂ ਨੂੰ ਜਾਣਕਾਰੀ ਦੇਣ ਲਈ ਪ੍ਰੇਰਿਤ ਕੀਤਾ।ਇਸ ਮੌਕੇ ਵਿਦਿਆਰਥੀਆਂ ਲਈ ਇਸ ਵਿਸ਼ੇ ਨਾਲ ਸਬੰਧਤ ਡਰਾਇੰਗ, ਪੇਂਟਿੰਗ, ਸਲੋਗਨ ਅਤੇ ਕੁਇਜ਼ ਮੁਕਾਬਲੇ ਵੀ ਕਰਵਾਏ ਗਏ, ਜਿਨ੍ਹਾਂ ਵਿੱਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੀ ਕਲਾ ਤੇ ਜਾਣਕਾਰੀ ਦਾ ਪ੍ਰਦਰਸ਼ਨ ਕੀਤਾ।ਸਕੂਲ ਦੇ ਚੇਅਰਮੈਨ ਸਰਦਾਰ ਕੁਲਵੰਤ ਸਿੰਘ ਸੰਧੂ, ਐਮ.ਡੀ. ਮੈਡਮ ਰਣਜੀਤ ਕੌਰ ਸੰਧੂ ਅਤੇ ਪ੍ਰਿੰਸੀਪਲ ਮੈਡਮ ਰਮਨਜੀਤ ਕੌਰ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਬੱਚਿਆਂ ਨੂੰ ਸੁਰੱਖਿਅਤ ਮਾਹੌਲ ਦੇਣਾ ਅਤੇ ਉਨ੍ਹਾਂ ਨੂੰ ਆਪਣੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਨਾ ਸਮੇਂ ਦੀ ਮੁੱਖ ਲੋੜ ਹੈ। ਅਜਿਹੇ ਸੈਮੀਨਾਰ ਵਿਦਿਆਰਥੀਆਂ ਵਿੱਚ ਆਤਮ-ਵਿਸ਼ਵਾਸ ਪੈਦਾ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਆਪਣੇ ਹੱਕਾਂ ਅਤੇ ਫਰਜ਼ਾਂ ਪ੍ਰਤੀ ਸੁਚੇਤ ਕਰਦੇ ਹਨ।ਅੰਤ ਵਿੱਚ ਸਕੂਲ ਮੈਨੇਜਮੈਂਟ ਵੱਲੋਂ ਪਹੁੰਚੇ ਹੋਏ ਸਮੂਹ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ ਅਤੇ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ।