ਬਾਘਾ ਪੁਰਾਣਾ,10 ਨਵੰਬਰ (ਜਸ਼ਨ ) ਨਗਰ ਕੌਂਸਲ ਬਾਘਾ ਪੁਰਾਣਾ ਦੀਆਂ ਮੁੜ ਹੋਣ ਜਾ ਰਹੀਆਂ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਪਾਰਟੀ ਵੱਲੋਂ ਸ਼ਹਿਰ ਦੇ 15 ਵਾਰਡਾਂ ਵਿਚ ਆਪਣੇ ਉਮੀਦਵਾਰਾਂ ਦੀ ਜਿੱਤ ਯਕੀਨੀ ਬਣਾਉਣ ਲਈ ਹਲਕਾ ਬਾਘਾ ਪੁਰਾਣਾ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਅਤੇ ਚੋਣ ਕਮੇਟੀ ਇੰਚਾਰਜ ਬਾਲ ਕ੍ਰਿਸ਼ਨ ਬਾਲੀ ਨੇ ਚੋਣ ਮੁਹਿੰਮ ਦੀ ਕਮਾਨ ਸੰਭਾਲ ਲਈ ਹੈ। ਜਥੇਦਾਰ ਤੀਰਥ ਸਿੰਘ ਮਾਹਲਾ ਵੀ ਸਹਿਯੋਗ ਦੇ ਰਹੇ ਨੇ। ਬਾਲ ਕ੍ਰਿਸ਼ਨ ਬਾਲੀ ਵਾਰਡ ਵਾਸੀਆਂ ਨੂੰ ਅਕਾਲੀ ਦਲ ਦੇ ਉਮੀਦਵਾਰਾਂ ਦੇ ਹੱਕ ਵਿਚ ਲਾਮਬੰਦ ਕਰ ਰਹੇ ਹਨ। ਜ਼ਿਕਰਯੋਗ ਹੈ ਕਿ ਬਾਘਾ ਪੁਰਾਣਾ ਨਗਰ ਕੌਂਸਲ ਦੀਆਂ ਪਿਛਲੀਆਂ ਚੋਣਾਂ ਦੌਰਾਨ ਬਿਨਾਂ ਮੁਕਾਬਲਾ ਜੇਤੂ ਕਰਾਰ ਦਿੱਤੇ ਗਏ ਸੱਤਾਧਾਰੀ ਪਾਰਟੀ ਦੇ 15 ਦੇ 15 ਕੌਂਸਲਰਾਂ ਦੇ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਮਾਣਯੋਗ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਗਿਆ ਸੀ। ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਸਾਰੇ 15 ਕੌਂਸਲਰਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਅਤੇ ਮੁੜ ਚੋਣਾਂ ਕਰਵਾਉਣ ਦੇ ਹੁਕਮ ਜਾਰੀ ਹੋਏ। ਅਕਾਲੀ ਆਗੂ ਇਸ ਕਾਰਵਾਈ ਨੂੰ ਲੋਕਤੰਤਰ ਅਤੇ ਨਿਰਪੱਖ ਚੋਣ ਪ੍ਰਕਿਰਿਆ ਦੀ ਜਿੱਤ ਕਰਾਰ ਦੇ ਰਹੇ ਹਨ। ਚੋਣ ਮੁਹਿੰਮ ਦੌਰਾਨ ਬਾਲ ਕ੍ਰਿਸ਼ਨ ਬਾਲੀ ਵੱਲੋਂ ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਹਲਕਾ ਬਾਘਾ ਪੁਰਾਣਾ ਅਤੇ ਸ਼ਹਿਰ ਵਿਚ ਕਰਵਾਏ ਗਏ ਵਿਕਾਸ ਕਾਰਜਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਬਾਲ ਕ੍ਰਿਸ਼ਨ ਬਾਲੀ ਵਾਰਡ ਵਾਸੀਆਂ ਨਾਲ ਸਿੱਧਾ ਸੰਪਰਕ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣ ਰਹੇ ਹਨ ਅਤੇ ਅਕਾਲੀ ਦਲ ਦੀਆਂ ਨੀਤੀਆਂ ਤੇ ਵਿਕਾਸ ਦੇ ਏਜੰਡੇ ਨੂੰ ਲੋਕਾਂ ਸਾਹਮਣੇ ਰੱਖ ਰਹੇ ਹਨ। ਉਨ੍ਹਾਂ ਵੱਲੋਂ 15 ਵਾਰਡਾਂ ਵਿਚ ਪਾਰਟੀ ਦੇ ਸਾਰੇ ਉਮੀਦਵਾਰਾਂ ਨੂੰ ਜਿਤਾਉਣ ਅਤੇ ਨਗਰ ਕੌਂਸਲ ਵਿਚ ਅਕਾਲੀ ਦਲ ਦਾ ਬੋਰਡ ਬਣਾਉਣ ਲਈ ਵਰਕਰਾਂ ਨੂੰ ਪੂਰੀ ਤਨਦੇਹੀ ਨਾਲ ਕੰਮ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ। ਬਾਲ ਕ੍ਰਿਸ਼ਨ ਬਾਲੀ ਨੂੰ ਸ਼ਹਿਰ ਦੀ ਸਿਆਸਤ ਵਿਚ ਇਕ ਤਜਰਬੇਕਾਰ ਅਤੇ ਵਿਕਾਸਮੁਖੀ ਆਗੂ ਵਜੋਂ ਦੇਖਿਆ ਜਾਂਦਾ ਹੈ। ਉਨ੍ਹਾਂ ਦੇ ਸਮਰਥਕਾਂ ਅਨੁਸਾਰ ਨਗਰ ਕੌਂਸਲ ਪ੍ਰਧਾਨ ਵਜੋਂ ਆਪਣੇ ਪੰਜ ਸਾਲਾਂ ਦੇ ਕਾਰਜਕਾਲ ਦੌਰਾਨ ਉਨ੍ਹਾਂ ਨੇ ਸ਼ਹਿਰ ਦੇ ਵਿਕਾਸ ਲਈ ਕਈ ਅਹਿਮ ਕੰਮ ਕਰਵਾਏ। ਉਨ੍ਹਾਂ ਦੀ ਇਕ ਹੋਰ ਵਿਸ਼ੇਸ਼ ਗੱਲ ਇਹ ਵੀ ਦੱਸੀ ਜਾਂਦੀ ਹੈ ਕਿ ਉਨ੍ਹਾਂ ਨੇ ਆਪਣੇ ਪੰਜ ਸਾਲਾਂ ਦੇ ਪ੍ਰਧਾਨਗੀ ਕਾਰਜਕਾਲ ਦੌਰਾਨ ਸਰਕਾਰ ਤੋਂ ਇਕ ਰੁਪਿਆ ਵੀ ਤਨਖਾਹ ਵਜੋਂ ਨਹੀਂ ਲਿਆ। ਹੁਣ ਮੁੜ ਨਗਰ ਕੌਂਸਲ ਚੋਣਾਂ ਦਾ ਮਾਹੌਲ ਬਣਨ ਨਾਲ ਬਾਲ ਕ੍ਰਿਸ਼ਨ ਬਾਲੀ ਦੇ ਸਮਰਥਕ ਉਨ੍ਹਾਂ ਨੂੰ ਦੁਬਾਰਾ ਨਗਰ ਕੌਂਸਲ ਪ੍ਰਧਾਨ ਵਜੋਂ ਦੇਖਣ ਦੀ ਇੱਛਾ ਜ਼ਾਹਰ ਕਰ ਰਹੇ ਹਨ। ਹਾਲਾਂਕਿ ਨਵੀਂ ਨਗਰ ਕੌਂਸਲ ਦਾ ਪ੍ਰਧਾਨ ਚੋਣ ਨਤੀਜਿਆਂ ਅਤੇ ਕੌਂਸਲਰਾਂ ਦੇ ਫੈਸਲੇ ਤੋਂ ਬਾਅਦ ਹੀ ਤੈਅ ਹੋਵੇਗਾ। ਦੋਵਾਂ ਆਗੂਆਂ ਵੱਲੋਂ ਕੀਤੀਆਂ ਜਾ ਰਹੀਆਂ ਮੀਟਿੰਗਾਂ ਵਿਚ ਮਿਲ ਰਹੇ ਹੁੰਗਾਰੇ ਨੂੰ ਅਕਾਲੀ ਦਲ ਆਪਣੀ ਚੋਣ ਮੁਹਿੰਮ ਲਈ ਉਤਸ਼ਾਹਜਨਕ ਮੰਨ ਰਿਹਾ ਹੈ।
ਜ਼ਿਕਰਯੋਗ ਹੈ ਕਿ ਜਥੇਦਾਰ ਤੀਰਥ ਸਿੰਘ ਮਾਹਲਾ ਦੀ ਸ਼ਖ਼ਸੀਅਤ ਬਾਰੇ ਗੱਲ ਕਰਦਿਆਂ ਪਾਰਟੀ ਵਰਕਰਾਂ ਦਾ ਕਹਿਣਾ ਹੈ ਕਿ ਉਹ ਹਮੇਸ਼ਾ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਨ ਵਾਲੇ ਨਿਧੜਕ ਆਗੂ ਹਨ। ਔਖੇ ਸਮੇਂ ਵਿਚ ਵੀ ਵਰਕਰਾਂ ਦਾ ਸਾਥ ਦੇਣਾ ਅਤੇ ਉਨਾਂ ਦੀ ਆਵਾਜ਼ ਬਣਨਾ ਉਨ੍ਹਾਂ ਦੀ ਸਿਆਸੀ ਕਾਰਜਸ਼ੈਲੀ ਦਾ ਅਹਿਮ ਹਿੱਸਾ ਰਿਹਾ ਹੈ।





