ਮੋਗਾ,18 ਅਕਤੂਬਰ (ਜਸ਼ਨ ) ਪੰਜਾਬ ਵਿੱਚ ਨਸ਼ਿਆਂ ਦੀ ਗੰਭੀਰ ਸਮੱਸਿਆ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਵੱਲੋਂ ਭਗਵੰਤ ਮਾਨ ਸਰਕਾਰ ਵਿਰੁੱਧ ਮੋਰਚਾ ਖੋਲ੍ਹਦਿਆਂ ਮੋਗਾ ਵਿਖੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਦੀ ਅਗਵਾਈ ਹੇਠ ਹੋਏ ਇਸ ਪ੍ਰਦਰਸ਼ਨ ਦੌਰਾਨ ਪਾਰਟੀ ਆਗੂਆਂ ਅਤੇ ਵਰਕਰਾਂ ਨੇ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਮਹਿਜ਼ ਦਿਖਾਵਾ ਕਰਾਰ ਦਿੰਦਿਆਂ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ।
ਇਸ ਮੌਕੇ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਤ੍ਰਿਲੋਚਨ ਸਿੰਘ ਗਿੱਲ, ਸਾਬਕਾ ਜ਼ਿਲ੍ਹਾ ਪ੍ਰਧਾਨ ਵਿਨੈ ਸ਼ਰਮਾ, ਰਾਕੇਸ਼ ਸ਼ਰਮਾ, ਵਿਜੈ ਸ਼ਰਮਾ, ਸਾਬਕਾ ਜ਼ਿਲ੍ਹਾ ਪ੍ਰਧਾਨ ਡਾ. ਸੀਮਾਂਤ ਗਰਗ, ਜ਼ਿਲ੍ਹਾ ਮਹਾਮੰਤਰੀ ਸ਼ਮਸ਼ੇਰ ਸਿੰਘ ਕੈਲਾ, ਮੁਖਤਿਆਰ ਸਿੰਘ ਐੱਸ.ਪੀ., ਗੀਤਾ ਆਰੀਆ, ਜ਼ਿਲ੍ਹਾ ਉਪ ਪ੍ਰਧਾਨ ਸਰਦੂਲ ਸਿੰਘ ਕੰਗ, ਮਨਜੀਤ ਸਿੰਘ ਰਾਣਾ, ਮਨਿੰਦਰ ਕੌਰ ਸਲੀਣਾ, ਕੌਂਸਲਰ ਵਿੱਕੀ ਸਿਤਾਰਾ, ਪਵਨ ਕੁਮਾਰ ਬੰਟੀ, ਲਖਵੰਤ ਸਿੰਘ ਸਾਫੂਵਾਲਾ, ਕਮਲਜੀਤ ਕੌਰ, ਸਤਿੰਦਰਪ੍ਰੀਤ ਸਿੰਘ, ਕੇਵਲ ਸਿੰਘ ਸਾਬਕਾ ਐੱਮ.ਪੀ., ਗੁਰਬੀਰ ਸਿੰਘ ਰਟੌਲ, ਹਰਮਨਦੀਪ ਸਿੰਘ ਮੀਤਾ, ਭੁਪਿੰਦਰ ਹੈਪੀ, ਸੰਜੀਵ ਸੋਨੂੰ ਸ਼ਰਮਾ, ਰਾਜੇਸ਼ ਵਰਮਾ, ਇਸ਼ਾਰਾ ਸਿੰਘ, ਸੁਖਰਾਜਵੀਰ ਕੌਰ ਗਿੱਲ, ਸੰਜੀਵ ਲਾਲਾ ਤਾਇਲ, ਦੀਪਕ ਤਲਵਾੜ, ਗੁਰਚਰਨ ਸਿੰਘ, ਸੋਨੀ ਭੱਟੀ, ਸਤਵੰਤ ਸਿੰਘ ਬਰਾੜ, ਰੁਦਰ ਸ਼ਰਮਾ, ਨਿਰਮਲ ਸਿੰਘ ਲੰਡੇਕੇ, ਦਵਿੰਦਰ ਸਿੰਘ, ਗੁਰਮੇਲ ਸਿੰਘ ਸਰਾਂ, ਵਿਨੋਦ ਕੁਮਾਰ, ਸੁਰਿੰਦਰਪਾਲ ਨੱਥਾ, ਅਮਰੀਕ ਸਿੰਘ, ਸੁਰਿੰਦਰ ਸਿੰਘ, ਕੁਲਭੂਸ਼ਣ ਜੈਦਕਾ, ਅਜੈ ਕੁਮਾਰ, ਪ੍ਰਦੀਪ ਸਿੰਘ ਤਲਵੰਡੀ ਭੰਗੇਰੀਆਂ, ਦੀਪਕ ਕੌੜਾ, ਸੂਰਜ ਭਾਨ ਧਾਲੀਵਾਲ ਸਮੇਤ ਵੱਡੀ ਗਿਣਤੀ ਵਿੱਚ ਭਾਜਪਾ ਆਗੂ, ਵਰਕਰ ਅਤੇ ਸਮਰਥਕ ਹਾਜ਼ਰ ਸਨ।
ਇਸ ਰੋਸ ਪ੍ਰਦਰਸ਼ਨ ਵਿੱਚ ਵੱਡੀ ਗਿਣਤੀ ਵਿੱਚ ਭਾਜਪਾ ਵਰਕਰ ਭਾਰਤ ਮਾਤਾ ਮੰਦਰ ਵਿਖੇ ਇਕੱਠੇ ਹੋਏ। ਉੱਥੋਂ ਵਰਕਰਾਂ ਨੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿੱਚੋਂ ਹੁੰਦੇ ਹੋਏ ਜੋਗਿੰਦਰ ਸਿੰਘ ਚੌਕ ਤੱਕ ਰੋਸ ਮਾਰਚ ਕੀਤਾ। ਇਸ ਦੌਰਾਨ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ ਅਤੇ ਸੂਬੇ ਵਿੱਚ ਵਧ ਰਹੀ ਨਸ਼ਿਆਂ ਦੀ ਸਮੱਸਿਆ ’ਤੇ ਚਿੰਤਾ ਪ੍ਰਗਟ ਕਰਦਿਆਂ ਸਰਕਾਰ ਤੋਂ ਜਵਾਬ ਮੰਗਿਆ ਗਿਆ।
ਇਸ ਮੌਕੇ ਸੰਬੋਧਨ ਕਰਦਿਆਂ ਡਾ. ਹਰਜੋਤ ਕਮਲ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸਮਾਜਿਕ ਕਾਰਕੁਨਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਨੇ ਮਾਨਸਾ ਵਿਖੇ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਸਮਾਜਿਕ ਕਾਰਕੁਨ ਪਰਵਿੰਦਰ ਸਿੰਘ ਪਰਵਾਨਾ ਦੀ ਹਾਲ ਹੀ ਵਿੱਚ ਹੋਈ ਹੱਤਿਆ ਦਾ ਜ਼ਿਕਰ ਕਰਦਿਆਂ ਕਿਹਾ ਕਿ ਅਜਿਹੀਆਂ ਘਟਨਾਵਾਂ ਸਮਾਜ ਵਿੱਚ ਚਿੰਤਾ ਅਤੇ ਡਰ ਦਾ ਮਾਹੌਲ ਪੈਦਾ ਕਰਦੀਆਂ ਹਨ। ਉਨ੍ਹਾਂ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਦੀ ਪ੍ਰਭਾਵਸ਼ੀਲਤਾ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਸਿਰਫ਼ ਐਲਾਨਾਂ ਅਤੇ ਮੁਹਿੰਮਾਂ ਨਾਲ ਨਸ਼ਿਆਂ ਦੀ ਸਮੱਸਿਆ ਦਾ ਹੱਲ ਨਹੀਂ ਹੋ ਸਕਦਾ, ਸਗੋਂ ਜ਼ਮੀਨੀ ਪੱਧਰ ’ਤੇ ਠੋਸ ਅਤੇ ਪ੍ਰਭਾਵਸ਼ਾਲੀ ਕਾਰਵਾਈ ਦੀ ਲੋੜ ਹੈ।
ਡਾ. ਹਰਜੋਤ ਕਮਲ ਨੇ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਕਿਸੇ ਇੱਕ ਪਾਰਟੀ ਜਾਂ ਵਿਅਕਤੀ ਦਾ ਮੁੱਦਾ ਨਹੀਂ, ਬਲਕਿ ਇਹ ਸਮੁੱਚੇ ਸਮਾਜ ਅਤੇ ਸਾਡੀ ਨੌਜਵਾਨ ਪੀੜ੍ਹੀ ਦੇ ਭਵਿੱਖ ਨਾਲ ਜੁੜਿਆ ਗੰਭੀਰ ਮਸਲਾ ਹੈ। ਇਸ ਲਈ ਸਾਰੀਆਂ ਸਮਾਜਿਕ, ਧਾਰਮਿਕ ਅਤੇ ਰਾਜਨੀਤਿਕ ਜਥੇਬੰਦੀਆਂ ਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਨਸ਼ਿਆਂ ਵਿਰੁੱਧ ਇਕਜੁੱਟ ਹੋਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਸੰਘਰਸ਼ ਕਰਨ ਵਾਲੇ ਲੋਕਾਂ ਵਿੱਚ ਡਰ ਦਾ ਮਾਹੌਲ ਪੈਦਾ ਹੋਣਾ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਭਾਜਪਾ ਇਸ ਮੁੱਦੇ ’ਤੇ ਚੁੱਪ ਨਹੀਂ ਬੈਠੇਗੀ ਅਤੇ ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਦੀ ਰਾਖੀ ਲਈ ਆਪਣੀ ਆਵਾਜ਼ ਬੁਲੰਦ ਕਰਦੀ ਰਹੇਗੀ।
ਉਨ੍ਹਾਂ ਮੋਗਾ ਦੀਆਂ ਵੱਖ-ਵੱਖ ਬਸਤੀਆਂ ਵਿੱਚ ਨਸ਼ਿਆਂ ਨਾਲ ਜੁੜੀਆਂ ਮੌਤਾਂ ਅਤੇ ਨੌਜਵਾਨਾਂ ਦੀਆਂ ਲਾਸ਼ਾਂ ਮਿਲਣ ਦੀਆਂ ਘਟਨਾਵਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹ ਸਥਿਤੀ ਬੇਹੱਦ ਚਿੰਤਾਜਨਕ ਹੈ। ਉਨ੍ਹਾਂ ਸੂਬਾ ਸਰਕਾਰ ਨੂੰ ਅਪੀਲ ਕੀਤੀ ਕਿ ਨਸ਼ਾ ਤਸਕਰੀ ’ਤੇ ਰੋਕ ਲਗਾਉਣ, ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਅਤੇ ਨਸ਼ੇ ਦੀ ਲਪੇਟ ਵਿੱਚ ਆਏ ਨੌਜਵਾਨਾਂ ਦੇ ਇਲਾਜ ਤੇ ਮੁੜ ਵਸੇਬੇ ਲਈ ਠੋਸ ਕਦਮ ਚੁੱਕੇ ਜਾਣ।
ਡਾ. ਹਰਜੋਤ ਕਮਲ ਨੇ ਕਿਹਾ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਸਰਕਾਰ ਨੂੰ ਆਪਣੀ ਨਸ਼ਾ ਵਿਰੋਧੀ ਮੁਹਿੰਮ ਦੇ ਨਤੀਜੇ ਜਨਤਾ ਸਾਹਮਣੇ ਰੱਖਣੇ ਚਾਹੀਦੇ ਹਨ ਅਤੇ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਜਵਾਬਦੇਹੀ ਯਕੀਨੀ ਬਣਾਉਣੀ ਚਾਹੀਦੀ ਹੈ।
ਮੰਚ ਸੰਚਾਲਨ ਦੀ ਜ਼ਿੰਮੇਵਾਰੀ ਜ਼ਿਲ੍ਹਾ ਮਹਾਮੰਤਰੀ ਰਾਜਪਾਲ ਠਾਕੁਰ ਨੇ ਨਿਭਾਈ।




