ਜੈਤੋ, 16 ਜੁਲਾਈ (ਮਨਜੀਤ ਢੱਲਾ)- ਪੰਜਾਬ ਵਿਧਾਨ ਸਭਾ ਚੋਣਾਂ-2027 ਦੇ ਮੱਦੇਨਜ਼ਰ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਭਾਜਪਾ ਐਸਸੀ ਮੋਰਚਾ ਪੰਜਾਬ ਦੇ ਮੀਤ ਪ੍ਰਧਾਨ ਜਸਪਾਲ ਸਿੰਘ ਪੰਜਗਰਾਈ ਨੇ ਜੈਤੋ ਵਿਧਾਨ ਸਭਾ ਹਲਕੇ ਵਿੱਚ ਆਪਣੀਆਂ ਸਿਆਸੀ ਸਰਗਰਮੀਆਂ ਹੋਰ ਤੇਜ਼ ਕਰ ਦਿੱਤੀਆਂ ਹਨ। ਉਨ੍ਹਾਂ ਨੇ ਪਿੰਡ ਭਗਤੂਆਣਾ, ਚੈਨਾ, ਕਰੀਰਵਾਲੀ, ਰਾਮਿਆਣਾ, ਖੱਚੜਾ, ਮੜਾਕ ਅਤੇ ਰੋੜੀਕਪੂਰਾ ਦਾ ਦੌਰਾ ਕਰਕੇ ਪਾਰਟੀ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਅਤੇ ਉਨ੍ਹਾਂ ਨੂੰ ਚੋਣਾਂ ਲਈ ਹੁਣ ਤੋਂ ਹੀ ਤਿਆਰ ਰਹਿਣ ਦਾ ਸੱਦਾ ਦਿੱਤਾ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਸਪਾਲ ਸਿੰਘ ਪੰਜਗਰਾਈ ਨੇ ਦਾਅਵਾ ਕੀਤਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੇ ਲੋਕ ਭਾਰਤੀ ਜਨਤਾ ਪਾਰਟੀ ਨੂੰ ਸੱਤਾ ਵਿੱਚ ਲਿਆਉਣ ਲਈ ਉਤਸ਼ਾਹਿਤ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਡਬਲ ਇੰਜਣ ਦੀ ਸਰਕਾਰ ਬਣਨ ਨਾਲ ਵਿਕਾਸ ਨੂੰ ਨਵੀਂ ਰਫ਼ਤਾਰ ਮਿਲੇਗੀ ਅਤੇ ਸੂਬੇ ਨੂੰ ਮੁੜ ਤਰੱਕੀ ਦੇ ਰਾਹ 'ਤੇ ਲਿਆਂਦਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਭਾਜਪਾ ਪੰਜਾਬ ਦੇ ਸਰਵਪੱਖੀ ਵਿਕਾਸ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ।
ਪੰਜਗਰਾਈ ਨੇ ਦੱਸਿਆ ਕਿ 17 ਜੁਲਾਈ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਲੰਧਰ ਦੌਰੇ ਦੌਰਾਨ ਪੰਜਾਬ ਦੇ ਵਿਕਾਸ ਲਈ ਕਈ ਮਹੱਤਵਪੂਰਨ ਪ੍ਰੋਜੈਕਟਾਂ ਦਾ ਐਲਾਨ ਹੋਣ ਦੀ ਉਮੀਦ ਹੈ।
ਇਸ ਮੌਕੇ ਡਾ. ਰੂਪੀ ਚੈਨਾ, ਵਿਕੀ ਚੈਨਾ, ਗੁਰਮੀਤ ਸਿੰਘ ਰਾਮਿਆਣਾ, ਹਮਣ ਮਲਹੋਤਰਾ, ਮਿੰਟੂ ਮੜਾਕ, ਸਿੰਦਰ ਸਿੰਘ ਰੋੜੀਕਪੂਰਾ, ਮੰਡਲ ਪ੍ਰਧਾਨ ਜਤਿੰਦਰ ਸਿੰਘ ਰੰਧਾਵਾ, ਮਨਪ੍ਰੀਤ ਸਿੰਘ ਸੇਵੇਵਾਲਾ ਅਤੇ ਲਖਵੀਰ ਸਿੰਘ ਢਿਲਵਾਂ ਸਮੇਤ ਹੋਰ ਭਾਜਪਾ ਵਰਕਰ ਵੀ ਹਾਜ਼ਰ ਸਨ।