ਸ਼੍ਰੋਮਣੀ ਕਮੇਟੀ ਵੱਲੋਂ ਕੀਤਾ ਗਿਆ ਸਨਮਾਨਿਤ

ਪੰਜਾਬ ਦੀ ਤਰੱਕੀ, ਸੁੱਖ-ਸ਼ਾਂਤੀ ਅਤੇ ਵਿਕਾਸ ਲਈ ਕੀਤੀ ਵਿਸ਼ੇਸ਼ ਪ੍ਰਾਰਥਨਾ

ਅੰਮ੍ਰਿਤਸਰ ਸਾਹਿਬ,20 ਜੂਨ ( ਜਸ਼ਨ ) : ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਅੱਜ ਗੁਰੂ ਨਗਰੀ ਅੰਮ੍ਰਿਤਸਰ ਪਹੁੰਚੇ, ਜਿੱਥੇ ਉਨ੍ਹਾਂ ਨੇ ਸਭ ਤੋਂ ਪਹਿਲਾਂ ਭਾਜਪਾ ਆਗੂਆਂ ਅਤੇ ਵਰਕਰਾਂ ਨਾਲ ਇੱਕ ਅਹਿਮ ਮੀਟਿੰਗ ਕੀਤੀ। ਇਸ ਤੋਂ ਬਾਅਦ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ ਅਤੇ ਗੁਰੂ ਘਰ ਵਿੱਚ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।

ਨਿਤਿਨ ਨਬੀਨ ਨੇ ਗੁਰੂ ਘਰ ਵਿੱਚ ਵਾਹਿਗੁਰੂ ਦਾ ਸ਼ੁਕਰਾਨਾ ਅਦਾ ਕਰਦਿਆਂ ਦੇਸ਼ ਅਤੇ ਪੰਜਾਬ ਦੀ ਖੁਸ਼ਹਾਲੀ, ਅਮਨ-ਸ਼ਾਂਤੀ ਅਤੇ ਤਰੱਕੀ ਲਈ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਨੇ ਸੇਵਾ ਭਾਵਨਾ ਦਾ ਪ੍ਰਗਟਾਵਾ ਕਰਦਿਆਂ ਜੂਠੇ ਬਰਤਨਾਂ ਦੀ ਸੇਵਾ ਵੀ ਕੀਤੀ, ਜਿਸ ਦੀ ਸੰਗਤ ਵੱਲੋਂ ਸ਼ਲਾਘਾ ਕੀਤੀ ਗਈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਵੱਲੋਂ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ।

ਮੀਡੀਆ ਨਾਲ ਗੱਲਬਾਤ ਕਰਦਿਆਂ ਨਿਤਿਨ ਨਵੀਨ ਨੇ ਕਿਹਾ ਕਿ ਉਹ ਆਪਣੇ ਆਪ ਨੂੰ ਖੁਸ਼ਕਿਸਮਤ ਸਮਝਦੇ ਹਨ ਕਿ ਉਨ੍ਹਾਂ ਨੂੰ ਸ੍ਰੀ ਹਰਿਮੰਦਰ ਸਾਹਿਬ ਵਰਗੇ ਪਵਿੱਤਰ ਅਸਥਾਨ 'ਤੇ ਮੱਥਾ ਟੇਕਣ ਅਤੇ ਅਰਦਾਸ ਕਰਨ ਦਾ ਮੌਕਾ ਮਿਲਿਆ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਪੂਰੇ ਦੇਸ਼ ਵਿੱਚ ਅਮਨ, ਭਾਈਚਾਰੇ ਅਤੇ ਲੋਕਾਂ ਦੀ ਭਲਾਈ ਲਈ ਅਰਦਾਸ ਕੀਤੀ ਹੈ। ਖ਼ਾਸ ਤੌਰ 'ਤੇ ਪੰਜਾਬ ਦੇ ਲੋਕਾਂ ਦੀ ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਲਈ ਵੀ ਉਨ੍ਹਾਂ ਨੇ ਵਾਹਿਗੁਰੂ ਅੱਗੇ ਅਰਦਾਸ ਕੀਤੀ।

ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਦਾ ਇਤਿਹਾਸ ਅਤੇ ਮਹੱਤਤਾ ਪੰਜਾਬ ਨੂੰ ਸਿਰਫ਼ ਦੇਸ਼ ਹੀ ਨਹੀਂ ਸਗੋਂ ਦੁਨੀਆ ਭਰ ਵਿੱਚ ਵਿਲੱਖਣ ਪਹਿਚਾਣ ਦਿੰਦੀ ਹੈ। ਉਨ੍ਹਾਂ ਮਹਾਰਾਜਾ ਰਣਜੀਤ ਸਿੰਘ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਪੰਜਾਬ ਨੂੰ ਇੱਕ ਵਿਸ਼ੇਸ਼ ਪਛਾਣ ਦਿੱਤੀ ਸੀ ਅਤੇ ਅੱਜ ਹਰ ਕੋਈ ਉਨ੍ਹਾਂ ਦੇ ਸੁਪਨਿਆਂ ਵਾਲਾ ਖੁਸ਼ਹਾਲ ਅਤੇ ਵਿਕਸਤ ਪੰਜਾਬ ਦੇਖਣਾ ਚਾਹੁੰਦਾ ਹੈ।

ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਤੇਜ਼ੀ ਨਾਲ ਵਿਕਾਸ ਦੇ ਰਾਹ 'ਤੇ ਅੱਗੇ ਵੱਧ ਰਿਹਾ ਹੈ ਅਤੇ ਉਨ੍ਹਾਂ ਦੀ ਇੱਛਾ ਹੈ ਕਿ ਪੰਜਾਬ ਵੀ ਉਸੇ ਤਰ੍ਹਾਂ ਤਰੱਕੀ ਕਰੇ। ਉਨ੍ਹਾਂ ਅਰਦਾਸ ਕੀਤੀ ਕਿ ਵਿਕਾਸ ਦੀਆਂ ਕਿਰਣਾਂ ਪੰਜਾਬ ਦੇ ਹਰ ਘਰ, ਹਰ ਪਿੰਡ ਅਤੇ ਹਰ ਮੁਹੱਲੇ ਤੱਕ ਪਹੁੰਚਣ।

ਨਿਤਿਨ ਨਬੀਨ ਨੇ"ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਪ੍ਰਤੀਨਿੱਧ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਵਿੱਚ ਅਰਦਾਸ ਕਰਨ ਤੋਂ ਬਾਅਦ ਉਨ੍ਹਾਂ ਨੂੰ ਨਵੀਂ ਊਰਜਾ ਅਤੇ ਪ੍ਰੇਰਣਾ ਮਿਲੀ ਹੈ ਅਤੇ ਉਹ ਪੰਜਾਬ ਦੇ ਵਿਕਾਸ ਅਤੇ ਲੋਕ ਸੇਵਾ ਲਈ ਹੋਰ ਵੱਧ ਸਮਰਪਣ ਨਾਲ ਕੰਮ ਕਰਨ ਦਾ ਸੰਕਲਪ ਲੈ ਕੇ ਜਾ ਰਹੇ ਹਨ।