ਮੋਗਾ, 20 ਜੂਨ ( ਜਸ਼ਨ ) : ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਡਾ. ਸੀਮਾਂਤ ਗਰਗ ਨੇ ਕਿਹਾ ਹੈ ਕਿ ਭਾਜਪਾ ਦੇ ਰਾਸ਼ਟਰੀ ਅਧਿਆਕਸ਼ ਨਿਤਿਨ ਨਬੀਨ ਦਾ ਤਿੰਨ ਦਿਨਾਂ ਪੰਜਾਬ ਦੌਰਾ ਸੂਬੇ ਵਿੱਚ ਭਾਜਪਾ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ ਸਿਆਸੀ ਸਮੀਕਰਨਾਂ ਵਿੱਚ ਵੀ ਵੱਡਾ ਬਦਲਾਅ ਲਿਆ ਸਕਦਾ ਹੈ। ਉਨ੍ਹਾਂ "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਪ੍ਰਤੀਨਿੱਧ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਭਾਜਪਾ ਆਪਣੀ ਸੰਗਠਨਾਤਮਕ ਤਾਕਤ ਵਧਾਉਣ ਲਈ ਸਰਗਰਮ ਹੋ ਚੁੱਕੀ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ. ਗਰਗ ਨੇ ਕਿਹਾ ਕਿ ਪਾਰਟੀ ਵੱਲੋਂ ਬੂਥ ਪੱਧਰ 'ਤੇ ਸੰਗਠਨ ਨੂੰ ਮਜ਼ਬੂਤ ਕਰਨ, ਨਵੇਂ ਸਮਾਜਿਕ ਵਰਗਾਂ ਤੱਕ ਪਹੁੰਚ ਬਣਾਉਣ ਅਤੇ ਸ਼ਹਿਰੀ ਖੇਤਰਾਂ ਵਿੱਚ ਲੋਕਾਂ ਨੂੰ ਪਾਰਟੀ ਨਾਲ ਜੋੜਨ ਉੱਤੇ ਖਾਸ ਧਿਆਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ਾਖੋਰੀ, ਗੈਂਗਸਟਰਵਾਦ, ਬੇਰੁਜ਼ਗਾਰੀ ਅਤੇ ਆਰਥਿਕ ਕਮਜ਼ੋਰੀ ਵਰਗੇ ਮੁੱਦਿਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਭਾਜਪਾ ਲੋਕਾਂ ਤੱਕ ਆਪਣੀ ਪਹੁੰਚ ਵਧਾਏਗੀ, ਤਾਂ ਜੋ 2027 ਵਿੱਚ ਸਰਕਾਰ ਬਣਾਕੇ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਇਆ ਜਾ ਸਕੇ ਅਤੇ ਸੂਬੇ ਨੂੰ ਨਵੀਂ ਦਿਸ਼ਾ ਦਿੱਤੀ ਜਾ ਸਕੇ। ਡਾ. ਗਰਗ ਨੇ ਕਿਹਾ ਕਿ ਧਰਮ ਪਰਿਵਰਤਨ ਦਾ ਮੁੱਦਾ ਵੀ ਪੰਜਾਬ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ। ਇਸ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਭਾਜਪਾ ਵੱਲੋਂ ਵਿਸ਼ੇਸ਼ ਮੁਹਿੰਮਾਂ ਚਲਾਈਆਂ ਜਾਣਗੀਆਂ, ਤਾਂ ਜੋ ਲੋਕ ਆਪਣੇ ਧਰਮ ਅਤੇ ਸੱਭਿਆਚਾਰ ਨਾਲ ਜੁੜੇ ਰਹਿ ਸਕਣ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨ ਉਪਰੰਤ ਉਦਯੋਗਿਕ ਵਿਕਾਸ ਨੂੰ ਨਵੀਂ ਗਤੀ ਮਿਲੇਗੀ, ਕੇਂਦਰ ਸਰਕਾਰ ਦੀ ਸਹਾਇਤਾ ਨਾਲ ਨਵੀਆਂ ਉਦਯੋਗਿਕ ਇਕਾਈਆਂ ਸਥਾਪਿਤ ਹੋਣਗੀਆਂ ਅਤੇ ਮੌਜੂਦਾ ਉਦਯੋਗਾਂ ਨੂੰ ਹੋਰ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਡਾ. ਗਰਗ ਨੇ ਕਿਹਾ ਕਿ ਭਾਜਪਾ ਹੀ ਇੱਕ ਅਜਿਹੀ ਪਾਰਟੀ ਹੈ ਜੋ ਕਿਸਾਨਾਂ, ਵਪਾਰੀਆਂ, ਮੁਲਾਜ਼ਮਾਂ, ਮਜ਼ਦੂਰਾਂ, ਬੇਰੁਜ਼ਗਾਰ ਨੌਜਵਾਨਾਂ ਅਤੇ ਮਹਿਲਾਵਾਂ ਨੂੰ ਅੱਗੇ ਵਧਣ ਦੇ ਮੌਕੇ ਪ੍ਰਦਾਨ ਕਰ ਸਕਦੀ ਹੈ। ਉਨ੍ਹਾਂ ਲੋਕਾਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਭਾਜਪਾ ਨਾਲ ਜੁੜਨ ਦੀ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਵੀ ਡਬਲ ਇੰਜਣ ਸਰਕਾਰ ਲਿਆ ਕੇ ਵਿਕਾਸ ਅਤੇ ਤਰੱਕੀ ਨੂੰ ਨਵੀਂ ਰਫ਼ਤਾਰ ਦਿੱਤੀ ਜਾ ਸਕਦੀ ਹੈ।ਉਨ੍ਹਾਂ ਨੇ ਨਿਤਿਨ ਨਬੀਨ ਦੇ ਪੰਜਾਬ ਦੌਰੇ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਨਾਲ ਪੰਜਾਬ ਵਿੱਚ ਭਾਜਪਾ ਨੂੰ ਨਵੀਂ ਊਰਜਾ ਅਤੇ ਮਜ਼ਬੂਤੀ ਮਿਲੇਗੀ। ਡਾ. ਗਰਗ ਨੇ ਦੱਸਿਆ ਕਿ ਆਪਣੇ ਦੌਰੇ ਦੌਰਾਨ ਨਿਤਿਨ ਨਬੀਨ ਭਾਜਪਾ ਆਗੂਆਂ, ਸੰਸਦ ਮੈਂਬਰਾਂ, ਵਿਧਾਇਕਾਂ ਅਤੇ ਨੌਜਵਾਨ ਪ੍ਰਤੀਨਿਧੀਆਂ ਨਾਲ ਮੁਲਾਕਾਤ ਕਰਨ ਦੇ ਨਾਲ-ਨਾਲ ‘ਯੁਵਾ ਸੰਵਾਦ’ ਪ੍ਰੋਗਰਾਮ ਵਿੱਚ ਵੀ ਹਿੱਸਾ ਲੈਣਗੇ ਅਤੇ ਪੰਜਾਬ ਵਿੱਚ ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਦਿਸ਼ਾ-ਨਿਰਦੇਸ਼ ਦੇਣਗੇ।
ਖ਼ਬਰਾਂ
ਭਾਜਪਾ ਦੇ ਰਾਸ਼ਟਰੀ ਅਧਿਆਕਸ਼ ਨਿਤਿਨ ਨਬੀਨ ਦੇ ਤਿੰਨ ਦਿਨਾਂ ਪੰਜਾਬ ਦੌਰੇ ਨਾਲ ਭਾਜਪਾ ਨੂੰ ਮਿਲੇਗੀ ਮਜ਼ਬੂਤੀ, ਬਦਲਣਗੇ ਸਿਆਸੀ ਸਮੀਕਰਨ : ਡਾ. ਸੀਮਾਂਤ ਗਰਗ
* ਨਿਤਿਨ ਨਬੀਨ ਭਾਜਪਾ ਆਗੂਆਂ, ਸੰਸਦ ਮੈਂਬਰਾਂ, ਵਿਧਾਇਕਾਂ ਅਤੇ ਨੌਜਵਾਨ ਪ੍ਰਤੀਨਿਧੀਆਂ ਨਾਲ ਮੁਲਾਕਾਤ ਦੇ ਨਾਲ-ਨਾਲ ‘ਯੁਵਾ ਸੰਵਾਦ’ ਪ੍ਰੋਗਰਾਮ ਵਿੱਚ ਵੀ ਹਿੱਸਾ ਲੈਣਗੇ
20 ਜੂਨ 2026·

ਅInternational Punjabi News
ਇਹ ਖ਼ਬਰ ਸਾਂਝੀ ਕਰੋ:



