ਦਰਬਾਰ ਸਾਹਿਬ ਦੀ ਪਾਵਨ ਧਰਤੀ 'ਤੇ ਰਾਜਨੀਤੀ ਤੋਂ ਕੀਤਾ ਇਨਕਾਰ, ਕਿਹਾ— ਇੱਥੇ ਸਿਰਫ਼ ਸੇਵਾ ਅਤੇ ਸ਼ਰਧਾ ਦੀ ਭਾਵਨਾ ਨਾਲ ਆਇਆ ਹਾਂ

ਅੰਮ੍ਰਿਤਸਰ19 ਜੁਲਾਈ (ਜਸ਼ਨ ): ਭਾਰਤੀ ਜਨਤਾ ਪਾਰਟੀ ਦੇ ਕੌਮੀ ਬੁਲਾਰੇ ਪ੍ਰਦੀਪ ਭੰਡਾਰੀ ਅੱਜ ਗੁਰੂ ਨਗਰੀ ਅੰਮ੍ਰਿਤਸਰ ਪਹੁੰਚੇ, ਜਿੱਥੇ ਉਨ੍ਹਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਪ੍ਰਦੀਪ ਭੰਡਾਰੀ ਨੇ ਹਰੇ ਰੰਗ ਦੀ ਦਸਤਾਰ ਸਜਾਈ ਹੋਈ ਸੀ ਅਤੇ ਭਾਜਪਾ ਆਗੂਆਂ ਨਾਲ ਮਿਲ ਕੇ ਸ੍ਰੀ ਹਰਿਮੰਦਰ ਸਾਹਿਬ ਵਿੱਚ ਮੱਥਾ ਟੇਕਿਆ। ਉਨ੍ਹਾਂ ਨੇ ਸਰਬੱਤ ਦੇ ਭਲੇ, ਦੇਸ਼ ਦੀ ਤਰੱਕੀ ਅਤੇ ਸਮਾਜ ਵਿੱਚ ਅਮਨ-ਸ਼ਾਂਤੀ ਲਈ ਅਰਦਾਸ ਕੀਤੀ ਅਤੇ ਵਾਹਿਗੁਰੂ ਦਾ ਸ਼ੁਕਰਾਨਾ ਅਦਾ ਕੀਤਾ।

ਦਰਸ਼ਨਾਂ ਉਪਰੰਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਦੀਪ ਭੰਡਾਰੀ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਗੁਰੂ ਘਰ ਵਿੱਚ ਨਤਮਸਤਕ ਹੋਣ ਤੋਂ ਬਾਅਦ ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਆਪਣੀਆਂ ਭਾਵਨਾਵਾਂ ਸਾਂਝੀਆਂ ਕੀਤੀਆਂ।

ਪ੍ਰਦੀਪ ਭੰਡਾਰੀ ਨੇ ਕਿਹਾ ਕਿ ਉਹ ਆਪਣੇ ਆਪ ਨੂੰ ਬਹੁਤ ਹੀ ਭਾਗਾਂ ਵਾਲਾ ਸਮਝਦੇ ਹਨ ਕਿ ਅੱਜ ਉਨ੍ਹਾਂ ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਕਿਹਾ ਕਿ ਕਾਫ਼ੀ ਸਮੇਂ ਤੋਂ ਉਨ੍ਹਾਂ ਦੇ ਮਨ ਵਿੱਚ ਇੱਥੇ ਆ ਕੇ ਮੱਥਾ ਟੇਕਣ ਦੀ ਇੱਛਾ ਸੀ ਅਤੇ ਅੱਜ ਗੁਰੂ ਸਾਹਿਬ ਨੇ ਉਨ੍ਹਾਂ ਦੀ ਇਹ ਮਨੋਕਾਮਨਾ ਪੂਰੀ ਕੀਤੀ ਹੈ। ਉਨ੍ਹਾਂ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ "ਵਿਕਸਿਤ ਭਾਰਤ" ਦੇ ਸੰਕਲਪ ਦੀ ਸਫ਼ਲਤਾ ਅਤੇ ਦੇਸ਼ ਦੀ ਖੁਸ਼ਹਾਲੀ ਲਈ ਵੀ ਅਰਦਾਸ ਕਰਨ ਆਏ ਹਨ।

ਉਨ੍ਹਾਂ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਤੋਂ ਬਾਅਦ ਉਨ੍ਹਾਂ ਨੂੰ ਨਵੀਂ ਊਰਜਾ ਅਤੇ ਆਤਮਿਕ ਤਾਕਤ ਮਿਲੀ ਹੈ। ਇਸ ਊਰਜਾ ਨਾਲ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਇੱਕ ਸਮਰਪਿਤ ਕਾਰਕੁਨ ਵਜੋਂ ਦੇਸ਼ ਦੀ ਸੇਵਾ ਕਰਨ ਲਈ ਹੋਰ ਵੱਧ ਜੋਸ਼ ਨਾਲ ਕੰਮ ਕਰਨਗੇ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹਾਲ ਹੀ ਵਿੱਚ ਹੋਏ ਪੰਜਾਬ ਦੌਰੇ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਪ੍ਰਦੀਪ ਭੰਡਾਰੀ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਜਨ-ਕਲਿਆਣਕਾਰੀ ਯੋਜਨਾਵਾਂ ਨੂੰ ਪੰਜਾਬ ਤੱਕ ਪਹੁੰਚਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਹਾਲਾਂਕਿ ਉਨ੍ਹਾਂ ਨੇ ਇਹ ਵੀ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਦੀ ਪਾਵਨ ਧਰਤੀ 'ਤੇ ਉਹ ਕਿਸੇ ਵੀ ਤਰ੍ਹਾਂ ਦੀ ਰਾਜਨੀਤਿਕ ਟਿੱਪਣੀ ਨਹੀਂ ਕਰਨਾ ਚਾਹੁੰਦੇ। ਉਨ੍ਹਾਂ ਦੇ ਸ਼ਬਦਾਂ ਵਿੱਚ, ਜਦੋਂ ਵੀ ਕੋਈ ਸ਼ਰਧਾਲੂ ਗੁਰੂ ਘਰ ਆਉਂਦਾ ਹੈ ਤਾਂ ਉਸ ਦੀ ਪਹਿਲੀ ਭਾਵਨਾ ਸਿਰਫ਼ ਗੁਰੂ ਸਾਹਿਬ ਦੇ ਦਰਸ਼ਨ ਕਰਨਾ ਅਤੇ ਆਸ਼ੀਰਵਾਦ ਪ੍ਰਾਪਤ ਕਰਨਾ ਹੁੰਦੀ ਹੈ, ਨਾ ਕਿ ਰਾਜਨੀਤੀ ਕਰਨੀ।

ਉਨ੍ਹਾਂ ਕਿਹਾ ਕਿ ਗੁਰੂ ਘਰ ਤੋਂ ਮਿਲੀ ਪ੍ਰੇਰਣਾ ਅਤੇ ਆਸ਼ੀਰਵਾਦ ਉਨ੍ਹਾਂ ਨੂੰ ਹਮੇਸ਼ਾ ਦੇਸ਼ ਅਤੇ ਸਮਾਜ ਦੀ ਸੇਵਾ ਲਈ ਪ੍ਰੇਰਿਤ ਕਰਦਾ ਰਹੇਗਾ।