ਮੋਗਾ,17 ਸਤੰਬਰ (ਜਸ਼ਨ ): ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਨੇ ਸੰਵਿਧਾਨ ਨਿਰਮਾਤਾ, ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀ ਘਟਨਾ ਬੇਹੱਦ ਮੰਦਭਾਗੀ ਅਤੇ ਨਿੰਦਣਯੋਗ ਹੈ। ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਡਾ. ਹਰਜੋਤ ਕਮਲ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜਦੋਂ ਵੀ ਸਰਕਾਰ ਕਿਸੇ ਸੰਕਟ ਵਿੱਚ ਘਿਰਦੀ ਹੈ, ਅਜਿਹੇ ਮੁੱਦੇ ਸਾਹਮਣੇ ਆਉਣ ਲੱਗ ਪੈਂਦੇ ਹਨ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇਸ਼ ਦੇ ਸੰਵਿਧਾਨ ਦੇ ਨਿਰਮਾਤਾ ਅਤੇ ਕਰੋੜਾਂ ਲੋਕਾਂ ਲਈ ਪ੍ਰੇਰਣਾਸਰੋਤ ਹਨ। ਉਨ੍ਹਾਂ ਦੀ ਪ੍ਰਤਿਮਾ ਦੀ ਬੇਅਦਬੀ ਵਰਗਾ ਕਿਰਤ ਕਿਸੇ ਵੀ ਸਥਿਤੀ ਵਿੱਚ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਭਾਜਪਾ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਪਾਰਟੀ ਵੱਲੋਂ ਇਸ ਮਾਮਲੇ ਸਬੰਧੀ ਮਤਾ ਪਾਸ ਕਰਕੇ ਘਟਨਾ ਦੀ ਗਹਿਰੀ ਨਿੰਦਾ ਕੀਤੀ ਗਈ ਹੈ। ਉਨ੍ਹਾਂ ਪ੍ਰਸ਼ਾਸਨ ਅਤੇ ਸਰਕਾਰ ਤੋਂ ਮੰਗ ਕੀਤੀ ਕਿ ਪੂਰੇ ਮਾਮਲੇ ਦੀ ਨਿਰਪੱਖ ਅਤੇ ਗੰਭੀਰਤਾ ਨਾਲ ਜਾਂਚ ਕਰਵਾਈ ਜਾਵੇ ਅਤੇ ਘਟਨਾ ਲਈ ਜ਼ਿੰਮੇਵਾਰ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਸਮਾਜ ਵਿੱਚ ਤਣਾਅ ਪੈਦਾ ਕਰਦੀਆਂ ਹਨ। ਇਸ ਲਈ ਪ੍ਰਸ਼ਾਸਨ ਨੂੰ ਬਿਨਾਂ ਕਿਸੇ ਦਬਾਅ ਦੇ ਨਿਰਪੱਖ ਕਾਰਵਾਈ ਕਰਦਿਆਂ ਦੋਸ਼ੀਆਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆਉਣਾ ਚਾਹੀਦਾ ਹੈ। ਇਸ ਮੌਕੇ ਜ਼ਿਲ੍ਹਾ ਮਹਾਮੰਤਰੀ ਮੁਖਤਿਆਰ ਸਿੰਘ ਰਿਟਾ. ਐਸ.ਪੀ., ਐਸ.ਸੀ. ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਸਤਿੰਦਰਪ੍ਰੀਤ ਸਿੰਘ ਰੱਤੀਆਂ, ਕਿਸਾਨ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਲਖਵੰਤ ਸਿੰਘ ਸਾਫੂਵਾਲਾ, ਯੁਵਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਗੁਰਬੀਰ ਸਿੰਘ ਰਟੌਲ, ਮਹਿਲਾ ਮੋਰਚਾ ਦੀ ਜ਼ਿਲ੍ਹਾ ਪ੍ਰਧਾਨ ਕਮਲਜੀਤ ਕੌਰ ਧੱਲੇਕੇ, ਸਰਕਲ ਪ੍ਰਧਾਨ ਵਿਨੋਦ ਕੁਮਾਰ ਸ਼ਰਮਾ, ਸਰਕਲ ਪ੍ਰਧਾਨ ਸੰਜੀਵ ਕੁਮਾਰ ਸ਼ਰਮਾ, ਦਵਿੰਦਰ ਸਿੰਘ, ਗਗਨਦੀਪ ਧੁੰਨਾ, ਰੁਦ੍ਰ ਸ਼ਰਮਾ, ਸਰਕਲ ਪ੍ਰਧਾਨ ਧੀਰਜ ਕੁਮਾਰ ਸ਼ਰਮਾ, ਸਰਕਲ ਪ੍ਰਧਾਨ ਸਤਨਾਮ ਸਿੰਘ ਮਹੇਸ਼ਰੀ, ਨਿਰਮਲ ਸਿੰਘ ਲੰਡੇਕੇ, ਗੁਰਨਾਮ ਸਿੰਘ ਆਦਿ ਹਾਜ਼ਰ ਸਨ।