ਮੋਗਾ, 11 ਨਵੰਬਰ 2026(ਜਸ਼ਨ ):

ਅੱਜ ਭਾਰਤੀ ਜਨਤਾ ਪਾਰਟੀ ਯੁਵਾ ਮੋਰਚਾ ਜ਼ਿਲ੍ਹਾ ਮੋਗਾ ਵੱਲੋਂ ਜ਼ਿਲ੍ਹਾ ਪ੍ਰਧਾਨ ਗੁਰਬੀਰ ਸਿੰਘ ਰਟੌਲ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਮੋਗਾ ਦੇ ਦਫ਼ਤਰ ਅੱਗੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਧਰਨਾ ਦਿੱਤਾ ਗਿਆ। ਇਹ ਧਰਨਾ ਪੰਜਾਬ PCS Mains 2025 ਦੀ ਪ੍ਰੀਖਿਆ ਵਿੱਚ ਕਥਿਤ ਬੇਨਿਯਮੀਆਂ ਅਤੇ ਚੋਣ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਦੀ ਘਾਟ ਦੇ ਵਿਰੋਧ ਵਿੱਚ ਲਗਾਇਆ ਗਿਆ।

ਇਸ ਮੌਕੇ ਯੁਵਾ ਮੋਰਚਾ ਦੇ ਆਗੂਆਂ ਨੇ ਕਿਹਾ ਕਿ ਪੰਜਾਬ PCS ਪ੍ਰੀਖਿਆ ਦੇ ਮਾਮਲੇ ਵਿੱਚ ਸਾਹਮਣੇ ਆਏ ਸਵਾਲਾਂ ਨੇ ਪੰਜਾਬ ਦੇ ਲੱਖਾਂ ਨੌਜਵਾਨਾਂ ਦੇ ਭਵਿੱਖ ਅਤੇ ਸਰਕਾਰੀ ਭਰਤੀ ਪ੍ਰਕਿਰਿਆ ਦੀ ਨਿਰਪੱਖਤਾ ਉੱਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਨੌਜਵਾਨ ਦਿਨ-ਰਾਤ ਮਿਹਨਤ ਕਰਕੇ ਇਨ੍ਹਾਂ ਪ੍ਰੀਖਿਆਵਾਂ ਦੀ ਤਿਆਰੀ ਕਰਦੇ ਹਨ, ਪਰ ਜੇਕਰ ਚੋਣ ਪ੍ਰਕਿਰਿਆ ਵਿੱਚ ਪੱਖਪਾਤ ਜਾਂ ਬੇਨਿਯਮੀਆਂ ਹੁੰਦੀਆਂ ਹਨ ਤਾਂ ਇਹ ਮਿਹਨਤੀ ਨੌਜਵਾਨਾਂ ਨਾਲ ਵੱਡਾ ਅਨਿਆਂ ਹੈ।

ਆਗੂਆਂ ਨੇ ਮੰਗ ਕੀਤੀ ਕਿ ਇਸ ਪੂਰੇ ਮਾਮਲੇ ਦੀ ਨਿਰਪੱਖ ਅਤੇ ਉੱਚ ਪੱਧਰੀ ਜਾਂਚ ਕੇਂਦਰੀ ਜਾਂਚ ਬਿਊਰੋ (CBI) ਤੋਂ ਕਰਵਾਈ ਜਾਵੇ, ਤਾਂ ਜੋ ਸੱਚਾਈ ਸਾਹਮਣੇ ਆ ਸਕੇ ਅਤੇ ਜੇਕਰ ਕਿਸੇ ਵੀ ਪੱਧਰ ’ਤੇ ਬੇਨਿਯਮੀਆਂ ਹੋਈਆਂ ਹਨ ਤਾਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ ਅਤੇ ਸਰਕਾਰੀ ਨੌਕਰੀਆਂ ਵਿੱਚ ਯੋਗਤਾ ਤੇ ਮਿਹਨਤ ਨੂੰ ਹੀ ਪਹਿਲ ਦਿੱਤੀ ਜਾਣੀ ਚਾਹੀਦੀ ਹੈ।

ਇਸ ਮੌਕੇ ਯੁਵਾ ਮੋਰਚਾ ਦੇ ਆਗੂਆਂ ਵੱਲੋਂ ਜੀ.ਏ. ਮੈਡਮ ਨੂੰ ਮੰਗ ਪੱਤਰ ਸੌਂਪ ਕੇ ਪੰਜਾਬ ਸਰਕਾਰ ਤੱਕ ਆਪਣੀਆਂ ਮੰਗਾਂ ਪਹੁੰਚਾਉਣ ਅਤੇ ਮਾਮਲੇ ਦੀ ਸੀਬੀਆਈ ਜਾਂਚ ਕਰਵਾਉਣ ਦੀ ਮੰਗ ਕੀਤੀ ਗਈ।

ਇਸ ਧਰਨੇ ਵਿੱਚ ਵਿਸ਼ੇਸ਼ ਤੌਰ ’ਤੇ ਹਰਮਨਦੀਪ ਸਿੰਘ ਮੀਤਾ ਸਕੱਤਰ ਭਾਜਪਾ ਯੁਵਾ ਮੋਰਚਾ ਪੰਜਾਬ, ਮਨਿੰਦਰ ਕੌਰ ਜਨਰਲ ਸਕੱਤਰ ਮਹਿਲਾ ਮੋਰਚਾ ਪੰਜਾਬ, ਵਰੁਣ ਜੈਤਕਾ ਜਨਰਲ ਸਕੱਤਰ ਯੁਵਾ ਮੋਰਚਾ ਮੋਗਾ, ਰੁਦਰ ਸ਼ਰਮਾ, ਜਨਰਲ ਸਕੱਤਰ ਯੁਵਾ ਮੋਰਚਾ ਮੋਗਾ ਤੋਂ ਇਲਾਵਾ ਗੁਰਪ੍ਰੀਤ ਸਿੰਘ, ਸੰਦੀਪ ਕੌਰ, ਵਿਨੇ ਗੋਇਲ, ਰਜੇਸ਼ ਚੌਧਰੀ, ਰਾਜਵਿੰਦਰ ਸਿੰਘ, ਸਤਨਾਮ ਸਿੰਘ, ਸੁਖਚੈਨ ਸਿੰਘ, ਜਗਸੀਰ ਸਿੰਘ, ਭੁਪਿੰਦਰ ਸਿੰਘ, ਕਰਮ ਸਿੰਘ ਅਤੇ ਪ੍ਰੇਮ ਸਿੰਘ ਸਮੇਤ ਯੁਵਾ ਮੋਰਚਾ ਦੇ ਹੋਰ ਅਹੁਦੇਦਾਰ ਅਤੇ ਵਰਕਰ ਹਾਜ਼ਰ ਸਨ।

ਯੁਵਾ ਮੋਰਚਾ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਨਾਲ ਕਿਸੇ ਵੀ ਤਰ੍ਹਾਂ ਦਾ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਲਈ ਸੰਘਰਸ਼ ਜਾਰੀ ਰੱਖਿਆ ਜਾਵੇਗਾ।