ਤਰਨਤਾਰਨ, 25 ਅਗਸਤ (ਅਮਿਤ ਮਰਵਾਹਾ)
ਰੱਖੜ ਪੁੰਨਿਆ ਦੇ ਪਵਿੱਤਰ ਮੌਕੇ ਬਾਬਾ ਬਕਾਲਾ ਵਿਖੇ ਭਾਰਤੀ ਜਨਤਾ ਪਾਰਟੀ ਵੱਲੋਂ ਕੀਤੀ ਜਾਣ ਵਾਲੀ ਵਿਸ਼ਾਲ ਰੈਲੀ ਨੂੰ ਲੈ ਕੇ ਪਾਰਟੀ ਨੇ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਸਬੰਧੀ ਭਾਜਪਾ ਆਗੂ ਮਨਜੀਤ ਸਿੰਘ ਮੰਨਾ ਦੇ ਦੀ ਅਗਵਾਈ ਹੇਠ ਪਾਰਟੀ ਆਗੂਆਂ ਅਤੇ ਵਰਕਰਾਂ ਦੀ ਅਹਿਮ ਮੀਟਿੰਗ ਹੋਈ। ਮੀਟਿੰਗ ਵਿੱਚ ਰੈਲੀ ਨੂੰ ਪ੍ਰਭਾਵਸ਼ਾਲੀ ਅਤੇ ਸਫਲ ਬਣਾਉਣ ਲਈ ਜ਼ਮੀਨੀ ਪੱਧਰ ’ਤੇ ਕੀਤੀਆਂ ਜਾ ਰਹੀਆਂ ਤਿਆਰੀਆਂ ਦੀ ਸਮੀਖਿਆ ਕੀਤੀ ਗਈ ਅਤੇ ਅਗਲੀ ਰਣਨੀਤੀ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਭਾਜਪਾ ਆਗੂ ਕੰਵਲਜੀਤ ਸਿੰਘ ਮਝੈਲ ਨੇ ਕਿਹਾ ਕਿ ਪੰਜਾਬ ਵਿੱਚ ਭਾਜਪਾ ਦਾ ਆਧਾਰ ਲਗਾਤਾਰ ਮਜ਼ਬੂਤ ਹੋ ਰਿਹਾ ਹੈ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਪਾਰਟੀ ਵੱਡੀ ਜਿੱਤ ਹਾਸਲ ਕਰਨ ਦੇ ਸਮਰੱਥ ਹੈ। ਉਨ੍ਹਾਂ ਕਿਹਾ ਕਿ ਬਾਬਾ ਬਕਾਲਾ ਵਿਖੇ ਰੱਖੜ ਪੁੰਨਿਆ ਮੌਕੇ ਹੋਣ ਵਾਲੀ ਰੈਲੀ ਪਾਰਟੀ ਦੀ ਮਜ਼ਬੂਤ ਸੰਗਠਨਾਤਮਕ ਤਾਕਤ ਦਾ ਪ੍ਰਗਟਾਵਾ ਕਰੇਗੀ। ਉਨ੍ਹਾਂ ਵਰਕਰਾਂ ਨੂੰ ਸੱਦਾ ਦਿੰਦਿਆਂ ਕਿਹਾ ਕਿ ਉਹ ਵੱਡੀ ਗਿਣਤੀ ਵਿੱਚ ਰੈਲੀ ਵਿੱਚ ਪਹੁੰਚ ਕੇ ਇਸ ਨੂੰ ਕਾਮਯਾਬ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ।

ਇਸ ਦੌਰਾਨ ਰੈਲੀ ਵਿੱਚ ਵੱਧ ਤੋਂ ਵੱਧ ਪਾਰਟੀ ਵਰਕਰਾਂ, ਸਮਰਥਕਾਂ ਅਤੇ ਆਮ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਵਿਸਥਾਰ ਨਾਲ ਚਰਚਾ ਕੀਤੀ ਗਈ। ਵੱਖ-ਵੱਖ ਖੇਤਰਾਂ ਵਿੱਚ ਵਰਕਰਾਂ ਦੀਆਂ ਲਗਾਈਆਂ ਗਈਆਂ ਡਿਊਟੀਆਂ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਆਗੂਆਂ ਨੇ ਸਾਰਿਆਂ ਨੂੰ ਆਪਣੀਆਂ ਜ਼ਿੰਮੇਵਾਰੀਆਂ ਪੂਰੀ ਤਨਦੇਹੀ ਅਤੇ ਅਨੁਸ਼ਾਸਨ ਨਾਲ ਨਿਭਾਉਣ ਦੀ ਅਪੀਲ ਕੀਤੀ।

ਭਾਜਪਾ ਆਗੂਆਂ ਨੇ "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਰੱਖੜ ਪੁੰਨਿਆ ਮੌਕੇ ਬਾਬਾ ਬਕਾਲਾ ਵਿਖੇ ਹੋਣ ਵਾਲੀ ਰੈਲੀ ਨੂੰ ਲੈ ਕੇ ਪਾਰਟੀ ਵਰਕਰਾਂ ਵਿੱਚ ਭਾਰੀ ਉਤਸ਼ਾਹ ਹੈ। ਉਨ੍ਹਾਂ ਦੱਸਿਆ ਕਿ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਦੀ ਸ਼ਮੂਲੀਅਤ ਲਈ ਪਿੰਡ-ਪਿੰਡ ਸੰਪਰਕ ਮੁਹਿੰਮ ਅਤੇ ਹੋਰ ਤਿਆਰੀਆਂ ਨੂੰ ਤੇਜ਼ ਕੀਤਾ ਜਾ ਰਿਹਾ ਹੈ। ਇਸ ਮੌਕੇ ਆਗੂਆਂ ਨੇ ਦਾਅਵਾ ਕੀਤਾ ਕਿ ਬਾਬਾ ਬਕਾਲਾ ਦੀ ਧਰਤੀ ’ਤੇ ਹੋਣ ਵਾਲੀ ਇਹ ਰੈਲੀ ਪਾਰਟੀ ਲਈ ਅਹਿਮ ਸਾਬਤ ਹੋਵੇਗੀ ਅਤੇ ਇਸ ਨੂੰ ਯਾਦਗਾਰ ਬਣਾਉਣ ਲਈ ਵਰਕਰ ਪੂਰੇ ਜੋਸ਼ ਨਾਲ ਤਿਆਰੀਆਂ ਵਿੱਚ ਜੁਟੇ ਹੋਏ ਹਨ।

ਇਸ ਮੌਕੇ ਬੀਬੀ ਸਰਬਜੀਤ ਕੌਰ ਬਾਠ, ਸਿਤਾਰਾ ਸਿੰਘ ਡਲੀਰੀ, ਹਰਜਿੰਦਰ ਸਿੰਘ, ਹਰਸਰਨ ਸਿੰਘ ਗੰਡੀਵਿੰਡ, ਅਮਰਪਾਲ ਸਿੰਘ ਖਹਿਰਾ, ਜਸਮੀਤ ਸਿੰਘ ਵਾਲੀਆ ਅਤੇ ਯਾਦਵਿੰਦਰ ਸਿੰਘ ਮਾਨੋਚਾਹਲ ਸਮੇਤ ਵੱਡੀ ਗਿਣਤੀ ਵਿੱਚ ਭਾਜਪਾ ਆਗੂ ਅਤੇ ਵਰਕਰ ਹਾਜ਼ਰ ਸਨ।