ਮੋਗਾ, 23 ਅਗਸਤ ( ਜਸ਼ਨ ) : ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ-2027 ਲਈ ਸੰਗਠਨਾਤਮਕ ਰਣਨੀਤੀ ਤਿਆਰ ਕਰਨ ਦੇ ਮਕਸਦ ਨਾਲ ਭਾਜਪਾ ਦੇ ਰਾਸ਼ਟਰੀ ਸੰਗਠਨ ਮਹਾਮੰਤਰੀ ਬੀ.ਐਲ. ਸੰਤੋਸ਼ 24 ਤੋਂ 26 ਅਗਸਤ ਤੱਕ ਪੰਜਾਬ ਦੇ ਦੌਰੇ ’ਤੇ ਰਹਿਣਗੇ। ਇਸ ਦੌਰਾਨ ਉਹ ਅੰਮ੍ਰਿਤਸਰ, ਲੁਧਿਆਣਾ, ਬਠਿੰਡਾ, ਪਟਿਆਲਾ, ਜਲੰਧਰ ਆਦਿ ਸ਼ਹਿਰਾਂ ਦਾ ਦੌਰਾ ਕਰਕੇ ਵੱਖ-ਵੱਖ ਜ਼ੋਨਾਂ ਦੇ ਸਰਕਲ, ਬੂਥ ਪੱਧਰ ਅਤੇ ਪਾਰਟੀ ਅਹੁਦੇਦਾਰਾਂ ਨਾਲ ਵਨ-ਟੂ-ਵਨ ਮੀਟਿੰਗਾਂ ਕਰਨਗੇ ਅਤੇ ਵੱਖ-ਵੱਖ ਜ਼ਿਲ੍ਹਿਆਂ ਦੇ ਸੰਗਠਨ ਦੀ ਸਮੀਖਿਆ ਕਰਨਗੇ। ਇਹ ਜਾਣਕਾਰੀ ਭਾਜਪਾ ਮੋਗਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਤੇ ਫਰੀਦਕੋਟ ਜ਼ਿਲ੍ਹੇ ਦੇ ਇੰਚਾਰਜ ਡਾ. ਸੀਮਾਂਤ ਗਰਗ ਨੇ ਫਰੀਦਕੋਟ ਜ਼ਿਲ੍ਹਾ ਪ੍ਰਧਾਨ ਸਨੀ ਬਰਾੜ ਦੀ ਅਗਵਾਈ ਹੇਠ ਭਾਜਪਾ ਦੇ ਅਹੁਦੇਦਾਰਾਂ ਅਤੇ ਵਰਕਰਾਂ ਨਾਲ ਕੀਤੀ ਮੀਟਿੰਗ ਦੌਰਾਨ ਦਿੱਤੀ। ਉਨ੍ਹਾਂ ਪਾਰਟੀ ਨੂੰ ਬੂਥ, ਸਰਕਲ ਅਤੇ ਜ਼ਿਲ੍ਹਾ ਪੱਧਰ ’ਤੇ ਮਜ਼ਬੂਤ ਕਰਨ ਲਈ ਵਰਕਰਾਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ। ਡਾ. ਸੀਮਾਂਤ ਗਰਗ ਨੇ ਕਿਹਾ ਕਿ ਪੰਜਾਬ ਵਿੱਚ ਭਾਜਪਾ ਦੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਰਾਸ਼ਟਰੀ ਸੰਗਠਨ ਮਹਾਮੰਤਰੀ ਬੀ.ਐਲ. ਸੰਤੋਸ਼ ਪਾਰਟੀ ਦੇ ਅਹੁਦੇਦਾਰਾਂ ਅਤੇ ਵਰਕਰਾਂ ਦਾ ਮਾਰਗਦਰਸ਼ਨ ਕਰਨਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੀਟਿੰਗਾਂ ਵਿੱਚ ਸੂਬਾ ਕੋਰ ਕਮੇਟੀ, ਸੂਬਾ ਕਾਰਜਕਾਰਣੀ, ਜ਼ਿਲ੍ਹਾ ਕਾਰਜਕਾਰਣੀ ਦੇ ਮੈਂਬਰਾਂ ਤੋਂ ਇਲਾਵਾ ਵੱਖ-ਵੱਖ ਸੈੱਲਾਂ ਅਤੇ ਮੋਰਚਿਆਂ ਦੇ ਅਹੁਦੇਦਾਰ, ਸਾਬਕਾ ਵਿਧਾਇਕ ਅਤੇ ਸਾਬਕਾ ਸੰਸਦ ਮੈਂਬਰ ਵੀ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਨੂੰ ਜਿੱਤ ਦਿਵਾਉਣ ਲਈ ਪਾਰਟੀ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਲਈ ਵੱਧ ਤੋਂ ਵੱਧ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਸਰਗਰਮ ਭੂਮਿਕਾ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਲੋਕਾਂ ਨੂੰ ਪਾਰਟੀ ਨਾਲ ਜੋੜਨ ਅਤੇ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਬਾਰੇ ਜ਼ਮੀਨੀ ਪੱਧਰ ’ਤੇ ਲੋਕਾਂ ਨੂੰ ਜਾਗਰੂਕ ਕਰਨ। ਡਾ. ਗਰਗ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਗਰੀਬਾਂ, ਕਿਸਾਨਾਂ, ਨੌਜਵਾਨਾਂ, ਵਪਾਰੀਆਂ, ਮਹਿਲਾਵਾਂ ਅਤੇ ਹੋਰ ਵਰਗਾਂ ਲਈ ਵੱਖ-ਵੱਖ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ। ਇਨ੍ਹਾਂ ਵਿੱਚ ਉੱਜਵਲਾ ਯੋਜਨਾ, ਪ੍ਰਧਾਨ ਮੰਤਰੀ ਆਵਾਸ ਯੋਜਨਾ, ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ, ਅੰਤੋਦਯ ਯੋਜਨਾ, ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਲਈ ਕਰਜ਼ੇ, ਰੇਹੜੀ-ਫੜ੍ਹੀ ਵਾਲਿਆਂ ਲਈ ਕਰਜ਼ਾ ਅਤੇ ਸੈਲਫ ਹੈਲਪ ਗਰੁੱਪਾਂ ਰਾਹੀਂ ਮਹਿਲਾਵਾਂ ਨੂੰ ਸਵੈ-ਰੋਜ਼ਗਾਰ ਲਈ ਸਹਾਇਤਾ ਆਦਿ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵਰਕਰਾਂ ਵੱਲੋਂ ਇਨ੍ਹਾਂ ਯੋਜਨਾਵਾਂ ਦਾ ਲਾਭ ਲੈਣ ਵਾਲੇ ਲੋਕਾਂ ਨਾਲ ਸੰਪਰਕ ਕਰਕੇ ਹੋਰ ਲੋਕਾਂ ਨੂੰ ਵੀ ਇਨ੍ਹਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ, ਤਾਂ ਜੋ ਪਾਰਟੀ ਦਾ ਸੰਗਠਨ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕੀਤਾ ਜਾ ਸਕੇ।
ਖ਼ਬਰਾਂ
ਪੰਜਾਬ ਵਿੱਚ ਭਾਜਪਾ ਨੂੰ ਮਜ਼ਬੂਤ ਕਰਨ ਅਤੇ ਆਉਣ ਵਾਲੀਆਂ ਚੋਣਾਂ ਲਈ ਸੰਗਠਨਾਤਮਕ ਰਣਨੀਤੀ ਸਬੰਧੀ ਬੀ.ਐਲ. ਸੰਤੋਸ਼ 24 ਤੋਂ 26 ਅਗਸਤ ਤੱਕ ਪੰਜਾਬ ਦੌਰੇ ’ਤੇ : ਡਾ. ਸੀਮਾਂਤ ਗਰਗ
* *ਭਾਜਪਾ ਨੂੰ ਬੂਥ ਪੱਧਰ ਤੋਂ ਲੈ ਕੇ ਜ਼ਿਲ੍ਹਾ ਪੱਧਰ ਤੱਕ ਮਜ਼ਬੂਤ ਕਰਨ ਲਈ ਮੋਗਾ ਦੇ ਵਰਕਰਾਂ ਨਾਲ ਲੁਧਿਆਣਾ ਵਿਖੇ ਹੋਵੇਗੀ ਵਨ-ਟੂ-ਵਨ ਮੀਟਿੰਗ
23 ਅਗਸਤ 2026·

ਅInternational Punjabi News
ਇਹ ਖ਼ਬਰ ਸਾਂਝੀ ਕਰੋ:



