ਗੁਰਦਾਸਪੁਰ,12 ਮਈ ( ਜਸ਼ਨ ) ਗੁਰਦਾਸਪੁਰ ਦੇ ਡਾਕਖਾਨਾ ਚੌਂਕ ਵਿੱਚ ਅੱਜ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਉੱਥੇ ਖੜ੍ਹੀ ਇੱਕ ਸ਼ੱਕੀ ਗੱਡੀ ਵਿੱਚੋਂ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ। ਘਟਨਾ ਦੀ ਸੂਚਨਾ ਮਿਲਦਿਆਂ ਹੀ ਐਸ ਐੱਚ ਓ ਸਿਟੀ ਦਵਿੰਦਰ ਪ੍ਰਕਾਸ਼ ਨੇ ਪੁਲਿਸ ਪਾਰਟੀ ਸਮੇਂਤ ਮੌਕੇ 'ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦੀ ਮੁਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗੱਡੀ ਲੁਧਿਆਣਾ ਨੰਬਰ ਦੀ ਹੈ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਐਸ.ਐਚ.ਓ. ਸਿਟੀ ਦਵਿੰਦਰ ਪ੍ਰਕਾਸ਼ ਨੇ ਦੱਸਿਆ ਕਿ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਮੁਰਦਾ ਘਰ ਭੇਜ ਦਿੱਤਾ ਗਿਆ ਹੈ। ਸੂਚਨਾ ਮਿਲੀ ਸੀ ਕਿ ਡਾਕਖਾਨਾ ਚੌਂਕ ਕੋਲ ਖੜ੍ਹੀ ਇੱਕ ਗੱਡੀ ਵਿੱਚ ਇੱਕ ਵਿਅਕਤੀ ਦੀ ਲਾਸ਼ ਪਈ ਹੈ। ਮੌਕੇ 'ਤੇ ਪਹੁੰਚ ਕੇ ਗੱਡੀ ਨੂੰ ਟ੍ਰੇਸ ਕੀਤਾ ਗਿਆ ਹੈ, ਜੋ ਕਿ ਲੁਧਿਆਣਾ ਦੀ ਦੱਸੀ ਜਾ ਰਹੀ ਹੈ। ਮ੍ਰਿਤਕ ਦੀ ਸ਼ਨਾਖਤ ਹਾਲੇ ਤੱਕ ਨਹੀਂ ਹੋ ਸਕੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪੁਲਿਸ ਹਰ ਪਹਿਲੂ ਤੋਂ ਮਾਮਲੇ ਦੀ ਜਾਂਚ ਕਰ ਰਹੀ ਹੈ। ਮ੍ਰਿਤਕ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਉਸ ਦੇ ਪਰਿਵਾਰਕ ਮੈਂਬਰਾਂ (ਵਾਰਸਾਂ) ਨੂੰ ਸੂਚਿਤ ਕੀਤਾ ਜਾ ਸਕੇ। ਸ਼ਨਾਖਤ ਤੋਂ ਬਾਅਦ ਕਾਨੂੰਨ ਅਨੁਸਾਰ ਬਣਦੀ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।