ਗੁਰਦਾਸਪੁਰ 2 ਜੂਨ ( ਬਿੱਟੂ ਗੁਰਦਾਸਪੁਰੀਆ ): ਗੁਰਦਾਸਪੁਰ ਦੇ ਸਰਹੱਦੀ ਕਸਬੇ ਕਲਾਨੌਰ ਵਿੱਚ ਬੱਸ ਸਟੈਂਡ ਦੇ ਨੇੜੇ ਸਥਿਤ ਇੱਕ ਨਿੱਜੀ ਹਸਪਤਾਲ ਦੇ ਐਮਰਜੈਂਸੀ ਵਾਰਡ ਵਿੱਚ ਦੁਪਹਿਰ ਸਮੇਂ ਇੱਕ ਧਮਾਕਾ ਹੋਇਆ। ਨੇੜਲੇ ਦੁਕਾਨਦਾਰਾਂ ਨੇ ਦੱਸਿਆ ਕਿ ਧਮਾਕਾ ਇੰਨਾ ਤੇਜ਼ ਸੀ ਕਿ ਦੂਰ-ਦੂਰ ਤੱਕ ਸੁਣਾਈ ਦਿੱਤਾ, ਜਿਸ ਨਾਲ ਹਸਪਤਾਲ ਦਾ ਸ਼ੀਸ਼ਾ ਟੁੱਟ ਗਿਆ।
ਧਮਾਕੇ ਤੋਂ ਬਾਅਦ ਸੀਸੀਟੀਵੀ ਫੁਟੇਜ ਵਿੱਚ ਇੱਕ ਸ਼ੱਕੀ ਵਿਅਕਤੀ ਦਾ ਖੁਲਾਸਾ ਹੋਇਆ। ਘਟਨਾ ਦੀ ਜਾਣਕਾਰੀ ਮਿਲਣ ਤੋਂ ਤੁਰੰਤ ਬਾਅਦ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ। ਡੀਐਸਪੀ ਅਮੋਲਕ ਸਿੰਘ ਕਾਹਲੋਂ ਅਤੇ ਐਸਐਚਓ ਜਤਿੰਦਰਪਾਲ ਸਿੰਘ ਨੇ ਮੌਕੇ ਦਾ ਦੌਰਾ ਕੀਤਾ ਅਤੇ ਧਮਾਕੇ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਪੂਰੀ ਜਾਂਚ ਕਰ ਰਹੀ ਹੈ।
ਮੌਕੇ 'ਤੇ ਪਹੁੰਚੇ ਐਸਐਸਪੀ ਗੁਰਦਾਸਪੁਰ ਆਦਿੱਤਿਆ ਨੇ "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਪ੍ਰਤੀਨਿੱਧ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਉਹ ਸੂਚਨਾ ਮਿਲਣ 'ਤੇ ਤੁਰੰਤ ਪਹੁੰਚੇ ਅਤੇ ਜਾਂਚ ਜਾਰੀ ਹੈ। ਇੱਕ ਫੋਰੈਂਸਿਕ ਟੀਮ ਮੌਕੇ 'ਤੇ ਪਹੁੰਚੀ ਹੈ। ਧਮਾਕੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਕਾਫ਼ੀ ਸਬੂਤ ਬਰਾਮਦ ਕੀਤੇ ਗਏ ਹਨ ਅਤੇ ਦੋਸ਼ੀ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਹਸਪਤਾਲ ਦੇ ਡਾਕਟਰ ਐਸ.ਕੇ. ਮੁਲਤਾਨੀ ਨੇ ਦੱਸਿਆ ਕਿ ਉਨ੍ਹਾਂ ਦੇ ਹਸਪਤਾਲ ਦੇ ਐਮਰਜੈਂਸੀ ਰੂਮ ਵਿੱਚ ਦੁਪਹਿਰ 2:00 ਵਜੇ ਦੇ ਕਰੀਬ ਧਮਾਕਾ ਹੋਇਆ। ਉਨ੍ਹਾਂ ਦਾ ਦਾਅਵਾ ਹੈ ਕਿ ਹਸਪਤਾਲ ਵਿੱਚ ਬੰਬ ਸੁੱਟਿਆ ਗਿਆ ਸੀ। ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਨੂੰ ਪਿਛਲੇ ਸਾਲ ਤੋਂ ਫਿਰੌਤੀ ਦੀਆਂ ਧਮਕੀਆਂ ਮਿਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਸਬੰਧੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਸੀ ਅਤੇ ਉਨ੍ਹਾਂ ਨੂੰ ਦੋ ਮਹੀਨਿਆਂ ਲਈ ਸੁਰੱਖਿਆ ਪ੍ਰਦਾਨ ਕੀਤੀ ਗਈ ਸੀ। ਉਨ੍ਹਾਂ ਅੱਗੇ ਕਿਹਾ ਕਿ ਜਦੋਂ ਉਨ੍ਹਾਂ ਦੇ ਹਸਪਤਾਲ ਵਿੱਚ ਬੰਬ ਸੁੱਟਿਆ ਗਿਆ ਸੀ, ਤਾਂ ਐਮਰਜੈਂਸੀ ਰੂਮ ਪੂਰੀ ਤਰ੍ਹਾਂ ਖਾਲੀ ਸੀ, ਇਸ ਲਈ ਕਿਸੇ ਨੂੰ ਕੋਈ ਨੁਕਸਾਨ ਨਹੀਂ ਪਹੁੰਚਿਆ। ਉਨ੍ਹਾਂ ਮੰਗ ਕੀਤੀ ਕਿ ਉਨ੍ਹਾਂ ਨੂੰ ਦੁਬਾਰਾ ਸੁਰੱਖਿਆ ਪ੍ਰਦਾਨ ਕੀਤੀ ਜਾਵੇ ਅਤੇ ਬੰਬ ਸੁੱਟਣ ਵਾਲਿਆਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰਕੇ ਉਨ੍ਹਾਂ 'ਤੇ ਮੁਕੱਦਮਾ ਚਲਾਇਆ ਜਾਵੇ।
ਖ਼ਬਰਾਂ
ਹਸਪਤਾਲ ਵਿੱਚ ਬੰਬ ਸੁੱਟਿਆ, ਡਾਕਟਰ ਨੂੰ ਫਿਰੌਤੀ ਦੀਆਂ ਮਿਲ ਰਹੀਆਂ ਸਨ ਧਮਕੀਆਂ,ਸੀਸੀਟੀਵੀ ਫੁਟੇਜ ਵਿੱਚ ਇੱਕ ਸ਼ੱਕੀ ਵਿਅਕਤੀ ਦਿੱਤਾ ਦਿਖਾਈ
* ਦਹਿਸ਼ਤ ਦਾ ਦੌਰ
2 ਜੂਨ 2026·

ਅInternational Punjabi News
ਇਹ ਖ਼ਬਰ ਸਾਂਝੀ ਕਰੋ:



