ਜੋਗਿੰਦਰ ਸਿੰਘ ਮਾਨ
ਮਾਨਸਾ, 14 ਸਤੰਬਰ
ਮਾਨਸਾ ਜ਼ਿਲ੍ਹੇ ਦੇ ਕਸਬਾ ਬਰੇਟਾ ਵਿੱਚ ਅੱਜ ਇੱਕ ਪੀਆਰਟੀਸੀ ਬੱਸ ਅਤੇ ਸਕੂਲ ਵੈਨ ਵਿਚਕਾਰ ਹੋਈ ਜ਼ੋਰਦਾਰ ਟੱਕਰ ਕਾਰਨ ਕਰੀਬ ਇੱਕ ਦਰਜਨ ਸਕੂਲੀ ਬੱਚੇ ਜ਼ਖ਼ਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਕੁਝ ਬੱਚਿਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ, ਜਦਕਿ ਕਰੀਬ ਅੱਧੀ ਦਰਜਨ ਬੱਚਿਆਂ ਨੂੰ ਗੰਭੀਰ ਸੱਟਾਂ ਲੱਗਣ ਕਾਰਨ ਇਲਾਜ ਲਈ ਵੱਖ-ਵੱਖ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਹਾਦਸੇ ਤੋਂ ਬਾਅਦ ਸਕੂਲ ਵੈਨ ਦੀ ਹਾਲਤ ਨੂੰ ਲੈ ਕੇ ਵੀ ਗੰਭੀਰ ਸਵਾਲ ਖੜ੍ਹੇ ਹੋ ਗਏ ਹਨ। ਲੋਕਾਂ ਦਾ ਕਹਿਣਾ ਹੈ ਕਿ ਸਕੂਲ ਵੈਨ ਕਾਫ਼ੀ ਖਸਤਾ ਹਾਲਤ ਵਿੱਚ ਸੀ ਅਤੇ ਇਸ ਦੀ ਪਾਸਿੰਗ ਵੀ ਨਹੀਂ ਸੀ। ਸਥਾਨਕ ਲੋਕਾਂ ਨੇ ਮੰਗ ਕੀਤੀ ਹੈ ਕਿ ਸਕੂਲੀ ਵਾਹਨਾਂ ਦੀ ਸਮੇਂ-ਸਮੇਂ ’ਤੇ ਜਾਂਚ ਕੀਤੀ ਜਾਵੇ, ਤਾਂ ਜੋ ਭਵਿੱਖ ਵਿੱਚ ਅਜਿਹੇ ਹਾਦਸਿਆਂ ਨੂੰ ਰੋਕਿਆ ਜਾ ਸਕੇ।
ਉੱਥੇ ਹੀ ਪੀਆਰਟੀਸੀ ਬੱਸ ਦੇ ਚਾਲਕ ਅਨੁਸਾਰ ਉਹ ਮਾਨਸਾ ਤੋਂ ਜਾਖਲ ਵੱਲ ਜਾ ਰਿਹਾ ਸੀ। ਇਸ ਦੌਰਾਨ ਉਸ ਦੇ ਅੱਗੇ ਇੱਕ ਮੋਟਰਸਾਈਕਲ ਸਵਾਰ ਮੋਬਾਈਲ ਫੋਨ ’ਤੇ ਗੱਲ ਕਰਦਾ ਹੋਇਆ ਜਾ ਰਿਹਾ ਸੀ। ਉਸ ਨੂੰ ਬਚਾਉਣ ਲਈ ਬੱਸ ਚਾਲਕ ਨੇ ਅਚਾਨਕ ਬਰੇਕ ਲਗਾ ਦਿੱਤੀ, ਜਿਸ ਤੋਂ ਬਾਅਦ ਪਿੱਛੇ ਤੋਂ ਆ ਰਹੀ ਸਕੂਲ ਵੈਨ ਬੱਸ ਨਾਲ ਟਕਰਾ ਗਈ।
ਫਿਲਹਾਲ ਜ਼ਖ਼ਮੀ ਬੱਚਿਆਂ ਦਾ ਵੱਖ-ਵੱਖ ਹਸਪਤਾਲਾਂ ਵਿੱਚ ਇਲਾਜ ਜਾਰੀ ਹੈ ਅਤੇ ਪੁਲਿਸ ਵੱਲੋਂ ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ।
ਦੱਸਿਆ ਜਾ ਰਿਹਾ ਹੈ ਕਿ ਸਕੂਲ ਵੈਨ ਦੇ ਡਰਾਈਵਰ ਦੀਆਂ ਦੋਵੇਂ ਲੱਤਾਂ ਟੁੱਟ ਗਈਆਂ ਹਨ ਅਤੇ ਉਹ ਹਸਪਤਾਲ ਵਿਚ ਜੇਰੇ ਇਲਾਜ ਹੈ।