ਤਰਨ ਤਾਰਨ,4 ਜੁਲਾਈ (ਅਮਿਤ ਮਰਵਾਹਾ)
ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੀ ਸਮਾਜਿਕ ਅਤੇ ਆਰਥਿਕ ਮਜ਼ਬੂਤੀ ਨੂੰ ਯਕੀਨੀ ਬਣਾਉਣ ਲਈ ਸ਼ੁਰੂ ਕੀਤੀ ਗਈ 'ਮਾਵਾਂ ਧੀਆਂ ਸਤਿਕਾਰ ਯੋਜਨਾ' ਦਾ ਲਾਭ ਵੱਧ ਤੋਂ ਵੱਧ ਯੋਗ ਮਹਿਲਾਵਾਂ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਤਰਨ ਤਾਰਨ ਦੇ ਵਾਰਡ ਨੰਬਰ 20 ਵਿੱਚ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਦੀ ਅਗਵਾਈ ਕੌਂਸਲਰ ਸੂਰਜ ਸ਼ਰਮਾ ਕਰ ਰਹੇ ਹਨ, ਜਿਨ੍ਹਾਂ ਦੀ ਦੇਖ-ਰੇਖ ਹੇਠ ਸਰਕਾਰ ਵੱਲੋਂ ਨਿਯੁਕਤ ਸਖੀਆਂ ਅਤੇ ਆਂਗਣਵਾੜੀ ਵਰਕਰਾਂ ਵੱਲੋਂ ਮਹਿਲਾਵਾਂ ਦੇ ਫਾਰਮ ਬੜੀ ਸੁਚੱਜੀ ਅਤੇ ਪਾਰਦਰਸ਼ੀ ਪ੍ਰਕਿਰਿਆ ਰਾਹੀਂ ਭਰੇ ਜਾ ਰਹੇ ਹਨ।

ਵਾਰਡ ਵਿੱਚ ਲਗਾਏ ਜਾ ਰਹੇ ਵਿਸ਼ੇਸ਼ ਕੈਂਪਾਂ ਰਾਹੀਂ ਮਹਿਲਾਵਾਂ ਨੂੰ ਯੋਜਨਾ ਸਬੰਧੀ ਜਾਣਕਾਰੀ ਦੇਣ ਦੇ ਨਾਲ-ਨਾਲ ਉਨ੍ਹਾਂ ਦੇ ਦਸਤਾਵੇਜ਼ਾਂ ਦੀ ਜਾਂਚ ਕਰਕੇ ਫਾਰਮ ਭਰਨ ਦੀ ਪ੍ਰਕਿਰਿਆ ਵੀ ਮੌਕੇ 'ਤੇ ਹੀ ਪੂਰੀ ਕੀਤੀ ਜਾ ਰਹੀ ਹੈ। ਇਸ ਕਾਰਨ ਵੱਡੀ ਗਿਣਤੀ ਵਿੱਚ ਮਹਿਲਾਵਾਂ ਇਸ ਸਰਕਾਰੀ ਸਕੀਮ ਨਾਲ ਜੁੜ ਰਹੀਆਂ ਹਨ ਅਤੇ ਯੋਜਨਾ ਦਾ ਲਾਭ ਲੈਣ ਲਈ ਉਤਸ਼ਾਹਤ ਹਨ।

ਇਸ ਮੌਕੇ ਕੌਂਸਲਰ ਸੂਰਜ ਸ਼ਰਮਾ ਨੇ 'ਇੰਟਰਨੈਸ਼ਨਲ ਪੰਜਾਬੀ ਨਿਊਜ਼' ਦੇ ਨੁਮਾਇੰਦੇ ਨਾਲ ਗੱਲਬਾਤ ਕਰਦਿਆਂ ਕਿਹਾ ਕਿ "ਮੇਰਾ ਵਾਰਡ, ਮੇਰਾ ਪਰਿਵਾਰ" ਸਿਰਫ਼ ਇੱਕ ਨਾਅਰਾ ਨਹੀਂ, ਸਗੋਂ ਉਨ੍ਹਾਂ ਦੀ ਕਾਰਜ-ਸ਼ੈਲੀ ਦਾ ਅਹਿਮ ਹਿੱਸਾ ਹੈ। ਉਨ੍ਹਾਂ ਕਿਹਾ ਕਿ ਵਾਰਡ ਦੀ ਹਰ ਮਹਿਲਾ ਉਨ੍ਹਾਂ ਦੇ ਪਰਿਵਾਰ ਦਾ ਹਿੱਸਾ ਹੈ ਅਤੇ ਉਹ ਇਹ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹਨ ਕਿ ਕੋਈ ਵੀ ਯੋਗ ਮਹਿਲਾ ਪੰਜਾਬ ਸਰਕਾਰ ਦੀ ਇਸ ਭਲਾਈ ਸਕੀਮ ਤੋਂ ਵਾਂਝੀ ਨਾ ਰਹਿ ਜਾਵੇ।

ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਨਿਯੁਕਤ ਸਖੀਆਂ, ਆਂਗਣਵਾੜੀ ਵਰਕਰਾਂ ਅਤੇ ਸਥਾਨਕ ਟੀਮ ਦੇ ਸਹਿਯੋਗ ਨਾਲ ਹੁਣ ਤੱਕ ਵਾਰਡ ਦੀਆਂ ਕਰੀਬ 90 ਫੀਸਦੀ ਮਹਿਲਾਵਾਂ ਦੇ ਫਾਰਮ ਭਰੇ ਜਾ ਚੁੱਕੇ ਹਨ। ਬਾਕੀ ਰਹਿ ਗਈਆਂ ਯੋਗ ਮਹਿਲਾਵਾਂ ਤੱਕ ਵੀ ਜਲਦ ਪਹੁੰਚ ਕਰਕੇ ਉਨ੍ਹਾਂ ਦੇ ਫਾਰਮ ਭਰੇ ਜਾਣਗੇ, ਤਾਂ ਜੋ ਹਰ ਲਾਭਪਾਤਰੀ ਨੂੰ ਸਮੇਂ ਸਿਰ ਯੋਜਨਾ ਦਾ ਲਾਭ ਮਿਲ ਸਕੇ।

ਸੂਰਜ ਸ਼ਰਮਾ ਨੇ ਵਾਰਡ ਦੀਆਂ ਮਹਿਲਾਵਾਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਨੇ ਅਜੇ ਤੱਕ ਆਪਣੇ ਫਾਰਮ ਨਹੀਂ ਭਰੇ, ਉਹ ਲੋੜੀਂਦੇ ਦਸਤਾਵੇਜ਼ਾਂ ਸਮੇਤ ਵਿਸ਼ੇਸ਼ ਕੈਂਪਾਂ ਵਿੱਚ ਪਹੁੰਚ ਕੇ ਆਪਣੀ ਰਜਿਸਟ੍ਰੇਸ਼ਨ ਕਰਵਾਉਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ-ਭਲਾਈ ਸਕੀਮਾਂ ਨੂੰ ਘਰ-ਘਰ ਤੱਕ ਪਹੁੰਚਾਉਣਾ ਅਤੇ ਹਰ ਯੋਗ ਪਰਿਵਾਰ ਨੂੰ ਉਨ੍ਹਾਂ ਦਾ ਹੱਕ ਦਵਾਉਣਾ ਹੀ ਉਨ੍ਹਾਂ ਦੀ ਪਹਿਲੀ ਤਰਜੀਹ ਹੈ।

ਉਨ੍ਹਾਂ ਵਿਸ਼ਵਾਸ ਜਤਾਇਆ ਕਿ ਸਰਕਾਰ, ਸਖੀਆਂ, ਆਂਗਣਵਾੜੀ ਵਰਕਰਾਂ ਅਤੇ ਸਥਾਨਕ ਵਸਨੀਕਾਂ ਦੇ ਸਾਂਝੇ ਸਹਿਯੋਗ ਨਾਲ ਵਾਰਡ ਨੰਬਰ 20 ਨੂੰ ਲੋਕ-ਭਲਾਈ ਯੋਜਨਾਵਾਂ ਦੇ ਪ੍ਰਭਾਵਸ਼ਾਲੀ ਲਾਗੂਕਰਨ ਦੀ ਇੱਕ ਮਿਸਾਲ ਬਣਾਇਆ ਜਾਵੇਗਾ।