ਤਰਨਤਾਰਨ (ਅਮਿਤ ਮਰਵਾਹਾ) ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਿਟਡ (ਪੀਐਸਪੀਸੀਐਲ) ਵੱਲੋਂ ਲੋਕਾਂ ਨੂੰ ਨਿਰਵਿਘਨ ਅਤੇ ਗੁਣਵੱਤਾ ਭਰੀਆਂ ਬਿਜਲੀ ਸੇਵਾਵਾਂ ਪ੍ਰਦਾਨ ਕਰਨ ਲਈ ਕੀਤੇ ਜਾ ਰਹੇ ਯਤਨਾਂ ਨੂੰ ਹੋਰ ਮਜ਼ਬੂਤੀ ਦੇਣ ਦੇ ਮਕਸਦ ਨਾਲ ਚੀਫ਼ ਇੰਜੀਨੀਅਰ ਸੁਰਿੰਦਰ ਕੁਮਾਰ ਬੈਂਸ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਅਤੇ ਬਿਜਲੀ ਪ੍ਰਬੰਧਨ ਵਿੱਚ ਪਾਏ ਯੋਗਦਾਨ ਲਈ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਹੈਲਥ ਇੰਸਪੈਕਟਰ ਬਿਕਰਮਜੀਤ ਸਿੰਘ ਨੇ ਕਿਹਾ ਕਿ ਇੰਜੀਨੀਅਰ ਸੁਰਿੰਦਰ ਕੁਮਾਰ ਬੈਂਸ ਨੇ ਹਮੇਸ਼ਾ ਖਪਤਕਾਰਾਂ ਨੂੰ ਸਮੇਂ ਸਿਰ ਅਤੇ ਬਿਨਾਂ ਕਿਸੇ ਰੁਕਾਵਟ ਦੇ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਪ੍ਰਭਾਵਸ਼ਾਲੀ ਯੋਜਨਾਵਾਂ ਤਿਆਰ ਕੀਤੀਆਂ ਹਨ। ਉਨ੍ਹਾਂ ਦੀ ਅਗਵਾਈ ਹੇਠ ਬਿਜਲੀ ਪ੍ਰਣਾਲੀ ਨੂੰ ਹੋਰ ਮਜ਼ਬੂਤ ਅਤੇ ਆਧੁਨਿਕ ਬਣਾਉਣ ਵੱਲ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ।
ਇਸ ਮੌਕੇ ਚੀਫ ਇੰਜੀਨੀਅਰ ਸੁਰਿੰਦਰ ਕੁਮਾਰ ਬੈਂਸ ਨੇ ਕਿਹਾ ਕਿ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਬਿਜਲੀ ਦੇ ਕੱਟਾਂ ਨੂੰ ਘੱਟ ਤੋਂ ਘੱਟ ਕਰਨ ਅਤੇ ਲੋਕਾਂ ਨੂੰ ਨਿਰੰਤਰ ਬਿਜਲੀ ਸਪਲਾਈ ਮੁਹੱਈਆ ਕਰਵਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਬਿਜਲੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ, ਪੁਰਾਣੀਆਂ ਲਾਈਨਾਂ ਦੇ ਸੁਧਾਰ, ਸਮੇਂ ਸਿਰ ਰੱਖ-ਰਖਾਅ ਅਤੇ ਤਕਨੀਕੀ ਖਾਮੀਆਂ ਨੂੰ ਤੁਰੰਤ ਦੂਰ ਕਰਨ ਲਈ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਦਿੱਤੇ ਗਏ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦਾ ਮੁੱਖ ਉਦੇਸ਼ ਹਰ ਖਪਤਕਾਰ ਤੱਕ ਭਰੋਸੇਯੋਗ ਅਤੇ ਉੱਚ ਗੁਣਵੱਤਾ ਵਾਲੀ ਬਿਜਲੀ ਸੇਵਾ ਪਹੁੰਚਾਉਣਾ ਹੈ। ਇਸ ਲਈ ਅਧਿਕਾਰੀ ਅਤੇ ਕਰਮਚਾਰੀ ਪੂਰੀ ਤਨਦੇਹੀ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾ ਰਹੇ ਹਨ ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।
ਸਮਾਗਮ ਦੌਰਾਨ ਡਿਪਟੀ ਚੀਫ਼ ਇੰਜੀਨੀਅਰ ਬਲਕਾਰ ਸਿੰਘ ਅਤੇ ਹੈਲਥ ਇੰਸਪੈਕਟਰ ਬਿਕਰਮਜੀਤ ਸਿੰਘ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ। ਉਨ੍ਹਾਂ ਨੇ ਵੀ ਇੰਜੀਨੀਅਰ ਸੁਰਿੰਦਰ ਕੁਮਾਰ ਬੈਂਸ ਨੂੰ ਸਨਮਾਨਿਤ ਹੋਣ 'ਤੇ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਅਗਵਾਈ ਵਿੱਚ ਬਿਜਲੀ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਲਈ ਲਗਾਤਾਰ ਯਤਨ ਜਾਰੀ ਰਹਿਣਗੇ।




