ਮੋਗਾ, 25 ਅਗਸਤ ( ਜਸ਼ਨ )- ਹਲਕਾ ਮੋਗਾ ਵਿਖੇ ਤੀਆਂ ਦੇ ਪਾਵਨ ਅਤੇ ਰਵਾਇਤੀ ਤਿਉਹਾਰ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਉਤਸ਼ਾਹ ਅਤੇ ਖੁਸ਼ੀ ਨਾਲ ਕਰਵਾਇਆ ਗਿਆ। ਸਮਾਗਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਮਹਿਲਾਵਾਂ ਨੇ ਪੰਜਾਬੀ ਸੱਭਿਆਚਾਰ ਦੀਆਂ ਝਲਕੀਆਂ ਪੇਸ਼ ਕਰਦਿਆਂ ਗਿੱਧਾ, ਬੋਲੀਆਂ ਅਤੇ ਲੋਕ ਪਰੰਪਰਾਵਾਂ ਰਾਹੀਂ ਤੀਆਂ ਦੇ ਰੰਗ ਨੂੰ ਹੋਰ ਖੂਬਸੂਰਤ ਬਣਾ ਦਿੱਤਾ। ਇਸ ਮੌਕੇ ਹਲਕਾ ਮੋਗਾ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਕੇ ਮਹਿਲਾਵਾਂ ਨੂੰ ਤੀਆਂ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਤੀਆਂ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਦਾ ਅਹਿਮ ਹਿੱਸਾ ਹਨ। ਅਜਿਹੇ ਸਮਾਗਮ ਮਹਿਲਾਵਾਂ ਨੂੰ ਆਪਣੀ ਸੱਭਿਆਚਾਰਕ ਵਿਰਾਸਤ ਅਤੇ ਰਵਾਇਤਾਂ ਨਾਲ ਜੋੜਨ ਦੇ ਨਾਲ-ਨਾਲ ਆਪਸੀ ਭਾਈਚਾਰੇ ਅਤੇ ਮੇਲ-ਮਿਲਾਪ ਨੂੰ ਵੀ ਮਜ਼ਬੂਤ ਕਰਦੇ ਹਨ।
ਮੁੱਖ ਮਹਿਮਾਨ ਡਾ. ਗੁਰਪ੍ਰੀਤ ਕੌਰ ਮਾਨ ਨੇ ਕਿਹਾ ਕਿ ਤੀਆਂ ਪੰਜਾਬ ਦੀਆਂ ਧੀਆਂ ਅਤੇ ਮਹਿਲਾਵਾਂ ਲਈ ਖੁਸ਼ੀ, ਉਮੰਗ ਅਤੇ ਆਪਸੀ ਪਿਆਰ ਦਾ ਤਿਉਹਾਰ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਸੱਭਿਆਚਾਰ ਦੀ ਖੂਬਸੂਰਤੀ ਸਾਡੀਆਂ ਲੋਕ ਪਰੰਪਰਾਵਾਂ, ਗੀਤਾਂ, ਬੋਲੀਆਂ ਅਤੇ ਤਿਉਹਾਰਾਂ ਵਿੱਚ ਨਜ਼ਰ ਆਉਂਦੀ ਹੈ। ਉਨ੍ਹਾਂ ਸਮੂਹ ਮਹਿਲਾਵਾਂ ਨੂੰ ਤੀਆਂ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਆਪਣੀ ਅਮੀਰ ਵਿਰਾਸਤ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਲਈ ਅਜਿਹੇ ਸੱਭਿਆਚਾਰਕ ਸਮਾਗਮਾਂ ਨੂੰ ਲਗਾਤਾਰ ਉਤਸ਼ਾਹਿਤ ਕੀਤਾ ਜਾਣਾ ਚਾਹੀਦਾ ਹੈ।
ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਤੀਆਂ ਸਿਰਫ਼ ਇੱਕ ਤਿਉਹਾਰ ਨਹੀਂ, ਸਗੋਂ ਪੰਜਾਬ ਦੀਆਂ ਮਹਿਲਾਵਾਂ ਦੀਆਂ ਭਾਵਨਾਵਾਂ, ਖੁਸ਼ੀਆਂ ਅਤੇ ਸੱਭਿਆਚਾਰਕ ਵਿਰਾਸਤ ਨਾਲ ਜੁੜਿਆ ਪਵਿੱਤਰ ਤਿਉਹਾਰ ਹੈ। ਤੀਆਂ ਦੇ ਮੌਕੇ ਮਹਿਲਾਵਾਂ ਇਕੱਠੀਆਂ ਹੋ ਕੇ ਆਪਣੀ ਲੋਕ ਸੱਭਿਆਚਾਰ ਨੂੰ ਜੀਵੰਤ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਮੋਗਾ ਵਿੱਚ ਪੰਜਾਬੀ ਸੱਭਿਆਚਾਰ ਅਤੇ ਵਿਰਾਸਤ ਨੂੰ ਪ੍ਰਫੁੱਲਤ ਕਰਨ ਵਾਲੇ ਅਜਿਹੇ ਸਮਾਗਮ ਭਵਿੱਖ ਵਿੱਚ ਵੀ ਜਾਰੀ ਰਹਿਣੇ ਚਾਹੀਦੇ ਹਨ।
ਇਸ ਮੌਕੇ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਵੀ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਮਹਿਲਾਵਾਂ ਦਾ ਉਤਸ਼ਾਹ ਵਧਾਇਆ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਣ ਵਿੱਚ ਮਹਿਲਾਵਾਂ ਦੀ ਭੂਮਿਕਾ ਬੇਹੱਦ ਮਹੱਤਵਪੂਰਨ ਹੈ। ਤੀਆਂ ਵਰਗੇ ਤਿਉਹਾਰ ਮਹਿਲਾਵਾਂ ਨੂੰ ਆਪਣੀਆਂ ਸੱਭਿਆਚਾਰਕ ਜੜ੍ਹਾਂ ਨਾਲ ਜੋੜਨ ਅਤੇ ਸਮਾਜਿਕ ਏਕਤਾ ਨੂੰ ਮਜ਼ਬੂਤ ਕਰਨ ਦਾ ਮੌਕਾ ਦਿੰਦੇ ਹਨ।
ਸਟੇਟ ਆਬਜ਼ਰਵਰ ਗਾਇਤਰੀ ਵਿਸ਼ਨੋਈ ਨੇ ਵੀ ਸਮਾਗਮ ਵਿੱਚ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਤੀਆਂ ਦੇ ਸਮਾਗਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਸੱਭਿਆਚਾਰਕ ਪ੍ਰੋਗਰਾਮ ਸਮਾਜ ਵਿੱਚ ਸਕਾਰਾਤਮਕ ਮਾਹੌਲ ਪੈਦਾ ਕਰਨ ਦੇ ਨਾਲ ਮਹਿਲਾਵਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਮੰਚ ਪ੍ਰਦਾਨ ਕਰਦੇ ਹਨ।ਸਮਾਗਮ ਦੌਰਾਨ ਮਹਿਲਾਵਾਂ ਨੇ ਪੰਜਾਬੀ ਰਵਾਇਤੀ ਪਹਿਰਾਵਿਆਂ ਵਿੱਚ ਸਜ-ਧਜ ਕੇ ਤੀਆਂ ਦੀਆਂ ਖੁਸ਼ੀਆਂ ਮਨਾਈਆਂ। ਗਿੱਧਾ, ਬੋਲੀਆਂ ਅਤੇ ਲੋਕ ਗੀਤਾਂ ਨੇ ਪੂਰੇ ਮਾਹੌਲ ਨੂੰ ਰੰਗੀਨ ਬਣਾ ਦਿੱਤਾ। ਮਹਿਲਾਵਾਂ ਨੇ ਇੱਕ-ਦੂਜੇ ਨੂੰ ਤੀਆਂ ਦੀਆਂ ਵਧਾਈਆਂ ਦਿੱਤੀਆਂ ਅਤੇ ਪੰਜਾਬੀ ਸੱਭਿਆਚਾਰ ਤੇ ਵਿਰਾਸਤ ਨੂੰ ਸੰਭਾਲ ਕੇ ਰੱਖਣ ਦਾ ਸੰਦੇਸ਼ ਦਿੱਤਾ।
ਇਸ ਮੌਕੇ ਮੋਗਾ ਨਗਰ ਨਿਗਮ ਦੀ ਮੇਅਰ ਵਿਨੈ ਪਾਲ ਕੌਰ, ਸ਼ਹਿਰੀ ਪ੍ਰਧਾਨ ਲਵਲੀ ਸਿੰਗਲਾ, ਸੁਖਵਿੰਦਰ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਮਹਿਲਾਵਾਂ ਨੇ "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਦੀਆਂ ਤੀਆਂ ਯਾਦਗਾਰੀ ਹੋ ਨਿੱਬੜੀਆਂ ਨੇ ।

ਮੋਗਾ ਵਿਖੇ ਤੀਆਂ ਦੇ ਵਿਸ਼ੇਸ਼ ਸਮਾਗਮ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਮਾਨ,ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ,ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ,ਸਟੇਟ ਆਬਜ਼ਰਵਰ ਗਾਇਤਰੀ ਵਿਸ਼ਨੋਈ ਤੇ ਹੋਰ