ਸ੍ਰੀ ਅੰਮ੍ਰਿਤਸਰ ਸਾਹਿਬ ,15 ਜੂਨ (ਜਸ਼ਨ ) ਆਉਣ ਵਾਲੇ ਦਿਨ ਪੰਜਾਬ ਲਈ ਘੋਰ ਮੁਸ਼ਕਿਲਾਂ ਭਰਪੂਰ ਦਿਖਾਈ ਦੇ ਰਹੇ ਨੇ।ਪੰਜ ਸਿੰਘ ਸਾਹਿਬਾਨ ਵਲੋਂ ਮੁੱਖ ਮੰਤਰੀ ,ਕੈਬਨਿਟ ਦੇ ਸਿੱਖ ਮੰਤਰੀ ਅਤੇ ਸਿਆਸੀ ਪਾਰਟੀਆਂ ਦੇ ਸਿੱਖ ਵਿਧਾਨ ਸਭਾ ਮੈਂਬਰਾਂ ਨੂੰ 29 ਜੂਨ ਨੂੰ, ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕੀਤੇ ਫੈਸਲੇ ਨਾਲ ਆਉਣ ਵਾਲੇ ਦਿਨ ਤਲਖੀ ਭਰਪੂਰ ਹੋਣ ਦਾ ਅੰਦੇਸ਼ਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਪੰਜਾਬ ਸਰਕਾਰ ਵੱਲੋਂ ਕੇਂਦਰੀ ਸਿੱਖ ਸੰਸਥਾਵਾਂ ਦੀ ਸਹਿਮਤੀ ਤੋਂ ਬਿਨਾਂ ਪਾਸ ਕੀਤੇ ਗਏ ‘ਦ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, ੨੦੨੬’ ਦਾ ਮਾਮਲਾ ਵਿਚਾਰਿਆ ਗਿਆ। ਇਸ ਸਬੰਧੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੂੰ ਮਿਤੀ ੦੮ ਮਈ ੨੦੨੬ ਨੂੰ ਸੱਦ ਕੇ ਕਾਨੂੰਨ ਵਿੱਚ ਸਿੱਖ ਭਾਵਨਾਵਾਂ ਅਨੁਸਾਰ ਸੋਧਾਂ ਕਰਨ ਲਈ ੧੫ ਦਿਨਾਂ ਦਾ ਸਮਾਂ ਦਿੱਤਾ ਗਿਆ ਸੀ ਅਤੇ ਉਨ੍ਹਾਂ ਰਾਹੀਂ ਪੰਜਾਬ ਸਰਕਾਰ ਪਾਸ ਮਿਤੀ ੧੧ ਮਈ ੨੦੨੬ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਤਰਫ਼ੋਂ ਲਿਖਤੀ ਰੂਪ ਵਿੱਚ ਇਤਰਾਜ਼ ਵੀ ਦਰਜ ਕਰਵਾਏ ਗਏ ਸਨ। ਸਿੰਘ ਸਾਹਿਬਾਨ ਮੁਤਾਬਿਕ ਪੰਜਾਬ ਸਰਕਾਰ ਦੀ ਕੈਬਨਿਟ ਨੇ ਇਸ ਕਾਨੂੰਨ ਨੂੰ ਪ੍ਰਵਾਨਗੀ ਦਿੱਤੀ ਹੈ ਅਤੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਪੰਜਾਬ ਵਿਧਾਨ ਸਭਾ ਮੈਂਬਰਾਂ ਨੇ ਇਸ ਨੂੰ ਸਹਿਮਤੀ ਦਿੱਤੀ ਹੈ।
ਪੰਜ ਸਿੰਘ ਸਾਹਿਬਾਨ ਨੇ ਅੱਜ ਦੀ ਇਕੱਤਰਤਾ ਵਿੱਚ ਫ਼ੈਸਲਾ ਕੀਤਾ ਹੈ ਕਿ ਇਸ ਮਾਮਲੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਤੋਂ ਇਲਾਵਾ ਸਰਕਾਰ ਦੀ ਕੈਬਨਿਟ ਦੇ ਸਿੱਖ ਮੰਤਰੀਆਂ, ਵੱਖ-ਵੱਖ ਸਿਆਸੀ ਪਾਰਟੀਆਂ ਦੇ ਸਿੱਖ ਵਿਧਾਨ ਸਭਾ ਮੈਂਬਰਾਂ ਨੂੰ ਮਿਤੀ 29 ਜੂਨ 2026 ਨੂੰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕੀਤਾ ਜਾਵੇ ਅਤੇ ਸਰਕਾਰ ਦੀ ਕੈਬਨਿਟ ਦੇ ਗ਼ੈਰ-ਸਿੱਖ ਮੰਤਰੀਆਂ ਪਾਸੋਂ ਲਿਖਤੀ ਸਪੱਸ਼ਟੀਕਰਨ ਲਿਆ ਜਾਵੇ।