ਪੰਜਾਬ ਵਿੱਚ ਲੋਕ ਜਨਸ਼ਕਤੀ ਪਾਰਟੀ ਦੇ ਵਿਸਥਾਰ ਦਾ ਐਲਾਨ, ਵਿਕਾਸ ਅਤੇ ਸੁਸ਼ਾਸਨ ਨੂੰ ਦੱਸਿਆ ਪਾਰਟੀ ਦਾ ਮੁੱਖ ਏਜੰਡਾ
ਧਰਨਿਆਂ ਬਾਰੇ ਬੋਲੇ ਚਿਰਾਗ ਪਾਸਵਾਨ— ਵਿਰੋਧ ਪ੍ਰਦਰਸ਼ਨ ਕਰਨਾ ਲੋਕਤੰਤਰਿਕ ਹੱਕ, ਪਰ ਹਰ ਸਮੱਸਿਆ ਦਾ ਹੱਲ ਗੱਲਬਾਤ ਰਾਹੀਂ ਹੀ ਸੰਭਵ
ਅੰਮ੍ਰਿਤਸਰ19 ਜੁਲਾਈ (ਜਸ਼ਨ ): ਕੇਂਦਰੀ ਖੁਰਾਕ ਪ੍ਰੋਸੈਸਿੰਗ ਉਦਯੋਗ ਮੰਤਰੀ ਅਤੇ ਲੋਕ ਜਨਸ਼ਕਤੀ ਪਾਰਟੀ (ਰਾਮਵਿਲਾਸ) ਦੇ ਰਾਸ਼ਟਰੀ ਪ੍ਰਧਾਨ ਚਿਰਾਗ ਪਾਸਵਾਨ ਐਤਵਾਰ ਨੂੰ ਗੁਰੂ ਨਗਰੀ ਅੰਮ੍ਰਿਤਸਰ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕ ਕੇ ਗੁਰੂ ਘਰ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਚਿਰਾਗ ਪਾਸਵਾਨ ਨੇ ਦਸਤਾਰ ਸਜਾ ਕੇ ਸ੍ਰੀ ਦਰਬਾਰ ਸਾਹਿਬ ਵਿੱਚ ਨਤਮਸਤਕ ਹੋ ਕੇ ਸਰਬੱਤ ਦੇ ਭਲੇ, ਦੇਸ਼ ਦੀ ਖੁਸ਼ਹਾਲੀ ਅਤੇ ਪੰਜਾਬ ਦੀ ਤਰੱਕੀ ਲਈ ਅਰਦਾਸ ਕੀਤੀ।
ਦਰਸ਼ਨਾਂ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਚਿਰਾਗ ਪਾਸਵਾਨ ਨੇ ਕਿਹਾ ਕਿ ਜਦੋਂ ਵੀ ਉਹ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਉਂਦੇ ਹਨ ਤਾਂ ਉਨ੍ਹਾਂ ਨੂੰ ਇੱਕ ਵੱਖਰੀ ਹੀ ਆਤਮਿਕ ਸ਼ਕਤੀ ਅਤੇ ਸਕਾਰਾਤਮਕ ਊਰਜਾ ਦੀ ਪ੍ਰਾਪਤੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਉਨ੍ਹਾਂ ਨੂੰ ਪਹਿਲਾਂ ਨਾਲੋਂ ਵੀ ਵੱਧ ਸ਼ਕਤੀ ਦੀ ਲੋੜ ਹੈ, ਕਿਉਂਕਿ ਲੋਕ ਜਨਸ਼ਕਤੀ ਪਾਰਟੀ ਦੇਸ਼ ਭਰ ਵਿੱਚ ਆਪਣੇ ਸੰਗਠਨ ਦਾ ਵਿਸਥਾਰ ਕਰਨ ਦੇ ਮਿਸ਼ਨ 'ਤੇ ਕੰਮ ਕਰ ਰਹੀ ਹੈ।
ਚਿਰਾਗ ਪਾਸਵਾਨ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਅਤੇ ਪਾਰਟੀ ਦੇ ਸੰਸਥਾਪਕ ਸਵਰਗਵਾਸੀ ਰਾਮਵਿਲਾਸ ਪਾਸਵਾਨ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਲੋਕ ਜਨਸ਼ਕਤੀ ਪਾਰਟੀ ਦੇਸ਼ ਭਰ ਵਿੱਚ ਆਪਣੇ ਸੰਗਠਨ ਨੂੰ ਮਜ਼ਬੂਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਉਹ ਅਧਿਕਾਰ ਅਤੇ ਵਿਕਾਸ ਨਹੀਂ ਮਿਲਿਆ ਜਿਸ ਦੇ ਉਹ ਹੱਕਦਾਰ ਸਨ। ਉਨ੍ਹਾਂ ਦੋਸ਼ ਲਗਾਇਆ ਕਿ ਕਾਂਗਰਸ, ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੀਆਂ ਸਰਕਾਰਾਂ ਪੰਜਾਬ ਨੂੰ ਵਿਕਾਸ ਦੀ ਸਹੀ ਦਿਸ਼ਾ ਨਹੀਂ ਦੇ ਸਕੀਆਂ।
ਉਨ੍ਹਾਂ ਕਿਹਾ ਕਿ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਉਮੀਦਾਂ ਅਨੁਸਾਰ ਕੰਮ ਨਹੀਂ ਹੋਇਆ, ਜਦਕਿ ਨੌਜਵਾਨਾਂ ਨੂੰ ਨਸ਼ਿਆਂ ਵਰਗੀ ਗੰਭੀਰ ਸਮੱਸਿਆ ਵਿੱਚ ਉਲਝਾ ਕੇ ਰੱਖਿਆ ਗਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਲੋਕ ਜਨਸ਼ਕਤੀ ਪਾਰਟੀ ਪੰਜਾਬ ਵਿੱਚ ਨਵੀਂ ਸੋਚ, ਵਿਕਾਸ, ਰੁਜ਼ਗਾਰ ਅਤੇ ਸੁਸ਼ਾਸਨ ਦੇ ਮੁੱਦਿਆਂ ਨੂੰ ਲੈ ਕੇ ਲੋਕਾਂ ਵਿੱਚ ਜਾਵੇਗੀ ਅਤੇ ਸੂਬੇ ਦੇ ਵਿਕਾਸ ਲਈ ਮਜ਼ਬੂਤੀ ਨਾਲ ਕੰਮ ਕਰੇਗੀ।
ਜੰਤਰ-ਮੰਤਰ 'ਤੇ ਚੱਲ ਰਹੇ ਧਰਨੇ ਸਬੰਧੀ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਚਿਰਾਗ ਪਾਸਵਾਨ ਨੇ ਕਿਹਾ ਕਿ ਸ਼ਾਂਤੀਪੂਰਨ ਧਰਨਾ-ਪ੍ਰਦਰਸ਼ਨ ਕਰਨਾ ਹਰ ਨਾਗਰਿਕ ਦਾ ਲੋਕਤੰਤਰਿਕ ਅਧਿਕਾਰ ਹੈ, ਪਰ ਕਿਸੇ ਵੀ ਮੁੱਦੇ ਦਾ ਸਥਾਈ ਹੱਲ ਗੱਲਬਾਤ ਰਾਹੀਂ ਹੀ ਨਿਕਲ ਸਕਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਿੱਖਿਆ ਪ੍ਰਣਾਲੀ ਵਿੱਚ ਪਾਰਦਰਸ਼ਤਾ ਲਿਆਉਣ ਦੀ ਲੋੜ ਹੈ ਤਾਂ ਇਸ ਸਬੰਧੀ ਸਰਕਾਰ ਨਾਲ ਸੰਵਾਦ ਕੀਤਾ ਜਾਣਾ ਚਾਹੀਦਾ ਹੈ। ਨਾਲ ਹੀ ਉਨ੍ਹਾਂ ਦੋਸ਼ ਲਗਾਇਆ ਕਿ ਕੁਝ ਸਿਆਸੀ ਪਾਰਟੀਆਂ ਧਰਨਿਆਂ ਦੀ ਆੜ ਵਿੱਚ ਆਪਣੀਆਂ ਸਿਆਸੀ ਰੋਟੀਆਂ ਸੇਕਣ ਦੀ ਕੋਸ਼ਿਸ਼ ਕਰ ਰਹੀਆਂ ਹਨ, ਜੋ ਲੋਕਤੰਤਰ ਦੀ ਭਾਵਨਾ ਦੇ ਅਨੁਕੂਲ ਨਹੀਂ ਹੈ।