ਤਰਨ ਤਾਰਨ, 6 ਅਗਸਤ (ਅਮਿਤ ਮਰਵਾਹਾ)
ਪੰਜਾਬ ਦੇ ਕਮਿਊਨਟੀ ਹੈਲਥ ਅਫ਼ਸਰਾਂ (CHO) ਨੇ ਪੰਜਾਬ ਸਰਕਾਰ 'ਤੇ ਲਗਾਤਾਰ ਲਾਰੇਬਾਜ਼ੀ ਅਤੇ ਵਾਅਦਾ ਖ਼ਿਲਾਫ਼ੀ ਦੇ ਦੋਸ਼ ਲਗਾਉਂਦਿਆਂ ਆਪਣੇ ਸੰਘਰਸ਼ ਨੂੰ ਹੋਰ ਤਿੱਖਾ ਕਰਨ ਦਾ ਐਲਾਨ ਕੀਤਾ ਹੈ। ਯੂਨੀਅਨ ਨੇ ਕਿਹਾ ਕਿ ਕਈ ਦੌਰ ਦੀਆਂ ਮੀਟਿੰਗਾਂ ਅਤੇ ਭਰੋਸਿਆਂ ਦੇ ਬਾਵਜੂਦ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਕੋਈ ਠੋਸ ਹੱਲ ਨਹੀਂ ਕੀਤਾ ਗਿਆ, ਜਿਸ ਕਾਰਨ ਸਮੂਹ CHO ਵਿੱਚ ਭਾਰੀ ਰੋਸ ਹੈ।

ਯੂਨੀਅਨ ਆਗੂਆਂ ਨੇ ਦੋਸ਼ ਲਾਇਆ ਕਿ ਸਰਕਾਰ ਹਰ ਵਾਰ ਮੀਟਿੰਗਾਂ ਵਿੱਚ ਭਰੋਸੇ ਦਿੰਦੀ ਹੈ, ਪਰ ਜਦੋਂ ਫ਼ੈਸਲਿਆਂ ਨੂੰ ਲਾਗੂ ਕਰਨ ਦੀ ਵਾਰੀ ਆਉਂਦੀ ਹੈ ਤਾਂ ਆਪਣੇ ਹੀ ਵਾਅਦਿਆਂ ਤੋਂ ਪਿੱਛੇ ਹਟ ਜਾਂਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਵੀ ਯੂਨੀਅਨ ਨੂੰ ਮੀਟਿੰਗ ਲਈ ਸਮਾਂ ਦਿੱਤਾ ਗਿਆ ਸੀ, ਪਰ ਨਿਰਧਾਰਤ ਦਿਨ ਮੁਲਾਕਾਤ ਨਾ ਹੋਣ ਕਾਰਨ ਮੁਲਾਜ਼ਮਾਂ ਵਿੱਚ ਨਿਰਾਸ਼ਾ ਅਤੇ ਰੋਸ ਹੋਰ ਵਧਿਆ ਹੈ।

ਯੂਨੀਅਨ ਨੇ ਯਾਦ ਦਿਵਾਇਆ ਕਿ ਚੋਣਾਂ ਦੌਰਾਨ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, "ਬਰਾਬਰ ਕੰਮ ਲਈ ਬਰਾਬਰ ਤਨਖਾਹ" ਦੇਣ ਅਤੇ ਮੁਲਾਜ਼ਮ ਹਿੱਤਾਂ ਦੀ ਰੱਖਿਆ ਕਰਨ ਦੇ ਵੱਡੇ ਵਾਅਦੇ ਕੀਤੇ ਗਏ ਸਨ, ਪਰ ਅੱਜ ਹਾਲਾਤ ਇਹ ਹਨ ਕਿ ਸਿਹਤ ਸੇਵਾਵਾਂ ਨਿਭਾਉਣ ਵਾਲੇ ਮੁਲਾਜ਼ਮਾਂ ਨੂੰ ਆਪਣੇ ਹੱਕਾਂ ਲਈ ਸੜਕਾਂ 'ਤੇ ਸੰਘਰਸ਼ ਕਰਨਾ ਪੈ ਰਿਹਾ ਹੈ।

CHO ਆਗੂਆਂ ਨੇ ਦੋਸ਼ ਲਾਇਆ ਕਿ ₹5000 ਮਹੀਨਾਵਾਰ ਤਨਖਾਹ ਵਾਧੇ ਦੀ ਮੰਗ ਨੂੰ ਵੀ ਸਰਕਾਰ ਨੇ ਇੰਸੈਂਟਿਵ ਅਤੇ ਬੈਂਚਮਾਰਕ ਦੀਆਂ ਸ਼ਰਤਾਂ ਨਾਲ ਜੋੜ ਕੇ ਇਸ ਦਾ ਅਸਲ ਮਕਸਦ ਹੀ ਬਦਲ ਦਿੱਤਾ ਹੈ। ਇਸ ਤੋਂ ਇਲਾਵਾ ਲੌਇਲਟੀ ਬੋਨਸ, ਰੈਗੂਲਰ ਕੈਡਰ, ਤਨਖਾਹ ਅਤੇ ਇੰਸੈਂਟਿਵ ਨੂੰ ਮਰਜ ਕਰਨ ਸਮੇਤ ਹੋਰ ਮੰਗਾਂ ਨੂੰ ਵੀ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ।

ਯੂਨੀਅਨ ਨੇ ਐਲਾਨ ਕੀਤਾ ਕਿ ਹੁਣ ਪੰਜਾਬ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਲੋਕਾਂ ਨੂੰ ਸਰਕਾਰ ਦੀ ਕਥਿਤ ਵਾਅਦਾ ਖ਼ਿਲਾਫ਼ੀ ਤੋਂ ਜਾਣੂ ਕਰਵਾਇਆ ਜਾਵੇਗਾ। ਲੋਕਾਂ ਨੂੰ ਦੱਸਿਆ ਜਾਵੇਗਾ ਕਿ ਸਿਹਤ ਸੇਵਾਵਾਂ ਦੇਣ ਵਾਲੇ ਕਰਮਚਾਰੀਆਂ ਨੂੰ ਆਪਣੇ ਹੱਕਾਂ ਲਈ ਲਗਾਤਾਰ ਸੰਘਰਸ਼ ਕਰਨ ਲਈ ਕਿਉਂ ਮਜਬੂਰ ਹੋਣਾ ਪੈ ਰਿਹਾ ਹੈ।

ਆਗੂਆਂ ਨੇ ਕਿਹਾ ਕਿ ਸਮੂਹ CHO ਪੂਰੀ ਏਕਤਾ ਨਾਲ ਆਪਣਾ ਅੰਦੋਲਨ ਜਾਰੀ ਰੱਖਣਗੇ ਅਤੇ 10 ਅਗਸਤ ਨੂੰ ਨੈਸ਼ਨਲ ਹੈਲਥ ਮਿਸ਼ਨ (NHM), ਪੰਜਾਬ ਦੇ ਮੁੱਖ ਦਫ਼ਤਰ, ਚੰਡੀਗੜ੍ਹ ਵਿਖੇ ਵਿਸ਼ਾਲ ਰੋਸ ਧਰਨਾ ਦਿੱਤਾ ਜਾਵੇਗਾ, ਜਿਸ ਵਿੱਚ ਪੰਜਾਬ ਭਰ ਤੋਂ ਵੱਡੀ ਗਿਣਤੀ ਵਿੱਚ CHO ਸ਼ਮੂਲੀਅਤ ਕਰਨਗੇ।

ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਹੁਣ ਵੀ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੀ ਹੋਵੇਗੀ।