'ਲਾਰਿਆਂ ਨਾਲ ਨਹੀਂ, ਲਿਖਤੀ ਹੁਕਮਾਂ ਨਾਲ ਹੀ ਹੋਵੇਗਾ ਹੱਲ' — ਯੂਨੀਅਨ ਦੀ ਦੋ-ਟੁੱਕ ਚਿਤਾਵਨੀ

ਤਰਨ ਤਾਰਨ, 1 ਅਗਸਤ (ਅਮਿਤ ਮਰਵਾਹਾ)
ਪੰਜਾਬ ਸਰਕਾਰ ਵੱਲੋਂ ਲਗਾਤਾਰ ਭਰੋਸਿਆਂ ਦੇ ਬਾਵਜੂਦ ਕਮਿਊਨਟੀ ਹੈਲਥ ਅਫ਼ਸਰਾਂ ਦੀਆਂ ਮੰਗਾਂ ਦਾ ਹੱਲ ਨਾ ਨਿਕਲਣ ਕਾਰਨ ਸੂਬੇ ਭਰ ਵਿੱਚ ਅੱਜ ਰੋਸ ਦੀ ਲਹਿਰ ਦੇਖਣ ਨੂੰ ਮਿਲੀ। ਕਮਿਊਨਟੀ ਹੈਲਥ ਅਫ਼ਸਰ ਐਸੋਸੀਏਸ਼ਨ ਪੰਜਾਬ ਦੇ ਸੱਦੇ 'ਤੇ ਸਮੂਹ ਜ਼ਿਲ੍ਹਾ ਹਸਪਤਾਲਾਂ ਅੱਗੇ ਸੰਕੇਤਿਕ ਭੁੱਖ ਹੜਤਾਲ ਕਰਦਿਆਂ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਯੂਨੀਅਨ ਨੇ ਸਪੱਸ਼ਟ ਕਰ ਦਿੱਤਾ ਕਿ ਜੇ 4 ਅਗਸਤ ਨੂੰ ਉਪ-ਕਮੇਟੀ ਨਾਲ ਹੋਣ ਵਾਲੀ ਮੀਟਿੰਗ ਵਿੱਚ ਵੀ ਕੋਈ ਠੋਸ ਫ਼ੈਸਲਾ ਨਾ ਹੋਇਆ ਤਾਂ ਪੰਜਾਬ ਭਰ ਵਿੱਚ ਅਣਮਿੱਥੇ ਸਮੇਂ ਲਈ ਪੱਕੇ ਧਰਨੇ ਸ਼ੁਰੂ ਕਰ ਦਿੱਤੇ ਜਾਣਗੇ।

ਯੂਨੀਅਨ ਆਗੂਆਂ ਨੇ ਦੋਸ਼ ਲਾਇਆ ਕਿ ਸਰਕਾਰ ਵੱਲੋਂ ਵਾਰ-ਵਾਰ ਮੀਟਿੰਗਾਂ ਦਾ ਸੱਦਾ ਦੇ ਕੇ ਸਿਰਫ਼ ਭਰੋਸੇ ਹੀ ਦਿੱਤੇ ਜਾ ਰਹੇ ਹਨ, ਪਰ ਮੰਗਾਂ ਨੂੰ ਲਾਗੂ ਕਰਨ ਲਈ ਕੋਈ ਲਿਖਤੀ ਹੁਕਮ ਜਾਰੀ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਦੱਸਿਆ ਕਿ 29 ਜੁਲਾਈ ਨੂੰ ਮੁੱਖ ਮੰਤਰੀ ਨੇ ਮੀਟਿੰਗ ਲਈ ਸਮਾਂ ਦਿੱਤਾ ਸੀ, ਪਰ ਚੰਡੀਗੜ੍ਹ ਪਹੁੰਚਣ ਦੇ ਬਾਵਜੂਦ ਯੂਨੀਅਨ ਆਗੂਆਂ ਨਾਲ ਮੁਲਾਕਾਤ ਨਹੀਂ ਕੀਤੀ ਗਈ, ਜਿਸ ਕਾਰਨ ਕਮਿਊਨਟੀ ਹੈਲਥ ਅਫ਼ਸਰਾਂ ਵਿੱਚ ਭਾਰੀ ਨਿਰਾਸ਼ਾ ਅਤੇ ਰੋਸ ਹੈ।

ਆਗੂਆਂ ਨੇ ਕਿਹਾ ਕਿ ਕਈ ਸਾਲਾਂ ਤੋਂ ਸਰਕਾਰ ਸਿਰਫ਼ ਲਾਰੇ ਲਗਾ ਰਹੀ ਹੈ, ਜਦਕਿ ਕਮਿਊਨਟੀ ਹੈਲਥ ਅਫ਼ਸਰਾਂ ਦੀਆਂ ਜਾਇਜ਼ ਮੰਗਾਂ ਅਜੇ ਵੀ ਫ਼ਾਈਲਾਂ ਵਿੱਚ ਦੱਬੀਆਂ ਪਈਆਂ ਹਨ। ਉਨ੍ਹਾਂ ਦੋ-ਟੁੱਕ ਸ਼ਬਦਾਂ ਵਿੱਚ ਕਿਹਾ ਕਿ ਹੁਣ ਮੌਖਿਕ ਭਰੋਸਿਆਂ ਦਾ ਸਮਾਂ ਲੰਘ ਚੁੱਕਾ ਹੈ ਅਤੇ ਸਰਕਾਰ ਨੂੰ ਲਿਖਤੀ ਹੁਕਮ ਜਾਰੀ ਕਰਕੇ ਆਪਣੇ ਵਾਅਦੇ ਪੂਰੇ ਕਰਨੇ ਪੈਣਗੇ।

ਯੂਨੀਅਨ ਨੇ ਮੰਗ ਕੀਤੀ ਕਿ ₹5,000 ਸਬੰਧੀ ਜਾਰੀ ਪੱਤਰ ਵਿੱਚੋਂ ਬੈਂਚਮਾਰਕ ਦੀ ਸ਼ਰਤ ਪੂਰੀ ਤਰ੍ਹਾਂ ਖ਼ਤਮ ਕਰਕੇ ਰਕਮ ਨੂੰ ਮੁੱਢਲੀ ਤਨਖ਼ਾਹ ਵਿੱਚ ਸ਼ਾਮਲ ਕੀਤਾ ਜਾਵੇ। ਇਸ ਤੋਂ ਇਲਾਵਾ ਸਮੂਹ ਕਮਿਊਨਟੀ ਹੈਲਥ ਅਫ਼ਸਰਾਂ ਨੂੰ ਵਫ਼ਾਦਾਰੀ ਬੋਨਸ ਦਿੱਤਾ ਜਾਵੇ, ਰੈਗੂਲਰ ਕੈਡਰ ਨੂੰ ਤੁਰੰਤ ਮਨਜ਼ੂਰੀ ਮਿਲੇ, ਤਨਖ਼ਾਹ ਅਤੇ ਪ੍ਰੋਤਸਾਹਨ ਰਾਸ਼ੀ ਨੂੰ ਇਕੱਠਾ ਕੀਤਾ ਜਾਵੇ ਅਤੇ ਪ੍ਰੋਤਸਾਹਨ ਨੀਤੀ ਵਿੱਚ ਲੋੜੀਂਦੀਆਂ ਸੋਧਾਂ ਕੀਤੀਆਂ ਜਾਣ।

ਜ਼ਿਲ੍ਹਾ ਪ੍ਰਧਾਨ ਜੈਸਮੀਨ ਕੌਰ, ਜੁਗਰਾਜ ਕੌਰ, ਸੀਨੀਅਰ ਮੀਤ ਪ੍ਰਧਾਨ ਰਵਿੰਦਰ ਕੌਰ ਅਤੇ ਜੀਵਨਜੋਤ ਸਿੰਘ ਨੇ ਕਿਹਾ ਕਿ 4 ਅਗਸਤ ਨੂੰ ਸਰਕਾਰ ਨਾਲ ਹੋਣ ਵਾਲੀ ਉਪ-ਕਮੇਟੀ ਦੀ ਮੀਟਿੰਗ ਕਮਿਊਨਟੀ ਹੈਲਥ ਅਫ਼ਸਰਾਂ ਦੇ ਭਵਿੱਖ ਲਈ ਨਿਰਣਾਇਕ ਸਾਬਤ ਹੋਵੇਗੀ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਇਸ ਮੀਟਿੰਗ ਵਿੱਚ ਵੀ ਮੰਗਾਂ 'ਤੇ ਕੋਈ ਠੋਸ ਫ਼ੈਸਲਾ ਨਾ ਹੋਇਆ ਤਾਂ ਪੰਜਾਬ ਭਰ ਵਿੱਚ ਪੱਕੇ ਧਰਨੇ ਅਤੇ ਸੰਘਰਸ਼ ਦਾ ਅਗਲਾ ਪੜਾਅ ਸ਼ੁਰੂ ਕਰ ਦਿੱਤਾ ਜਾਵੇਗਾ, ਜਿਸ ਦੀ ਸਮੁੱਚੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੀ ਹੋਵੇਗੀ।ਇਸ ਮੌਕੇ

ਨੋਮਨਜੀਤ ਕੌਰ, ਅਮਰਜੀਤ ਕੌਰ, ਜੀਵਨਜੋਤ ਸਿੰਘ, ਮਨਦੀਪ ਕੌਰ ਅਤੇ ਦਵਿੰਦਰ ਕੌਰ ਕਿ ਵੱਲੋ ਅੱਜ ਦੀ ਸੰਕੇਤਿਕ ਭੁੱਖ ਹੜਤਾਲ ਰੱਖ ਕਿ ਸਰਕਾਰ ਨੂੰ ਆਖ਼ਰੀ ਚੇਤਾਵਨੀ ਕਿ ਜੇਕਰ ਹੁਣ ਵੀ ਕਮਿਊਨਟੀ ਹੈਲਥ ਅਫ਼ਸਰਾਂ ਦੀਆਂ ਜਾਇਜ਼ ਮੰਗਾਂ ਨੂੰ ਨਾ ਮੰਨਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।