ਮੋਗਾ, 14 ਸਤੰਬਰ (ਬਿੱਟੂ ਗਰੋਵਰ): ਵਾਹਿਗੁਰੂ ਜੀ ਦੀ ਅਪਾਰ ਕਿਰਪਾ ਸਦਕਾ ਸਿੱਖਿਆ ਵਿਭਾਗ ਵਿੱਚ ਉੱਤਮ ਅਤੇ ਸਮਰਪਿਤ ਅਧਿਆਪਕ ਵਜੋਂ ਸਿੱਖਿਆ ਦੇ ਨਾਲ-ਨਾਲ ਸਮਾਜ ਸੇਵਾ ਦੇ ਖੇਤਰ ਵਿੱਚ ਸ਼ਲਾਘਾਯੋਗ ਸੇਵਾਵਾਂ ਨਿਭਾਉਣ ਵਾਲੇ ਸ. ਬਲਦੇਵ ਰਾਮ, ਸੈਂਟਰ ਹੈੱਡ ਟੀਚਰ ਸਰਕਾਰੀ ਪ੍ਰਾਇਮਰੀ ਸਕੂਲ ਖੋਸਾ ਰਣਧੀਰ, ਜ਼ਿਲ੍ਹਾ ਮੋਗਾ ਨੂੰ ਪੰਜਾਬ ਸਰਕਾਰ ਵੱਲੋਂ ਅਧਿਆਪਕ ਦਿਵਸ 5 ਸਤੰਬਰ 2026 ਦੇ ਸ਼ੁਭ ਅਵਸਰ ’ਤੇ ਸਟੇਟ ਐਵਾਰਡ (ਰਾਜ ਪੁਰਸਕਾਰ) ਨਾਲ ਸਨਮਾਨਿਤ ਕੀਤੇ ਜਾਣ ’ਤੇ ਉਨ੍ਹਾਂ ਨੂੰ ਵਧਾਈਆਂ ਦੇਣ ਦਾ ਸਿਲਸਿਲਾ ਜਾਰੀ ਹੈ।
ਇਸ ਮੌਕੇ ਸ. ਬਲਦੇਵ ਰਾਮ ਦੇ ਛੋਟੇ ਭਰਾ ਵੱਲੋਂ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਉਨ੍ਹਾਂ ਨੂੰ ਅਤੇ ਸਮੂਹ ਪਰਿਵਾਰਕ ਮੈਂਬਰਾਂ ਨੂੰ ਇਸ ਮਾਣਮੱਤੀ ਪ੍ਰਾਪਤੀ ਲਈ ਨਿੱਘੀ ਵਧਾਈ ਦਿੱਤੀ ਗਈ। ਉਨ੍ਹਾਂ ਨੇ ਕਿਹਾ ਕਿ ਸ. ਬਲਦੇਵ ਰਾਮ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਲੰਬੇ ਸਮੇਂ ਤੋਂ ਪੂਰੀ ਇਮਾਨਦਾਰੀ, ਮਿਹਨਤ ਅਤੇ ਸਮਰਪਣ ਨਾਲ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ। ਉਨ੍ਹਾਂ ਦੀ ਮਿਹਨਤ ਅਤੇ ਵਿਦਿਆਰਥੀਆਂ ਪ੍ਰਤੀ ਸਮਰਪਿਤ ਭਾਵਨਾ ਸਦਕਾ ਹੀ ਉਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ ਰਾਜ ਪੱਧਰੀ ਸਨਮਾਨ ਪ੍ਰਾਪਤ ਹੋਇਆ ਹੈ, ਜੋ ਸਮੁੱਚੇ ਪਰਿਵਾਰ ਅਤੇ ਜ਼ਿਲ੍ਹਾ ਮੋਗਾ ਲਈ ਮਾਣ ਵਾਲੀ ਗੱਲ ਹੈ।
ਉਨ੍ਹਾਂ "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ. ਬਲਦੇਵ ਰਾਮ ਨੇ ਅਧਿਆਪਕ ਵਜੋਂ ਆਪਣੀ ਜ਼ਿੰਮੇਵਾਰੀ ਨੂੰ ਸਿਰਫ਼ ਕਿਤਾਬੀ ਸਿੱਖਿਆ ਤੱਕ ਸੀਮਤ ਨਹੀਂ ਰੱਖਿਆ, ਸਗੋਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ, ਚੰਗੇ ਸੰਸਕਾਰਾਂ ਅਤੇ ਸਮਾਜ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨ ਲਈ ਵੀ ਲਗਾਤਾਰ ਉਪਰਾਲੇ ਕੀਤੇ ਹਨ। ਸਿੱਖਿਆ ਅਤੇ ਸਮਾਜ ਸੇਵਾ ਦੇ ਖੇਤਰ ਵਿੱਚ ਉਨ੍ਹਾਂ ਵੱਲੋਂ ਕੀਤੀਆਂ ਜਾ ਰਹੀਆਂ ਸੇਵਾਵਾਂ ਦੀ ਬਦੌਲਤ ਉਨ੍ਹਾਂ ਨੂੰ ਇਹ ਵੱਕਾਰੀ ਸਨਮਾਨ ਮਿਲਣਾ ਉਨ੍ਹਾਂ ਦੀ ਮਿਹਨਤ ਦੀ ਸਹੀ ਕਦਰ ਹੈ।
ਇਸ ਮੌਕੇ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚੇ ਮਨੋਜ ਕੁਮਾਰ, ਸਰਕਾਰੀ ਪ੍ਰਾਇਮਰੀ ਸਕੂਲ ਕੋਕਰੀ ਹੇਰਾ, ਅਤੇ ਸ. ਜੀਵਨ ਸਿੰਘ ਤੇ ਸ. ਹਰਮਿੰਦਰ ਸਿੰਘ ਵੱਲੋਂ ਵੀ ਸ. ਬਲਦੇਵ ਰਾਮ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਸਟੇਟ ਐਵਾਰਡ ਮਿਲਣ ’ਤੇ ਵਧਾਈ ਦਿੱਤੀ ਗਈ। ਇਸ ਦੌਰਾਨ ਹਾਜ਼ਰ ਵਿਅਕਤੀਆਂ ਨੇ ਕਿਹਾ ਕਿ ਇੱਕ ਅਧਿਆਪਕ ਲਈ ਇਸ ਤੋਂ ਵੱਡਾ ਮਾਣ ਹੋਰ ਕੀ ਹੋ ਸਕਦਾ ਹੈ ਕਿ ਉਸ ਦੀਆਂ ਸੇਵਾਵਾਂ ਨੂੰ ਸੂਬਾ ਸਰਕਾਰ ਵੱਲੋਂ ਰਾਜ ਪੱਧਰ ’ਤੇ ਮਾਨਤਾ ਦਿੱਤੀ ਜਾਵੇ।
ਪਰਿਵਾਰਕ ਮੈਂਬਰਾਂ ਅਤੇ ਸਾਥੀਆਂ ਨੇ ਕਿਹਾ ਕਿ ਸ. ਬਲਦੇਵ ਰਾਮ ਦੀ ਇਹ ਪ੍ਰਾਪਤੀ ਹੋਰਨਾਂ ਅਧਿਆਪਕਾਂ ਲਈ ਵੀ ਪ੍ਰੇਰਣਾ ਦਾ ਸਰੋਤ ਹੈ। ਉਨ੍ਹਾਂ ਨੇ ਉਮੀਦ ਪ੍ਰਗਟਾਈ ਕਿ ਉਹ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਪੂਰੀ ਲਗਨ ਅਤੇ ਨਿਸ਼ਠਾ ਨਾਲ ਸਿੱਖਿਆ ਵਿਭਾਗ ਦੀ ਸੇਵਾ ਕਰਦੇ ਰਹਿਣਗੇ ਅਤੇ ਆਪਣੇ ਕਾਰਜਾਂ ਰਾਹੀਂ ਸਿੱਖਿਆ ਵਿਭਾਗ ਅਤੇ ਜ਼ਿਲ੍ਹਾ ਮੋਗਾ ਦਾ ਨਾਮ ਹੋਰ ਵੀ ਰੌਸ਼ਨ ਕਰਨਗੇ।
ਇਸ ਮੌਕੇ ਪਰਿਵਾਰਕ ਮੈਂਬਰਾਂ ਅਤੇ ਸਨੇਹੀਆਂ ਵੱਲੋਂ ਸ. ਬਲਦੇਵ ਰਾਮ ਦੀ ਇਸ ਪ੍ਰਾਪਤੀ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਅਤੇ ਚੜ੍ਹਦੀ ਕਲਾ ਲਈ ਪਰਮਾਤਮਾ ਅੱਗੇ ਅਰਦਾਸ ਵੀ ਕੀਤੀ ਗਈ।