ਕੋਟ ਈਸੇ ਖਾਂ, 14 ਜੂਨ (ਸੰਜੀਵ ਸੂਦ) ਦਰਵੇਸ਼ ਸਿਆਸਤਦਾਨ ਵਜੋਂ ਜਾਣੇ ਜਾਂਦੇ ਸਾਬਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ ਦਾ ਕਹਿਣਾ ਹੈ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਦੀਆਂ ਨੀਤੀਆਂ ਤੋਂ ਨਿਰਾਸ਼ ਹਨ ਅਤੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਨੂੰ ਭਾਰੀ ਸਮਰਥਨ ਦੇਣ ਲਈ ਤਿਆਰ ਬੈਠੇ ਹਨ।ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਮੁੜ ਪੰਜਾਬ ਦੇ ਵਿਕਾਸ ਅਤੇ ਲੋਕ ਭਲਾਈ ਦੇ ਮੁੱਦਿਆਂ ਨੂੰ ਲੈ ਕੇ ਜਨਤਾ ਵਿਚਕਾਰ ਮਜ਼ਬੂਤੀ ਨਾਲ ਉਭਰ ਰਹੀ ਹੈ। ਸਾਬਕਾ ਵਿਧਾਇਕ ਕਾਕਾ ਸੁਖਜੀਤ ਸਿੰਘ ਲੋਹਗੜ ਨੇ "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਪ੍ਰਤੀਨਿੱਧ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਹਮੇਸ਼ਾ ਵਿਕਾਸ, ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਤਰਜੀਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਦੌਰਾਨ ਲੋਕਾਂ ਨੂੰ ਕਈ ਬੁਨਿਆਦੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਕਾਰਨ ਹਰ ਵਰਗ ਵਿੱਚ ਨਿਰਾਸ਼ਾ ਦਾ ਮਾਹੌਲ ਬਣਿਆ ਹੋਇਆ ਹੈ। ਉਨ੍ਹਾਂ ਦਾਅਵਾ ਕੀਤਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਮਜ਼ਬੂਤ ਜਿੱਤ ਹਾਸਲ ਕਰਕੇ ਪੰਜਾਬ ਦੀ ਵਾਗਡੋਰ ਮੁੜ ਆਪਣੇ ਹੱਥਾਂ ਵਿੱਚ ਲਵੇਗੀ। ਉਨਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਆਪਣੇ ਕਾਰਜਕਾਲ ਦੌਰਾਨ ਹਮੇਸ਼ਾ ਲੋਕ ਹਿੱਤਾਂ ਨੂੰ ਪਹਿਲ ਦਿੱਤੀ ਅਤੇ ਪੰਜਾਬ ਦੇ ਸਰਵਪੱਖੀ ਵਿਕਾਸ ਲਈ ਅਨੇਕਾਂ ਯੋਜਨਾਵਾਂ ਲਾਗੂ ਕੀਤੀਆਂ। ਉਨ੍ਹਾਂ ਕਿਹਾ ਕਿ ਅੱਜ ਵੀ ਕਾਂਗਰਸ ਦੇ ਵਰਕਰ ਪਿੰਡ-ਪਿੰਡ ਅਤੇ ਸ਼ਹਿਰ-ਸ਼ਹਿਰ ਜਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣ ਰਹੇ ਹਨ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾ ਰਹੇ ਹਨ।