ਧਰਮਕੋਟ, 3ਜੁਲਾਈ (ਜਸ਼ਨ ) ਜ਼ਿਲਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਅਤੇ ਸੀਨੀਅਰ ਕਾਂਗਰਸੀ ਆਗੂ ਜਥੇਦਾਰ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਨੇ ਆਲ ਇੰਡੀਆ ਕਾਂਗਰਸ ਕਮੇਟੀ ਵੱਲੋਂ ਪੰਜਾਬ ਕਾਂਗਰਸ ਦੀ ਲੀਡਰਸ਼ਿਪ ਨੂੰ ਬਰਕਰਾਰ ਰੱਖਣ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਵੱਖ-ਵੱਖ ਕਮੇਟੀਆਂ ਦੇ ਗਠਨ ਦਾ ਦਿਲੋਂ ਸਵਾਗਤ ਕਰਦਿਆਂ ਇਸ ਨੂੰ ਪੰਜਾਬ ਕਾਂਗਰਸ ਲਈ ਇਤਿਹਾਸਕ ਅਤੇ ਦੂਰਅੰਦੇਸ਼ੀ ਫ਼ੈਸਲਾ ਕਰਾਰ ਦਿੱਤਾ ਹੈ।
ਉਨ੍ਹਾਂ 'ਇੰਟਰਨੈਸ਼ਨਲ ਪੰਜਾਬੀ ਨਿਊਜ਼' ਦੇ ਨੁਮਾਇੰਦੇ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹਾਈਕਮਾਨ ਨੇ ਤਜਰਬੇ, ਸਮਰਪਣ ਅਤੇ ਸੰਗਠਨਾਤਮਕ ਯੋਗਤਾ ਨੂੰ ਧਿਆਨ ਵਿਚ ਰੱਖਦਿਆਂ ਜਿਹੜੀ ਮਜ਼ਬੂਤ ਟੀਮ ਤਿਆਰ ਕੀਤੀ ਹੈ, ਉਹ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਲਈ ਵਰਦਾਨ ਸਾਬਤ ਹੋਵੇਗੀ। ਜਥੇਦਾਰ ਤਲਵੰਡੀ ਭੰਗੇਰੀਆਂ ਨੇ ਕਿਹਾ ਕਿ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਅਤੇ ਪ੍ਰਤਾਪ ਸਿੰਘ ਬਾਜਵਾ ਨੂੰ ਕਾਂਗਰਸ ਵਿਧਾਇਕ ਦਲ ਦਾ ਆਗੂ ਬਰਕਰਾਰ ਰੱਖ ਕੇ ਹਾਈਕਮਾਨ ਨੇ ਸਪੱਸ਼ਟ ਸੰਦੇਸ਼ ਦਿੱਤਾ ਹੈ ਕਿ ਪਾਰਟੀ ਤਜਰਬੇਕਾਰ ਅਤੇ ਜ਼ਮੀਨੀ ਆਗੂਆਂ ਦੀ ਅਗਵਾਈ ਵਿਚ ਹੀ ਚੋਣ ਮੈਦਾਨ ਵਿਚ ਉਤਰੇਗੀ। ਇਸ ਦੇ ਨਾਲ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸੁਖਜਿੰਦਰ ਸਿੰਘ ਰੰਧਾਵਾ, ਵਿਜੈ ਇੰਦਰ ਸਿੰਗਲਾ ਅਤੇ ਡਾ. ਅਮਰ ਸਿੰਘ ਵਰਗੇ ਸੀਨੀਅਰ ਆਗੂਆਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪਣਾ ਪਾਰਟੀ ਦੀ ਮਜ਼ਬੂਤ ਰਣਨੀਤੀ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਸੁਖਵਿੰਦਰ ਸਿੰਘ ਡੈਨੀ, ਰਾਜ ਕੁਮਾਰ ਵੇਰਕਾ ਅਤੇ ਸੰਗਤ ਸਿੰਘ ਗਿਲਜ਼ੀਆਂ ਨੂੰ ਕਾਰਜਕਾਰੀ ਪ੍ਰਧਾਨ ਬਣਾਉਣ ਨਾਲ ਸੰਗਠਨ ਨੂੰ ਨਵੀਂ ਤਾਕਤ ਅਤੇ ਨਵੀਂ ਰਫ਼ਤਾਰ ਮਿਲੇਗੀ। ਪਾਰਟੀ ਦਾ ਹਰ ਵਰਕਰ ਹੁਣ ਹੋਰ ਉਤਸ਼ਾਹ ਨਾਲ ਲੋਕਾਂ ਵਿਚ ਜਾਵੇਗਾ ਅਤੇ ਕਾਂਗਰਸ ਦੀਆਂ ਲੋਕ-ਪੱਖੀ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਏਗਾ। ਜਥੇਦਾਰ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਨੇ ਕਿਹਾ ਕਿ ਪੰਜਾਬ ਦੇ ਲੋਕ ਬਦਲਾਅ ਚਾਹੁੰਦੇ ਹਨ ਅਤੇ ਕਾਂਗਰਸ ਹੀ ਉਹ ਸਿਆਸੀ ਤਾਕਤ ਹੈ ਜੋ ਸੂਬੇ ਨੂੰ ਮੁੜ ਵਿਕਾਸ, ਭਾਈਚਾਰੇ ਅਤੇ ਖੁਸ਼ਹਾਲੀ ਦੇ ਰਾਹ ’ਤੇ ਲੈ ਕੇ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਹਾਈਕਮਾਨ ਵੱਲੋਂ ਕੀਤੀਆਂ ਇਹ ਨਿਯੁਕਤੀਆਂ ਸਿਰਫ਼ ਅਹੁਦਿਆਂ ਦੀ ਵੰਡ ਨਹੀਂ, ਸਗੋਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਇੱਕ ਸੁਚੱਜੀ ਅਤੇ ਦੂਰਅੰਦੇਸ਼ੀ ਰਣਨੀਤੀ ਹੈ। ਉਨ੍ਹਾਂ ਸਮੁੱਚੀ ਕਾਂਗਰਸ ਲੀਡਰਸ਼ਿਪ ਅਤੇ ਹਾਈਕਮਾਨ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਦਾ ਹਰ ਕਾਂਗਰਸੀ ਵਰਕਰ ਪਾਰਟੀ ਦੇ ਹਰ ਫ਼ੈਸਲੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਾ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਸਮੁੱਚੀ ਲੀਡਰਸ਼ਿਪ ਦੀ ਸਾਂਝੀ ਕਾਰਜਸ਼ੈਲੀ, ਵਰਕਰਾਂ ਦੀ ਮਿਹਨਤ ਅਤੇ ਲੋਕਾਂ ਦੇ ਸਹਿਯੋਗ ਨਾਲ ਕਾਂਗਰਸ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰੇਗੀ ਅਤੇ ਪੰਜਾਬ ਵਿਚ ਮੁੜ ਲੋਕ-ਪੱਖੀ ਸਰਕਾਰ ਬਣਾਉਣ ਵਿਚ ਕਾਮਯਾਬ ਹੋਵੇਗੀ।