ਮੋਗਾ, 25 ਅਗਸਤ (ਜਸ਼ਨ )-ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਮੋਗਾ ਵਿਧਾਨ ਸਭਾ ਹਲਕੇ ਵਿੱਚ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਇਸੇ ਤਹਿਤ ਮੋਗਾ ਵਿਧਾਨ ਸਭਾ ਹਲਕੇ ਦੇ ਸੇਵਾਦਾਰ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਮਨਜੀਤ ਸਿੰਘ ਮਾਨ ਵੱਲੋਂ ਹਲਕੇ ਦੇ ਪਿੰਡ ਦਾਰਾਪੁਰ ਵਿਖੇ ਕਾਂਗਰਸੀ ਵਰਕਰਾਂ ਅਤੇ ਪਿੰਡ ਵਾਸੀਆਂ ਨਾਲ ਭਰਵੀਂ ਮੀਟਿੰਗ ਕੀਤੀ ਗਈ। ਇਹ ਮੀਟਿੰਗ ਕੁਲਵੰਤ ਸਿੰਘ ਦਾਰਾਪੁਰ ਦੇ ਗ੍ਰਹਿ ਵਿਖੇ ਹੋਈ, ਜਿਸ ਵਿੱਚ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਅਤੇ ਪਿੰਡ ਵਾਸੀ ਹਾਜ਼ਰ ਸਨ। ਮੀਟਿੰਗ ਨੂੰ ਸੰਬੋਧਨ ਕਰਦਿਆਂ ਮਨਜੀਤ ਸਿੰਘ ਮਾਨ ਨੇ ਕਿਹਾ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਹੁਣ ਬਹੁਤ ਨੇੜੇ ਹਨ ਅਤੇ ਚੋਣਾਂ ਵਿੱਚ ਕੁਝ ਹੀ ਮਹੀਨੇ ਬਾਕੀ ਰਹਿ ਗਏ ਹਨ। ਉਨ੍ਹਾਂ ਕਿਹਾ ਕਿ ਉਹ ਕਾਂਗਰਸ ਪਾਰਟੀ ਦੀ ਹਾਈਕਮਾਂਡ ਤੋਂ ਮੋਗਾ ਵਿਧਾਨ ਸਭਾ ਹਲਕੇ ਤੋਂ ਪਾਰਟੀ ਟਿਕਟ ਦੀ ਮੰਗ ਕਰ ਰਹੇ ਹਨ। ਮਾਨ ਨੇ ਕਿਹਾ ਕਿ ਉਹ ਪਿਛਲੇ 31 ਸਾਲਾਂ ਤੋਂ ਕਾਂਗਰਸ ਪਾਰਟੀ ਦੇ ਵੱਖ-ਵੱਖ ਅਹੁਦਿਆਂ ’ਤੇ ਰਹਿ ਕੇ ਪਾਰਟੀ ਦੀ ਸੇਵਾ ਕਰਦੇ ਆ ਰਹੇ ਹਨ ਅਤੇ ਲੰਮੇ ਸਮੇਂ ਤੋਂ ਮੋਗਾ ਹਲਕੇ ਦੇ ਲੋਕਾਂ ਨਾਲ ਜੁੜੇ ਹੋਏ ਹਨ। ਉਨ੍ਹਾਂ ਦੱਸਿਆ ਕਿ ਉਹ ਕਾਂਗਰਸ ਪਾਰਟੀ ਦੀ ਟਿਕਟ ’ਤੇ ਪੰਜ ਵਾਰ ਮੋਗਾ ਨਗਰ ਨਿਗਮ ਦੇ ਕੌਂਸਲਰ ਚੁਣੇ ਜਾ ਚੁੱਕੇ ਹਨ ਅਤੇ ਪਿਛਲੇ ਕਰੀਬ 25 ਸਾਲਾਂ ਤੋਂ ਕੌਂਸਲਰ ਵਜੋਂ ਲੋਕਾਂ ਦੀ ਸੇਵਾ ਕਰਦੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਲੰਮੇ ਸਿਆਸੀ ਅਤੇ ਸਮਾਜਿਕ ਤਜਰਬੇ ਦੌਰਾਨ ਉਨ੍ਹਾਂ ਨੇ ਲੋਕਾਂ ਦੇ ਰੋਜ਼ਮਰ੍ਹਾ ਦੇ ਕੰਮ ਕਰਵਾਉਣ ਲਈ ਲਗਾਤਾਰ ਯਤਨ ਕੀਤੇ ਹਨ। ਮਾਨ ਨੇ ਪੰਜਾਬ ਦੀ ਮੌਜੂਦਾ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਲੋਕ ਮੌਜੂਦਾ ‘ਝਾੜੂ ਸਰਕਾਰ’ ਤੋਂ ਅੱਕ ਚੁੱਕੇ ਹਨ ਅਤੇ ਸੂਬੇ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਚਿੰਤਾਜਨਕ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਉਹ ਲੋਕਾਂ ਦੇ ਕੰਮਾਂ ਲਈ ਦਿਨ-ਰਾਤ ਹਾਜ਼ਰ ਰਹਿੰਦੇ ਹਨ ਅਤੇ ਉਨ੍ਹਾਂ ਦੇ ਘਰ ਦੇ ਦਰਵਾਜ਼ੇ 24 ਘੰਟੇ ਲੋਕਾਂ ਲਈ ਖੁੱਲ੍ਹੇ ਰਹਿੰਦੇ ਹਨ। ਮਾਨ ਨੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ 2027 ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਇਕਜੁੱਟ ਹੋ ਕੇ ਯਤਨ ਕੀਤੇ ਜਾਣ। ਉਨ੍ਹਾਂ ਕਿਹਾ ਕਿ ਜੇਕਰ ਪਾਰਟੀ ਹਾਈਕਮਾਂਡ ਉਨ੍ਹਾਂ ਨੂੰ ਮੋਗਾ ਹਲਕੇ ਤੋਂ ਟਿਕਟ ਦਿੰਦੀ ਹੈ ਤਾਂ ਉਹ ਵੱਡੀ ਲੀਡ ਨਾਲ ਸੀਟ ਜਿੱਤ ਕੇ ਕਾਂਗਰਸ ਦੀ ਝੋਲੀ ਵਿੱਚ ਪਾਉਣਗੇ। ਉਨ੍ਹਾਂ ਕਿਹਾ ਕਿ ਵਿਧਾਇਕ ਬਣਨ ਤੋਂ ਬਾਅਦ ਮੋਗਾ ਹਲਕੇ ਵਿੱਚ ਰਿਕਾਰਡ ਤੋੜ ਵਿਕਾਸ ਕਰਵਾਉਣ ਦੇ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨਾ, ਨਵਾਂ ਹਸਪਤਾਲ ਅਤੇ ਸਰਕਾਰੀ ਡਿਗਰੀ ਕਾਲਜ ਲਿਆਉਣਾ ਅਤੇ ਹਲਕੇ ਵਿੱਚ ਉਦਯੋਗ ਸਥਾਪਤ ਕਰਵਾਉਣਾ ਉਨ੍ਹਾਂ ਦੀਆਂ ਮੁੱਖ ਤਰਜੀਹਾਂ ਹੋਣਗੀਆਂ। ਅੰਤ ਵਿੱਚ ਮਨਜੀਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਕਾਂਗਰਸ ਪਾਰਟੀ ਦੀ ਹਾਈਕਮਾਂਡ ਇਸ ਵਾਰ ਉਨ੍ਹਾਂ ਦੀ ਪਾਰਟੀ ਪ੍ਰਤੀ ਲੰਮੀ ਸੇਵਾ ਅਤੇ ਲੋਕਾਂ ਨਾਲ ਜੁੜਾਅ ਨੂੰ ਦੇਖਦਿਆਂ ਮੋਗਾ ਵਿਧਾਨ ਸਭਾ ਹਲਕੇ ਤੋਂ ਉਨ੍ਹਾਂ ਨੂੰ ਟਿਕਟ ਜ਼ਰੂਰ ਦੇਵੇਗੀ।