ਮੋਗਾ, 28 ਜੂਨ (ਜਸ਼ਨ ) ਜਿਵੇਂ-ਜਿਵੇਂ ਪੰਜਾਬ ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਆ ਰਿਹਾ ਹੈ, ਤਿਵੇਂ-ਤਿਵੇਂ ਸਿਆਸੀ ਮਾਹੌਲ ਵੀ ਗਰਮ ਹੁੰਦਾ ਜਾ ਰਿਹਾ ਹੈ। ਸਾਰੀਆਂ ਰਾਜਨੀਤਿਕ ਪਾਰਟੀਆਂ ਆਪਣੇ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਆਪਣੇ ਨਾਲ ਜੋੜਨ ਲਈ ਪੂਰੀ ਤਾਕਤ ਨਾਲ ਸਰਗਰਮ ਹਨ। ਇਸੇ ਲੜੀ ਤਹਿਤ ਮੋਗਾ ਵਿਧਾਨ ਸਭਾ ਹਲਕੇ ਵਿਚ ਕਾਂਗਰਸ ਪਾਰਟੀ ਨੂੰ ਉਸ ਵੇਲੇ ਇੱਕ ਵੱਡਾ ਹੁਲਾਰਾ ਮਿਲਿਆ, ਜਦੋਂ ਹਲਕਾ ਇੰਚਾਰਜ ਮਾਲਵਿਕਾ ਸੂਦ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੇ ਆਗੂ ਬਲਦੇਵ ਸਿੰਘ ਆਪਣੇ ਕਈ ਸਾਥੀਆਂ ਸਮੇਤ ਕਾਂਗਰਸ ਵਿਚ ਸ਼ਾਮਲ ਹੋ ਗਏ। ਇਸ ਮੌਕੇ ਆਯੋਜਿਤ ਸਮਾਗਮ ਦੌਰਾਨ ਮਾਲਵਿਕਾ ਸੂਦ ਨੇ ਬਲਦੇਵ ਸਿੰਘ ਅਤੇ ਉਨ੍ਹਾਂ ਨਾਲ ਆਏ ਸਾਰੇ ਸਾਥੀਆਂ ਦਾ ਗਰਮਜੋਸ਼ੀ ਨਾਲ ਸਵਾਗਤ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਵਿਚ ਹਰ ਮਿਹਨਤੀ ਅਤੇ ਲੋਕਾਂ ਦੀ ਸੇਵਾ ਕਰਨ ਵਾਲੇ ਵਰਕਰ ਨੂੰ ਪੂਰਾ ਮਾਣ-ਸਨਮਾਨ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਨਵੇਂ ਸਾਥੀਆਂ ਨੂੰ ਬਣਦਾ ਸਤਿਕਾਰ ਅਤੇ ਜ਼ਿੰਮੇਵਾਰੀ ਦਿੱਤੀ ਜਾਵੇਗੀ ਤਾਂ ਜੋ ਉਹ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਹੋਰ ਵਧੇਰੇ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕਰ ਸਕਣ। ਮਾਲਵਿਕਾ ਸੂਦ ਨੇ ਕਿਹਾ ਕਿ ਕਾਂਗਰਸ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਅਤੇ ਵਿਚਾਰਧਾਰਾ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਪਾਰਟੀਆਂ ਦੇ ਆਗੂ ਅਤੇ ਵਰਕਰ ਲਗਾਤਾਰ ਕਾਂਗਰਸ ਨਾਲ ਜੁੜ ਰਹੇ ਹਨ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਆਉਣ ਵਾਲੇ ਸਮੇਂ ਵਿਚ ਵੀ ਇਹ ਸਿਲਸਿਲਾ ਜਾਰੀ ਰਹੇਗਾ ਅਤੇ ਮੋਗਾ ਹਲਕੇ ਵਿਚ ਕਾਂਗਰਸ ਹੋਰ ਮਜ਼ਬੂਤ ਹੋ ਕੇ ਉਭਰੇਗੀ। ਸਿਆਸੀ ਹਲਕਿਆਂ ਵਿਚ ਇਹ ਵੀ ਚਰਚਾ ਹੈ ਕਿ ਮਾਲਵਿਕਾ ਸੂਦ ਪਿਛਲੇ ਕੁਝ ਸਮੇਂ ਤੋਂ ਲਗਾਤਾਰ ਵਿਰੋਧੀ ਪਾਰਟੀਆਂ ਦੇ ਪ੍ਰਭਾਵਸ਼ਾਲੀ ਆਗੂਆਂ ਅਤੇ ਵਰਕਰਾਂ ਨੂੰ ਕਾਂਗਰਸ ਵਿਚ ਸ਼ਾਮਲ ਕਰਵਾਉਣ ਵਿਚ ਸਫਲ ਰਹੀ ਹੈ। ਉਨ੍ਹਾਂ ਵੱਲੋਂ ਹਲਕੇ ਦੇ ਪਿੰਡਾਂ ਅਤੇ ਸ਼ਹਿਰੀ ਇਲਾਕਿਆਂ ਵਿਚ ਕੀਤੀਆਂ ਜਾ ਰਹੀਆਂ ਲਗਾਤਾਰ ਸਰਗਰਮੀਆਂ ਨੂੰ ਲੋਕਾਂ ਵੱਲੋਂ ਵੀ ਭਰਪੂਰ ਹੁੰਗਾਰਾ ਮਿਲ ਰਿਹਾ ਹੈ, ਜਿਸ ਕਾਰਨ ਕਾਂਗਰਸ ਦਾ ਸੰਗਠਨ ਦਿਨੋਂ-ਦਿਨ ਹੋਰ ਮਜ਼ਬੂਤ ਹੁੰਦਾ ਨਜ਼ਰ ਆ ਰਿਹਾ ਹੈ। ਇਸ ਮੌਕੇ ਗੌਤਮ ਸੱਚਰ, ਰਮਨਦੀਪ ਸਿੰਘ ਲੰਡੇਕੇ, ਰਛਪਾਲ ਸਿੰਘ ਲੰਡੇਕੇ, ਵਿਕਰਮ ਲੰਡੇਕੇ, ਬਲਦੇਵ ਸਿੰਘ ਲੰਡੇਕੇ, ਹਰਦੀਪ ਸਿੰਘ ਲੰਡੇਕੇ, ਇਕਬਾਲ ਸਿੰਘ ਲੰਡੇਕੇ, ਜਗਦੀਪ ਸਿੰਘ ਲੰਢੇ ਕੇ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ, ਵਰਕਰ ਅਤੇ ਸਮਰਥਕ ਹਾਜ਼ਰ ਸਨ। ਸਮਾਗਮ ਦੌਰਾਨ ਨਵੇਂ ਸ਼ਾਮਲ ਹੋਏ ਆਗੂਆਂ ਨੇ ਕਾਂਗਰਸ ਦੀਆਂ ਨੀਤੀਆਂ ’ਤੇ ਭਰੋਸਾ ਜਤਾਉਂਦਿਆਂ ਪਾਰਟੀ ਨੂੰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਦਾ ਭਰੋਸਾ ਵੀ ਦਿੱਤਾ।
ਯੂਥ ਕਾਂਗਰਸ ਚੋਣਾਂ ਦੇ ਜੇਤੂ ਮਨਪ੍ਰੀਤ ਸਿੰਘ ਲੰਢੇ ਕੇ ਦਾ ਸਿਰੋਪਾਓ ਨਾਲ ਸਨਮਾਨ
ਇਸ ਦੌਰਾਨ ਪੰਜਾਬ ਯੂਥ ਕਾਂਗਰਸ ਦੀਆਂ ਚੋਣਾਂ ’ਚ ਮੋਗਾ ਹਲਕੇ ਤੋਂ ਹਲਕਾ ਪ੍ਰਧਾਨ ਚੁਣੇ ਗਏ ਮਨਪ੍ਰੀਤ ਸਿੰਘ ਲੰਡੇਕੇ ਨੂੰ ਵੀ ਵਿਸ਼ੇਸ਼ ਤੌਰ ’ਤੇ ਹਲਕਾ ਇੰਚਾਰਜ ਮੋਗਾ ਮਾਲਵਿਕਾ ਸੂਦ ਵਲੋਂ ਸਨਮਾਨਿਤ ਕੀਤਾ ਗਿਆ। ਮਾਲਵਿਕਾ ਸੂਦ ਨੇ ਉਨ੍ਹਾਂ ਨੂੰ ਸਿਰੋਪਾਓ ਭੇਟ ਕਰਦਿਆਂ ਵਧਾਈ ਦਿੱਤੀ ਅਤੇ ਆਸ ਪ੍ਰਗਟਾਈ ਕਿ ਉਨ੍ਹਾਂ ਦੀ ਅਗਵਾਈ ਹੇਠ ਯੂਥ ਕਾਂਗਰਸ ਹੋਰ ਮਜ਼ਬੂਤ ਹੋਵੇਗੀ ਅਤੇ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਏਗੀ। ਉਨ੍ਹਾਂ ਕਿਹਾ ਕਿ ਨੌਜਵਾਨ ਹੀ ਦੇਸ਼ ਅਤੇ ਸੂਬੇ ਦਾ ਭਵਿੱਖ ਹਨ ਅਤੇ ਕਾਂਗਰਸ ਹਮੇਸ਼ਾ ਨੌਜਵਾਨਾਂ ਨੂੰ ਅੱਗੇ ਲਿਆਉਣ ਲਈ ਵਚਨਬੱਧ ਰਹੀ ਹੈ। ਸਮਾਗਮ ਦੌਰਾਨ ਕਾਂਗਰਸੀ ਆਗੂਆਂ ਅਤੇ ਵਰਕਰਾਂ ਵਿਚ ਖਾਸਾ ਉਤਸ਼ਾਹ ਦੇਖਣ ਨੂੰ ਮਿਲਿਆ। ਆਗੂਆਂ ਨੇ ਵਿਸ਼ਵਾਸ ਜਤਾਇਆ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਮੋਗਾ ਹਲਕੇ ਸਮੇਤ ਪੰਜਾਬ ਭਰ ਵਿਚ ਮਜ਼ਬੂਤ ਪ੍ਰਦਰਸ਼ਨ ਕਰੇਗੀ ਅਤੇ ਲੋਕਾਂ ਦਾ ਭਰੋਸਾ ਜਿੱਤਣ ਵਿੱਚ ਕਾਮਯਾਬ ਰਹੇਗੀ।
ਖ਼ਬਰਾਂ
ਹਲਕਾ ਇੰਚਾਰਜ ਮਾਲਵਿਕਾ ਸੂਦ ਨੇ ਆਪ ਨੂੰ ਲਗਾਈ ਸੰਨ੍ਹ, ਬਲਦੇਵ ਸਿੰਘ ਸਾਥੀਆਂ ਸਮੇਤ ਕਾਂਗਰਸ ’ਚ ਸ਼ਾਮਲ
* ਕਾਂਗਰਸ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਅਤੇ ਵਿਚਾਰਧਾਰਾ ਤੋਂ ਪ੍ਰਭਾਵਿਤ ਲੋਕ ਲਗਾਤਾਰ ਕਾਂਗਰਸ ਨਾਲ ਜੁੜ ਰਹੇ : ਮਾਲਵਿਕਾ ਸੂਦ
28 ਜੂਨ 2026·

ਅInternational Punjabi News
ਇਹ ਖ਼ਬਰ ਸਾਂਝੀ ਕਰੋ:



