ਮੋਗਾ, 19 ਮਈ (ਲਛਮਣਜੀਤ ਸਿੰਘ ਪੁਰਬਾ) : ਆਮ ਆਦਮੀ ਪਾਰਟੀ ਦੀ ਵਿਧਾਇਕਾ ਡਾ: ਅਮਨਦੀਪ ਕੌਰ ਅਰੋੜਾ ਵੱਲੋਂ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਖ਼ਿਲਾਫ਼ ਮੋਗਾ ਵਿੱਚ ਦਾਇਰ ਮਾਣਹਾਨੀ ਦੇ ਕੇਸ ਵਿੱਚ ਅੱਜ ਮੋਗਾ ਅਦਾਲਤ ਵਿੱਚ ਸੁਣਵਾਈ ਹੋਈ। ਇਸ ਦੌਰਾਨ ਵਿਧਾਇਕਾ ਡਾ: ਅਮਨਦੀਪ ਕੌਰ ਅਰੋੜਾ ਜੇ.ਐਮ.ਆਈ.ਸੀ. ਆਸ਼ਿਮਾ ਸ਼ਰਮਾ ਦੀ ਅਦਾਲਤ ਵਿੱਚ ਪੇਸ਼ ਹੋਏ ਅਤੇ ਆਪਣੇ ਪੱਖ ਨਾਲ ਸਬੰਧਤ ਤੱਥ ਅਦਾਲਤ ਵਿੱਚ ਪੇਸ਼ ਕੀਤੇ।
ਦਰਅਸਲ, ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ, ਜੋ ਹਾਲ ਹੀ ਵਿੱਚ ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਈ ਹੈ, ਨੇ ਕਥਿਤ ਤੌਰ 'ਤੇ ਪੰਜਾਬ ਦੇ 'ਆਪ' ਵਿਧਾਇਕਾਂ ਬਾਰੇ 'ਭੇਡ-ਬੱਕਰੀ' ਵਰਗੀ ਟਿੱਪਣੀ ਕੀਤੀ ਸੀ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਮੁਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਵਿਧਾਇਕਾਂ ਨੂੰ ਨਾਲ ਲੈ ਕੇ ਰਾਸ਼ਟਰਪਤੀ ਨੂੰ ਦਿੱਲੀ ਮਿਲਣ ਗਏ ਸਨ। ਇਸ ਬਿਆਨ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ, ਜਿਸ ਤੋਂ ਬਾਅਦ ਮੋਗਾ ਦੀ ਵਿਧਾਇਕਾ ਡਾ: ਅਮਨਦੀਪ ਕੌਰ ਅਰੋੜਾ ਨੇ ਉਨ੍ਹਾਂ 'ਤੇ ਮਾਣਹਾਨੀ ਦਾ ਕੇਸ ਦਾਇਰ ਕਰ ਦਿੱਤਾ।
ਅਦਾਲਤ ਵਿੱਚ ਪੇਸ਼ ਹੋਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਡਾ: ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਜਨਤਾ ਵੱਲੋਂ ਚੁਣੇ ਗਏ ਵਿਧਾਇਕਾਂ ਵਿਰੁੱਧ ਅਜਿਹੀ ਭੱਦੀ ਅਤੇ ਅਪਮਾਨਜਨਕ ਟਿੱਪਣੀ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਵਿਧਾਇਕਾਂ ਦਾ ਹੀ ਨਹੀਂ ਸਗੋਂ ਉਨ੍ਹਾਂ ਲੋਕਾਂ ਦਾ ਵੀ ਅਪਮਾਨ ਹੈ ਜਿਨ੍ਹਾਂ ਨੇ ਲੋਕਤੰਤਰੀ ਢੰਗ ਨਾਲ ਆਪਣੇ ਨੁਮਾਇੰਦੇ ਚੁਣੇ ਹਨ।
ਉਨ੍ਹਾਂ ਅੱਗੇ ਕਿਹਾ ਕਿ ਇਸ ਤਰ੍ਹਾਂ ਦੀ ਭਾਸ਼ਾ ਨੂੰ ਸਮਾਜ ਵਿੱਚ ਪ੍ਰਫੁੱਲਤ ਨਹੀਂ ਕੀਤਾ ਜਾ ਸਕਦਾ, ਇਸ ਲਈ ਉਨ੍ਹਾਂ ਨੇ ਕਾਨੂੰਨੀ ਰਾਹ ਅਪਣਾਇਆ ਹੈ। ਵਿਧਾਇਕ ਨੇ ਕਿਹਾ ਕਿ ਅਦਾਲਤ ਵੱਲੋਂ ਸਵਾਤੀ ਮਾਲੀਵਾਲ ਨੂੰ ਨੋਟਿਸ ਜਾਰੀ ਕਰਨ ਦੀ ਪ੍ਰਕਿਰਿਆ ਨੂੰ ਅੱਗੇ ਵਧਾਇਆ ਜਾਵੇਗਾ।
"ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਪ੍ਰਤੀਨਿਧ ਅਨੁਸਾਰ ਇਸ ਮੁੱਦੇ ਨੂੰ ਲੈ ਕੇ ਸਿਆਸੀ ਹਲਕਿਆਂ ਵਿੱਚ ਵੀ ਚਰਚਾ ਤੇਜ਼ ਹੋ ਗਈ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਸਿਆਸਤ ਹੋਰ ਗਰਮਾਏ ਜਾਣ ਦੀ ਉਮੀਦ ਹੈ।