ਮੋਗਾ, 4 ਸਤੰਬਰ (ਜਸ਼ਨ ) : ਕਿਸਾਨਾਂ ਨੂੰ ਆਪਣੀ ਫਸਲ ਮੰਡੀਆਂ ਤੱਕ ਪਹੁੰਚਾਉਣ ਵਿੱਚ ਕਿਸੇ ਕਿਸਮ ਦੀ ਦਿੱਕਤ ਨਾ ਆਵੇ ਅਤੇ ਪੇਂਡੂ ਖੇਤਰਾਂ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ, ਇਸ ਮਕਸਦ ਨਾਲ ਮੋਗਾ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਗਈ। ਮਾਰਕੀਟ ਕਮੇਟੀ ਮੋਗਾ ਦੇ ਅਧੀਨ ਆਉਣ ਵਾਲੀਆਂ ਵੱਖ-ਵੱਖ ਮੰਡੀਆਂ ਨੂੰ ਜੋੜਨ ਵਾਲੀਆਂ ਲਿੰਕ ਸੜਕਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਇਨ੍ਹਾਂ ਸੜਕਾਂ ਦੇ ਨਿਰਮਾਣ ’ਤੇ ਕਰੀਬ 3 ਕਰੋੜ 18 ਲੱਖ ਰੁਪਏ ਖਰਚ ਕੀਤੇ ਜਾਣਗੇ। ਇਸ ਦੇ ਨਾਲ ਹੀ ਜ਼ਿਲ੍ਹਾ ਮੋਗਾ ਵਿੱਚ 1 ਕਰੋੜ 9 ਲੱਖ ਰੁਪਏ ਦੀ ਲਾਗਤ ਨਾਲ ਮੰਡੀ ਭਵਨ ਦਾ ਨਿਰਮਾਣ ਵੀ ਕਰਵਾਇਆ ਜਾ ਰਿਹਾ ਹੈ। ਇਨ੍ਹਾਂ ਵਿਕਾਸ ਕਾਰਜਾਂ ਨਾਲ ਕਿਸਾਨਾਂ ਨੂੰ ਆਪਣੀ ਫਸਲ ਮੰਡੀਆਂ ਤੱਕ ਲਿਜਾਣ ਵਿੱਚ ਸਹੂਲਤ ਮਿਲੇਗੀ ਅਤੇ ਪੇਂਡੂ ਖੇਤਰਾਂ ਵਿੱਚ ਆਵਾਜਾਈ ਦੀ ਵਿਵਸਥਾ ਵੀ ਬਿਹਤਰ ਹੋਵੇਗੀ। ਇਸ ਮੌਕੇ ਮਾਰਕੀਟ ਕਮੇਟੀ ਮੋਗਾ ਦੇ ਚੇਅਰਮੈਨ ਹਰਜਿੰਦਰ ਸਿੰਘ ਰੋਡੇ, ਮੋਗਾ ਨਗਰ ਨਿਗਮ ਦੀ ਮੇਅਰ ਵਿਨੈਪਾਲ ਕੌਰ, ਸੀਨੀਅਰ ਡਿਪਟੀ ਮੇਅਰ ਕਾਲਾ ਬਜਾਜ, ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਸਮੀਰ ਜੈਨ, ਸਬਜ਼ੀ ਮੰਡੀ ਦੇ ਪ੍ਰਧਾਨ ਜਗਦੀਪ ਸਿੰਘ ਜੱਗੂ, ਮੰਡੀ ਬੋਰਡ ਦੇ ਅਧਿਕਾਰੀ ਅਤੇ ਹੋਰ ਪਤਵੰਤੇ ਹਾਜ਼ਰ ਸਨ। ਇਸ ਮੌਕੇ ਹਲਕਾ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਸਹੂਲਤ ਨੂੰ ਮੁੱਖ ਤਰਜੀਹ ਦਿੰਦਿਆਂ ਲਗਾਤਾਰ ਵਿਕਾਸ ਕਾਰਜ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਤੱਕ ਪਹੁੰਚਣ ਵਾਲੀਆਂ ਸੜਕਾਂ ਦੇ ਬਿਹਤਰ ਹੋਣ ਨਾਲ ਕਿਸਾਨਾਂ ਨੂੰ ਆਪਣੀ ਫਸਲ ਲਿਆਉਣ ਅਤੇ ਲਿਜਾਣ ਵਿੱਚ ਵੱਡੀ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਹੈ ਕਿ ਕਿਸਾਨ ਨੂੰ ਖੇਤ ਤੋਂ ਮੰਡੀ ਤੱਕ ਆਪਣੀ ਫਸਲ ਪਹੁੰਚਾਉਣ ਵਿੱਚ ਘੱਟ ਤੋਂ ਘੱਟ ਮੁਸ਼ਕਲ ਦਾ ਸਾਹਮਣਾ ਕਰਨਾ ਪਵੇ। ਇਸ ਦੇ ਨਾਲ ਹੀ ਪਿੰਡਾਂ ਵਿੱਚ ਲੋੜੀਂਦੀਆਂ ਬੁਨਿਆਦੀ ਸਹੂਲਤਾਂ ਨੂੰ ਵੀ ਲਗਾਤਾਰ ਮਜ਼ਬੂਤ ਕੀਤਾ ਜਾ ਰਿਹਾ ਹੈ। ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਵਿਕਾਸ ਕਾਰਜ ਸਿਰਫ਼ ਸ਼ਹਿਰਾਂ ਤੱਕ ਸੀਮਤ ਨਹੀਂ ਰਹਿਣੇ ਚਾਹੀਦੇ, ਸਗੋਂ ਪਿੰਡਾਂ ਅਤੇ ਮੰਡੀਆਂ ਤੱਕ ਵੀ ਇਨ੍ਹਾਂ ਦਾ ਲਾਭ ਪਹੁੰਚਣਾ ਜ਼ਰੂਰੀ ਹੈ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਵਿੱਚ ਗੁਣਵੱਤਾ ਕਾਇਮ ਰੱਖਣ ਅਤੇ ਕੰਮ ਨਿਰਧਾਰਤ ਸਮੇਂ ਅੰਦਰ ਮੁਕੰਮਲ ਕਰਨ ਲਈ ਵੀ ਹਦਾਇਤਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਕਿਸਾਨਾਂ ਅਤੇ ਪੇਂਡੂ ਖੇਤਰਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਇਹ ਵਿਕਾਸ ਕਾਰਜ ਕਿਸਾਨਾਂ ਦੀ ਸਹੂਲਤ ਅਤੇ ਪੇਂਡੂ ਵਿਕਾਸ ਵੱਲ ਇੱਕ ਅਹਿਮ ਕਦਮ ਹਨ।
ਖ਼ਬਰਾਂ
ਕਿਸਾਨਾਂ ਦੀ ਸਹੂਲਤ ਲਈ ਲਿੰਕ ਸੜਕਾਂ ਦੇ ਵਿਕਾਸ ਕਾਰਜ ਸ਼ੁਰੂ
* ਮੰਡੀ ਭਵਨ ਦੇ ਨਿਰਮਾਣ ’ਤੇ ਖਰਚੇ ਜਾਣਗੇ 1.09 ਕਰੋੜ ਰੁਪਏ, ਕਿਸਾਨਾਂ ਨੂੰ ਬਿਹਤਰ ਸਹੂਲਤਾਂ ਦੇਣਾ ਪੰਜਾਬ ਸਰਕਾਰ ਦੀ ਤਰਜੀਹ : ਡਾ. ਅਮਨਦੀਪ ਕੌਰ ਅਰੋੜਾ
5 ਸਤੰਬਰ 2026·

ਅInternational Punjabi News
ਇਹ ਖ਼ਬਰ ਸਾਂਝੀ ਕਰੋ:



